ਨਵੀਂ ਦਿੱਲੀ- ਦਿੱਲੀ ਪੁਲੀਸ ਨਾਲ ਹੋਈ ਤਿੱਖੀ ਝੜਪ, ਰਾਹੁਲ ਗਾਂਧੀ ਸਮੇਤ ਹੋਰ ਵਿਰੋਧੀ ਆਗੂਆਂ ਨੂੰ ਹਿਰਾਸਤ ਵਿੱਚ ਲਏ ਜਾਣ ਅਤੇ ਕਈ ਪ੍ਰਦਰਸ਼ਨਕਾਰੀਆਂ ’ਤੇ ਐੱਫ.ਆਈ.ਆਰ. ਦਰਜ ਹੋਣ ਤੋਂ ਇੱਕ ਦਿਨ ਬਾਅਦ, ‘ਇੰਡੀਆ’ (INDIA) ਗੱਠਜੋੜ ਨੇ ਬੁੱਧਵਾਰ ਨੂੰ ਕਥਿਤ ‘ਵੋਟ ਚੋਰੀ’ ਖ਼ਿਲਾਫ਼ ਆਪਣੀ ਲੜਾਈ ਨੂੰ ਜੰਤਰ-ਮੰਤਰ ਲਿਜਾਣ ਦਾ ਫ਼ੈਸਲਾ ਕੀਤਾ ਹੈ। ਇਹ ਫ਼ੈਸਲਾ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਦੀ ਜਨਪਥ ਸਥਿਤ ‘ਸਾਗਰ ਰਤਨਾ’ ਰੈਸਟੋਰੈਂਟ ਵਿੱਚ ਦੁਪਹਿਰ ਦੇ ਖਾਣੇ ’ਤੇ ਹੋਈ ਬੈਠਕ ਤੋਂ ਬਾਅਦ ਲਿਆ ਗਿਆ, ਜਿੱਥੇ ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਨੇ ਅਗਲੀ ਰਣਨੀਤੀ ਬਣਾਉਣ ਲਈ ਆਗੂਆਂ ਦੀ ਮੇਜ਼ਬਾਨੀ ਕੀਤੀ। ਇਸ ਤੋਂ ਬਾਅਦ ਸੰਸਦ ਮੈਂਬਰ ਰੈਸਟੋਰੈਂਟ ਤੋਂ ਇੱਕ ਕਿਲੋਮੀਟਰ ਦੂਰ ਸਥਿਤ ਜੰਤਰ-ਮੰਤਰ ਲਈ ਬੱਸਾਂ ਵਿੱਚ ਸਵਾਰ ਹੋ ਕੇ ਰਵਾਨਾ ਹੋਏ, ਤਾਂ ਜੋ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਖ਼ਿਲਾਫ਼ ਚੱਲ ਰਹੀ ਮੁਹਿੰਮ ਨੂੰ ਜਾਰੀ ਰੱਖਿਆ ਜਾ ਸਕੇ।
ਖਾਣੇ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਾਹੁਲ ਗਾਂਧੀ ਨੇ ਕਿਹਾ ਕਿ ਲਗਪਗ 300 ਸੰਸਦ ਮੈਂਬਰ ਮੁੱਖ ਚੋਣ ਕਮਿਸ਼ਨਰ ਨਾਲ ਮੁਲਾਕਾਤ ਕਰਨਾ ਚਾਹੁੰਦੇ ਸਨ, ਪਰ ਉਨ੍ਹਾਂ ਨੂੰ ਚੋਣ ਕਮਿਸ਼ਨ ਦੇ ਬਾਹਰ ਪ੍ਰਦਰਸ਼ਨ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਗਈ। ਇਸ ਲਈ ਵਿਰੋਧੀ ਧਿਰ ਜੰਤਰ-ਮੰਤਰ ਜਾ ਕੇ ਇਕੱਠੇ ਬੈਠੇਗੀ। ਰਾਹੁਲ ਨੇ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਆਪਣੀ ਮੰਗ ਨੂੰ ਦੁਹਰਾਇਆ ਅਤੇ ਦੋਸ਼ ਲਾਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ, ਆਰ.ਐੱਸ.ਐੱਸ. ਮੁਖੀ ਮੋਹਨ ਭਾਗਵਤ ਅਤੇ ਮੁੱਖ ਚੋਣ ਕਮਿਸ਼ਨਰ ਨੇ ਦੇਸ਼ ਦੇ ਲੋਕਤੰਤਰ ਨੂੰ ਨੁਕਸਾਨ ਪਹੁੰਚਾਇਆ ਹੈ।
