ਚੰਡੀਗੜ੍ਹ- ਚੰਡੀਗੜ੍ਹ ਪ੍ਰਸ਼ਾਸਨ ਨੇ ਵਿੱਤ ਵਰ੍ਹੇ 2025-26 ਲਈ ਨਵੀਂ ਆਬਕਾਰੀ ਨੀਤੀ ਦਾ ਅੱਜ ਐਲਾਨ ਕਰ ਦਿੱਤਾ ਹੈ। ਇਸ ਵਾਰ ਯੂਟੀ ਪ੍ਰਸ਼ਾਸਨ ਨੇ ਸ਼ਰਾਬ ਦੀਆਂ ਕੀਮਤਾਂ ਵਿੱਚ ਕੋਈ ਵੀ ਬਦਲਾਅ ਨਹੀਂ ਕੀਤਾ। ਹੁਣ ਸ਼ਹਿਰ ਵਿੱਚ ਪਹਿਲਾਂ ਵਾਲੀਆਂ ਕੀਮਤਾਂ ’ਤੇ ਹੀ ਸ਼ਰਾਬ ਵਿਕੇਗੀ। ਇਹ ਨੀਤੀ ਪਹਿਲੀ ਅਪਰੈਲ 2025 ਤੋਂ 31 ਮਾਰਚ 2026 ਤੱਕ ਜਾਰੀ ਰਹੇਗੀ। ਯੂਟੀ ਪ੍ਰਸ਼ਾਸਨ ਨੇ ਨਵੀਂ ਆਬਕਾਰੀ ਨੀਤੀ ਰਾਹੀਂ ਆਬਕਾਰੀ ਤੋਂ 800 ਕਰੋੜ ਰੁਪਏ ਕਮਾਉਣ ਦਾ ਟੀਚਾ ਮਿਥਿਆ ਹੈ। ਹਾਲਾਂਕਿ ਇਹ ਟੀਚਾ ਪਿਛਲੇ ਸਾਲ ਨਾਲੋਂ ਦੋ ਕਰੋੜ ਰੁਪਏ ਘੱਟ ਹੈ। ਯੂਟੀ ਪ੍ਰਸ਼ਾਸਨ ਨੇ ਪਿਛਲੇ ਸਾਲ ਆਬਕਾਰੀ ਤੋਂ ਇਕ ਹਜ਼ਾਰ ਕਰੋੜ ਰੁਪਏ ਕਮਾਉਣ ਦਾ ਟੀਚਾ ਮਿਥਿਆ ਸੀ ਪਰ 12 ਸ਼ਰਾਬ ਦੇ ਠੇਕੇ ਨਿਲਾਮ ਨਾ ਹੋਣ ਕਰਕੇ ਯੂਟੀ ਪ੍ਰਸ਼ਾਸਨ 743 ਕਰੋੜ ਰੁਪਏ ਹੀ ਕਮਾ ਸਕਿਆ ਸੀ।ਯੂਟੀ ਪ੍ਰਸ਼ਾਸਨ ਵੱਲੋਂ ਜਾਰੀ ਆਬਕਾਰੀ ਨੀਤੀ ਅਨੁਸਾਰ ਕਰ ਤੇ ਆਬਕਾਰੀ ਵਿਭਾਗ ਵੱਲੋਂ ਇਸ ਸਾਲ ਸ਼ਹਿਰ ਵਿੱਚ 97 ਸ਼ਰਾਬ ਦੇ ਠੇਕੇ ਨਿਲਾਮ ਕੀਤੇ ਜਾਣਗੇ। ਇਨ੍ਹਾਂ ਸ਼ਰਾਬ ਦੇ ਠੇਕਿਆਂ ਦੀ ਰਾਖਵੀਂ ਕੀਮਤ 443.56 ਕਰੋੜ ਰੁਪਏ ਤੈਅ ਕੀਤੀ ਗਈ ਹੈ, ਜੋ ਕਿ ਮੌਜੂਦਾ ਵਿੱਤ ਵਰ੍ਹੇ ਨਾਲੋਂ 8.78 ਕਰੋੜ ਰੁਪਏ ਘੱਟ ਹੈ। ਇਸ ਵਾਰ ਸ਼ਹਿਰ ਵਿੱਚ ਸ਼ਰਾਬ ਦੇ ਠੇਕਿਆਂ ਦੀ ਨਿਲਾਮੀ ਪ੍ਰਕਿਰਿਆ 13 ਮਾਰਚ ਤੋਂ ਸ਼ੁਰੂ ਹੋਵੇਗੀ। ਪ੍ਰਾਪਤ ਜਾਣਕਾਰੀ ਅਨੁਸਾਰ ਯੂਟੀ ਪ੍ਰਸ਼ਾਸਨ ਨੇ ਮੁਹਾਲੀ ਦੇ ਨਾਲ ਲੱਗਦੇ ਪਿੰਡ ਪਲਸੋਰਾ ਵਿੱਚ ਸ਼ਰਾਬ ਦੇ ਠੇਕੇ ਦੀ ਰਾਖਵੀਂ ਕੀਮਤ 10.22 ਕਰੋੜ ਰੁਪਏ ਨਿਰਧਾਰਿਤ ਕੀਤੀ ਹੈ। ਇਸੇ ਤਰ੍ਹਾਂ, ਧਨਾਸ ਵਿੱਚ ਠੇਕੇ ਦੀ ਰਾਖਵੀਂ ਕੀਮਤ 8.71 ਕਰੋੜ ਰੁਪਏ ਅਤੇ ਖੁੱਡਾ ਲਾਹੌਰਾ ਵਿੱਚ 7.56 ਕਰੋੜ ਰੁਪਏ ਨਿਰਧਾਰਿਤ ਕੀਤੀ ਗਈ ਹੈ।
ਚੰਡੀਗੜ੍ਹ ਦੇ ਕਰ ਤੇ ਆਬਕਾਰੀ ਦੇ ਵਕੀਲ ਸਚਿਤ ਜੈਸਵਾਲ ਨੇ ਕਿਹਾ ਕਿ ਇਹ ਨੀਤੀ ‘ਨਵੀਂ ਬੋਤਲ ਵਿੱਚ ਪੁਰਾਣੀ ਸ਼ਰਾਬ’ ਵਰਗੀ ਹੈ। ਯੂਟੀ ਪ੍ਰਸ਼ਾਸਨ ਨੇ ਨਵੀਂ ਆਬਕਾਰੀ ਨੀਤੀ ਵਿੱਚ ਪੰਜਾਬ ਦੇ ਮੁਕਾਬਲੇ ਵੈਟ, ਐਕਸਾਈਜ਼ ਡਿਊਟੀ ਵਿੱਚ ਕੋਈ ਰਾਹਤ ਨਹੀਂ ਦਿੱਤੀ ਹੈ। ਇਸ ਨਾਲ ਸ਼ਰਾਬ ਦੇ ਠੇਕੇਦਾਰਾਂ ਲਈ ਗਾਹਕਾਂ ਨੂੰ ਆਕਰਸ਼ਿਤ ਕਰਨਾ ਮੁਸ਼ਕਲ ਹੋਵੇਗਾ।