PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਮਾਨ ਵੱਲੋਂ ਬੀਬੀਐੱਮਬੀ ਚਿੱਟਾ ਹਾਥੀ ਕਰਾਰ; ਨੰਗਲ ਡੈਮ ’ਤੇ ਧਰਨਾ ਸਮਾਪਤ

ਨੰਗਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਭਾਖੜਾ ਬਿਆਸ ਪ੍ਰਬੰਧਕੀ ਬੋਰਡ (ਬੀਬੀਐੱਮਬੀ) ਦੇ ਪੁਨਰਗਠਨ ਦਾ ਮੁੱਦਾ ਸ਼ਨਿੱਚਰਵਾਰ ਨੂੰ ਹੋਣ ਵਾਲੀ ਨੀਤੀ ਆਯੋਗ ਦੀ ਮੀਟਿੰਗ ਵਿੱਚ ਉਠਾਏਗੀ। ਇੱਥੇ ਰੈਲੀ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਇਸ ਮੁੱਦੇ ਨੂੰ ਪ੍ਰਧਾਨ ਮੰਤਰੀ ਦੀ ਪ੍ਰਧਾਨਗੀ ਹੇਠ ਹੋਣ ਵਾਲੀ ਮੀਟਿੰਗ ਵਿੱਚ ਉਠਾਉਣਗੇ। ਉਨ੍ਹਾਂ ਕਿਹਾ ਕਿ ਪਾਣੀ ਦਾ ਪੱਧਰ ਵਾਰ-ਵਾਰ ਬਦਲਣ ਕਾਰਨ ਹਰ ਜਲ ਸਮਝੌਤੇ ਦੀ 25 ਸਾਲਾਂ ਬਾਅਦ ਸਮੀਖਿਆ ਕੀਤੀ ਜਾਣੀ ਚਾਹੀਦੀ ਹੈ। ਮੁੱਖ ਮੰਤਰੀ ਨੇ ਅਫ਼ਸੋਸ ਪ੍ਰਗਟ ਕੀਤਾ ਕਿ ਜਿਸ ਤਰੀਕੇ ਨਾਲ ਬੀਬੀਐੱਮਬੀ ਸੂਬੇ ਦੇ ਪਾਣੀਆਂ ਦੇ ਜਾਇਜ਼ ਹਿੱਸੇ ਨੂੰ ਖੋਹਣ ਲਈ ਇੱਕ ਧਿਰ ਬਣ ਗਿਆ ਹੈ, ਉਹ ਮੰਦਭਾਗਾ ਅਤੇ ਬਹੁਤ ਹੀ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਨੇ ਇਸ ਸਾਲ ਮਾਰਚ ਵਿੱਚ ਆਪਣੇ ਹਿੱਸੇ ਦਾ ਪਾਣੀ ਖ਼ਤਮ ਕਰ ਦਿੱਤਾ ਸੀ ਪਰ ਬੀਬੀਐੱਮਬੀ ਨੇ ਕੇਂਦਰ ਅਤੇ ਹਰਿਆਣਾ ਸਰਕਾਰ ਦੀ ਕਠਪੁਤਲੀ ਵਾਂਗ ਕੰਮ ਕੀਤਾ ਤਾਂ ਜੋ ਸੂਬੇ ਦਾ ਪਾਣੀ ਖੋਹਿਆ ਜਾ ਸਕੇ। ਉਨ੍ਹਾਂ ਕਿਹਾ ਕਿ ਇਹ ਉਹੀ ਬੀਬੀਐੱਮਬੀ ਹੈ, ਜਿਸ ਨੇ ਆਪਣੇ ਬਹੁਤ ਹੀ ਮਹੱਤਵਪੂਰਨ ਪ੍ਰਾਜੈਕਟਾਂ ਲਈ ਪੰਜਾਬ ਤੋਂ 32 ਕਰੋੜ ਰੁਪਏ ਲਏ ਸਨ ਅਤੇ ਇਹ ਪੈਸਾ ਕਦੇ ਵੀ ਨਹੀਂ ਮੋੜਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦਾ ਬੀਬੀਐੱਮਬੀ ਕੋਲ ਲਗਪਗ 150 ਕਰੋੜ ਰੁਪਏ (ਸਹੀ ਰੂਪ ਵਿੱਚ 142 ਕਰੋੜ ਰੁਪਏ) ਬਕਾਇਆ ਪਿਆ ਹੈ ਅਤੇ ਸੂਬਾ ਸਰਕਾਰ ਜਲਦੀ ਇਸ ਪੈਸੇ ਦੀ ਵਸੂਲੀ ਲਈ ਦਾਅਵਾ ਕਰੇਗੀ। ਬੀਬੀਐੱਮਬੀ ਵੱਲੋਂ ਪੰਜਾਬ ਦੇ ਕੋਟੇ ਦੀਆਂ ਤਿੰਨ ਹਜ਼ਾਰ ਅਸਾਮੀਆਂ ਜਾਣ-ਬੁੱਝ ਕੇ ਨਹੀਂ ਭਰੀਆਂ ਗਈਆਂ ਤਾਂ ਜੋ ਪਾਣੀਆਂ ਉੱਤੇ ਸੂਬੇ ਦੇ ਦਾਅਵੇ ਨੂੰ ਕਮਜ਼ੋਰ ਕੀਤਾ ਜਾ ਸਕੇ। ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਅਸਾਮੀਆਂ ਨੂੰ ਜਲਦੀ ਭਰਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੀ ਪਾਕਿਸਤਾਨ ਨਾਲ ਲੱਗਦੀ 532 ਕਿਲੋਮੀਟਰ ਲੰਬੀ ਸਰਹੱਦ ਦੀ ਰਾਖੀ ਲਈ ਮਹਾਨ ਕੁਰਬਾਨੀਆਂ ਦੇਣ ਦਾ ਸ਼ਾਨਦਾਰ ਇਤਿਹਾਸ ਹੈ। ਮਾਨ ਨੇ ਕਿਹਾ ਕਿ ਇਸ ਵਾਰ ਵੀ ਪੰਜਾਬੀ, ਪਾਕਿਸਤਾਨੀ ਫੌਜ ਨੂੰ ਮੂੰਹ ਤੋੜ ਜਵਾਬ ਦੇਣ ਵਿੱਚ ਸਭ ਤੋਂ ਅੱਗੇ ਸਨ ਅਤੇ ਦੂਜੇ ਪਾਸੇ ਪੰਜਾਬੀਆਂ ਨੇ ਆਪਣੇ ਹਿੱਸੇ ਦਾ ਪਾਣੀ ਵੀ ਬਚਾਇਆ ਹੈ। ਬੀਬੀਐੱਮਬੀ ਨੂੰ ਚਿੱਟਾ ਹਾਥੀ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਮੌਜੂਦਾ ਰੂਪ ਵਿੱਚ ਪੂਰੀ ਤਰ੍ਹਾਂ ਵਿਅਰਥ ਅਤੇ ਅਸਵੀਕਾਰਨਯੋਗ ਹੈ। ਉਨ੍ਹਾਂ ਕਿਹਾ ਕਿ ਸਿਤਮਜ਼ਰੀਫੀ ਇਹ ਹੈ ਕਿ ਦੂਜੇ ਰਾਜਾਂ ਦੇ ਕਰਮਚਾਰੀਆਂ ਨੂੰ ਸੂਬੇ ਦੇ ਖਜ਼ਾਨੇ ਵਿੱਚੋਂ ਤਨਖਾਹ ਦਿੱਤੀ ਜਾ ਰਹੀ ਹੈ ਅਤੇ ਉਹ ਸਿਰਫ਼ ਪੰਜਾਬ ਦੇ ਹਿੱਤਾਂ ਨੂੰ ਨੁਕਸਾਨ ਪਹੁੰਚਾਉਂਦੇ ਹਨ। ਸਤਲੁਜ-ਯਮੁਨਾ ਲਿੰਕ ਨਹਿਰ ਦੀ ਬਜਾਏ ਯਮੁਨਾ-ਸਤਲੁਜ ਲਿੰਕ (ਵਾਈਐੱਸਐੱਲ) ਦੀ ਵਕਾਲਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਤਲੁਜ ਦਰਿਆ ਪਹਿਲਾਂ ਹੀ ਸੁੱਕ ਚੁੱਕਾ ਹੈ ਅਤੇ ਇਸ ਵਿੱਚੋਂ ਇੱਕ ਬੂੰਦ ਵੀ ਪਾਣੀ ਸਾਂਝਾ ਕਰਨ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ ਹੈ। ਉਨ੍ਹਾਂ ਕਿਹਾ ਕਿ ਇਸ ਦੀ ਬਜਾਏ ਗੰਗਾ ਅਤੇ ਯਮੁਨਾ ਦਾ ਪਾਣੀ ਸਤਲੁਜ ਦਰਿਆ ਰਾਹੀਂ ਪੰਜਾਬ ਨੂੰ ਸਪਲਾਈ ਕੀਤਾ ਜਾਣਾ ਚਾਹੀਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਰਕਬੇ ਵਿੱਚ ਛੋਟਾ ਹੋਣ ਦੇ ਬਾਵਜੂਦ ਹਰਿਆਣਾ ਨੂੰ ਪੰਜਾਬ ਨਾਲੋਂ ਵੱਧ ਪਾਣੀ ਮਿਲ ਰਿਹਾ ਹੈ ਅਤੇ ਦੁੱਖ ਦੀ ਗੱਲ ਇਹ ਹੈ ਕਿ ਉਹ ਪੰਜਾਬ ਦੇ ਹਿੱਸੇ ਦੇ ਪਾਣੀ ਦੀ ਮੰਗ ਕਰ ਰਿਹਾ ਹੈ। ਇਸ ਮੌਕੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ, ਹਰਭਜਨ ਸਿੰਘ ਈਟੀਓ, ਬਰਿੰਦਰ ਕੁਮਾਰ ਗੋਇਲ, ਹਰਦੀਪ ਸਿੰਘ ਮੁੰਡੀਆਂ, ਡਾ. ਸੰਜੀਵ ਗੌਤਮ, ਮਹਿੰਦਰ ਭਗਤ, ਦੀਪਕ ਸੋਨੀ, ਲਾਲਜੀਤ ਸਿੰਘ ਭੁੱਲਰ ਅਤੇ ਹੋਰ ਆਗੂ ਹਾਜ਼ਰ ਸਨ।