ਉਨ੍ਹਾਂ ‘ਵੋਟ ਚੋਰੀ’ ਦੇ ਦੋਸ਼ਾਂ ਨੂੰ ਦੁਹਰਾਉਂਦਿਆਂ ਕਿਹਾ ਕਿ ਇਸ ਦੇ ਜ਼ਿੰਮੇਵਾਰ ਲੋਕਾਂ ਦੀ ਜਵਾਬਦੇਹੀ ਤੈਅ ਕੀਤੀ ਜਾਵੇਗੀ। ਮੰਗਲਵਾਰ ਦੇ ਪ੍ਰਦਰਸ਼ਨ ਤੋਂ ਬਾਅਦ ਦਰਜ ਹੋਈ ਐੱਫ.ਆਈ.ਆਰ. ਬਾਰੇ ਪੁੱਛੇ ਜਾਣ ’ਤੇ ਕਾਂਗਰਸ ਆਗੂ ਨੇ ਇਸ ਨੂੰ ਖਾਰਜ ਕਰਦਿਆਂ ਕਿਹਾ ਕਿ ਉਨ੍ਹਾਂ ’ਤੇ ਪਹਿਲਾਂ ਹੀ 45 ਐੱਫ.ਆਈ.ਆਰ. ਦਰਜ ਹਨ ਅਤੇ ਉਹ ਚਾਹੁੰਦੇ ਹਨ ਕਿ ਇਹ ਗਿਣਤੀ 100 ਤੱਕ ਪਹੁੰਚ ਜਾਵੇ। ਉਨ੍ਹਾਂ ਹਰੇਕ ਐੱਫ.ਆਈ.ਆਰ. ਨੂੰ ਆਪਣੇ ਲਈ ਇੱਕ ‘ਮੈਡਲ’ ਕਰਾਰ ਦਿੱਤਾ। ਕਾਂਗਰਸ ਦੇ ਰਾਜ ਸਭਾ ਮੈਂਬਰ ਅਤੇ ਬੁਲਾਰੇ ਪਵਨ ਖੇੜਾ ਨੇ ਕਿਹਾ, “ਅਮਿਤ ਸ਼ਾਹ ਦੇ ਅਧੀਨ ਆਉਂਦੀ ਦਿੱਲੀ ਪੁਲੀਸ ਸਾਨੂੰ ਰਾਜਧਾਨੀ ’ਚ ਕਿਤੇ ਵੀ ਪ੍ਰਦਰਸ਼ਨ ਕਰਨ ਦੀ ਇਜਾਜ਼ਤ ਨਹੀਂ ਦੇ ਰਹੀ, ਇਸ ਲਈ ਵਿਰੋਧੀ ਪਾਰਟੀਆਂ ਦੇ ਸੰਸਦ ਮੈਂਬਰਾਂ ਨੂੰ ਲੈ ਕੇ ਸਾਰੀਆਂ ਬੱਸਾਂ ਹੁਣ ਜੰਤਰ-ਮੰਤਰ ਵੱਲ ਜਾ ਰਹੀਆਂ ਹਨ, ਜੋ ਕਿ ਪੁਰਅਮਨ ਪ੍ਰਦਰਸ਼ਨਾਂ ਲਈ ਨਿਰਧਾਰਤ ਥਾਂ ਹੈ। ਧਾਰਾ 19 ਸਾਨੂੰ ਜਮਹੂਰੀ ਪ੍ਰਦਰਸ਼ਨ ਦਾ ਸੰਵਿਧਾਨਕ ਹੱਕ ਦਿੰਦੀ ਹੈ।” ਕਾਂਗਰਸੀ ਸੰਸਦ ਮੈਂਬਰ ਦੀਪੇਂਦਰ ਹੁੱਡਾ ਨੇ ਕਿਹਾ ਕਿ ਆਗੂ ਪੁਲੀਸ ਕੇਸਾਂ ਤੋਂ ਡਰਨ ਵਾਲੇ ਨਹੀਂ ਹਨ ਅਤੇ ‘ਲੋਕਤੰਤਰ ਅਤੇ ਸੰਵਿਧਾਨ ਬਚਾਓ’ ਮੁਹਿੰਮ ਜਾਰੀ ਰਹੇਗੀ। ਹੁੱਡਾ ਨੇ ਦੱਸਿਆ ਕਿ ਉਨ੍ਹਾਂ ਨੂੰ ਪਤਾ ਲੱਗਾ ਹੈ ਕਿ ਉਨ੍ਹਾਂ ਦਾ ਨਾਂ ਵੀ ਐੱਫ.ਆਈ.ਆਰ. ਵਿੱਚ ਸ਼ਾਮਲ ਕੀਤਾ ਗਿਆ ਹੈ, ਪਰ ਉਨ੍ਹਾਂ ਸਪੱਸ਼ਟ ਕੀਤਾ ਕਿ ਵਿਰੋਧੀ ਆਗੂ ਇਕੱਠੇ ਹੋਏ ਸਨ ਅਤੇ ਆਪਣਾ ਸਿਆਸੀ ਪ੍ਰੋਗਰਾਮ ਜਾਰੀ ਰੱਖਣਗੇ।

