ਨਵੀਂ ਦਿੱਲੀ- ਬਿਹਾਰ ਵਿਚ ਸਾਬਕਾ ਕੇਂਦਰੀ ਮੰਤਰੀ ਰਾਜ ਕੁਮਾਰ ਸਿੰਘ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਲਈ ਭਾਜਪਾ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਉਨ੍ਹਾਂ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਕਾਰਨ ਦੱਸਣ ਲਈ ਵੀ ਕਿਹਾ ਗਿਆ ਹੈ। ਇਕ ਭਾਜਪਾ ਆਗੂ ਨੇ ਕਿਹਾ ਕਿ ਇਸੇ ਤਰ੍ਹਾਂ ਦੀ ਕਾਰਵਾਈ ਤਹਿਤ ਪਾਰਟੀ ਨੇ ਐਮਐਲਸੀ ਅਸ਼ੋਕ ਕੁਮਾਰ ਅਗਰਵਾਲ ਅਤੇ ਉਨ੍ਹਾਂ ਦੀ ਪਤਨੀ ਊਸ਼ਾ ਅਗਰਵਾਲ, ਜੋ ਕਟਿਹਾਰ ਦੇ ਮੇਅਰ ਹਨ, ਨੂੰ ਵੀ ਮੁਅੱਤਲ ਕਰ ਦਿੱਤਾ ਹੈ। ਇਸ ਜੋੜੇ ਨੇ ਆਪਣੇ ਪੁੱਤਰ ਸੌਰਭ ਦੇ ਹੱਕ ਵਿਚ ਪ੍ਰਚਾਰ ਕੀਤਾ ਸੀ। ਉਨ੍ਹਾਂ ਦਾ ਪੁੱਤਰ ਵਿਕਾਸਸ਼ੀਲ ਇਨਸਾਨ ਪਾਰਟੀ ਦੀ ਟਿਕਟ ’ਤੇ ਕਟਿਹਾਰ ਵਿਧਾਨ ਸਭਾ ਸੀਟ ਤੋਂ ਭਾਜਪਾ ਦੇ ਮੌਜੂਦਾ ਵਿਧਾਇਕ ਅਤੇ ਸਾਬਕਾ ਉਪ ਮੁੱਖ ਮੰਤਰੀ ਤਾਰਕਿਸ਼ੋਰ ਪ੍ਰਸਾਦ ਖਿਲਾਫ ਚੋਣ ਲੜ ਰਿਹਾ ਸੀ।
ਨੌਕਰਸ਼ਾਹ ਤੋਂ ਸਿਆਸਤਦਾਨ ਬਣੇ ਸਿੰਘ ਜੋ ਕੇਂਦਰੀ ਗ੍ਰਹਿ ਸਕੱਤਰ ਵਜੋਂ ਸੇਵਾਮੁਕਤ ਹੋਣ ਤੋਂ ਕੁਝ ਮਹੀਨਿਆਂ ਬਾਅਦ 2014 ਵਿੱਚ ਭਾਜਪਾ ਵਿੱਚ ਸ਼ਾਮਲ ਹੋਏ ਸਨ, ਅਪਰਾਧਿਕ ਮਾਮਲਿਆਂ ਵਿੱਚ ਕਥਿਤ ਸ਼ਮੂਲੀਅਤ ਲਈ ਬਿਹਾਰ ਦੇ ਉਪ ਮੁੱਖ ਮੰਤਰੀ ਅਤੇ ਸਾਬਕਾ ਸੂਬਾ ਭਾਜਪਾ ਪ੍ਰਧਾਨ ਸਮਰਾਟ ਚੌਧਰੀ ਵਰਗੇ ਨੇਤਾਵਾਂ ਦੀ ਆਲੋਚਨਾ ਕਰਦੇ ਆ ਰਹੇ ਸਨ। ਉਹ ਪਿਛਲੇ ਸਾਲ ਲੋਕ ਸਭਾ ਚੋਣਾਂ ਵਿੱਚ ਲਗਾਤਾਰ ਤੀਜੀ ਵਾਰ ਆਪਣੀ ਆਰਾ ਲੋਕ ਸਭਾ ਸੀਟ ਬਰਕਰਾਰ ਰੱਖਣ ਵਿੱਚ ਅਸਫਲ ਰਹੇ। ਉਨ੍ਹਾਂ ਭਾਗਲਪੁਰ ਵਿੱਚ ਪਾਵਰ ਪਲਾਂਟ ਸਥਾਪਤ ਕਰਨ ਲਈ ਰਾਜ ਸਰਕਾਰ ਵਲੋਂ ਅਡਾਨੀ ਸਮੂਹ ਨਾਲ ਕੀਤੇ ਗਏ ਸੌਦੇ ਦੀ ਵੀ ਨਿਖੇਧੀ ਕੀਤੀ ਸੀ।