Related posts

ਕੁਝ ਦਿਨ ਪਹਿਲਾਂ ਸੁਸ਼ਾਂਤ ਦੀ ਸਾਬਕਾ ਮੈਨੇਜਰ ਨੇ ਕੀਤੀ ਸੀ ਖੁਦਕੁਸ਼ੀ

On Punjab

Mercedes EQS 580 SUV ਹੋਈ ਲਾਂਚ, ਮਿਲੇਗੀ 809 ਕਿਲੋਮੀਟਰ ਦੀ ਰੇਂਜ, ਸ਼ੁਰੂਆਤੀ ਕੀਮਤ 1.41 ਕਰੋੜ ਰੁਪਏ ਲਗਜ਼ਰੀ ਵਾਹਨ ਨਿਰਮਾਤਾ ਕੰਪਨੀ ਮਰਸਡੀਜ਼ ਭਾਰਤੀ ਬਾਜ਼ਾਰ ‘ਚ ਲਗਾਤਾਰ ਨਵੇਂ ਵਾਹਨ ਲਾਂਚ ਕਰ ਰਹੀ ਹੈ। ਇਸ ਸਿਲਸਿਲੇ ‘ਚ ਕੰਪਨੀ ਨੇ ਇਲੈਕਟ੍ਰਿਕ SUV ਸੈਗਮੈਂਟ ‘ਚ ਨਵੀਂ Mercedes EQS 580 SUV ਨੂੰ ਲਾਂਚ ਕੀਤਾ ਹੈ। ਕਿਸ ਕੀਮਤ ‘ਤੇ ਲਿਆਂਦਾ ਗਿਆ ਹੈ? ਇਸ ਵਿੱਚ ਕਿਸ ਤਰ੍ਹਾਂ ਦੀਆਂ ਫੀਚਰਜ਼ ਦਿੱਤੀਆਂ ਗਈਆਂ ਹਨ? ਇਸ ਨੂੰ ਪੂਰੇ ਚਾਰਜ ‘ਤੇ ਕਿੰਨੀ ਦੂਰ ਤੱਕ ਚਲਾਇਆ ਜਾ ਸਕਦਾ ਹੈ? ਆਓ ਜਾਣਦੇ ਹਾਂ।

On Punjab

ਪਾਕਿਸਤਾਨ : ਏਅਰਪੋਰਟ ’ਤੇ ਲੜਕੀ ਨੂੰ ਪਰੇਸ਼ਾਨ ਕਰਨ ਦੇ ਦੋਸ਼ ’ਚ ਅਧਿਕਾਰੀ ਮੁਅੱਤਲ, ਮੰਗ ਰਿਹਾ ਸੀ ਫੋਨ ਨੰਬਰ

On Punjab