PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਰਾਹੁਲ ਗਾਂਧੀ ਨੂੰ ਸਿਰੋਪਾ: ਸ਼੍ਰੋਮਣੀ ਕਮੇਟੀ ਵੱਲੋਂ ਚਾਰ ਮੁਲਾਜ਼ਮਾਂ ਖਿਲਾਫ਼ ਕਾਰਵਾਈ

ਅੰਮ੍ਰਿਤਸਰ- ਗੁਰਦੁਆਰਾ ਬਾਬਾ ਬੁੱਢਾ ਸਾਹਿਬ ਜੀ ਰਮਦਾਸ ਵਿਖੇ ਕਾਂਗਰਸ ਆਗੂ ਰਾਹੁਲ ਗਾਂਧੀ ਦੀ ਆਮਦ ਮੌਕੇ ਗੁਰਦੁਆਰਾ ਸਾਹਿਬ ਅੰਦਰ ਹੋਈ ਮਰਯਾਦਾ ਦੀ ਉਲੰਘਣਾ ਅਤੇ ਸਨਮਾਨ ਸਬੰਧੀ ਸ਼੍ਰੋਮਣੀ ਕਮੇਟੀ ਦੇ ਫੈਸਲੇ ਵਿਰੁੱਧ ਜਾਣ ਕਰਕੇ 4 ਦੋਸ਼ੀ ਮੁਲਾਜ਼ਮਾਂ ਖ਼ਿਲਾਫ਼ ਕਾਰਵਾਈ ਕੀਤੀ ਗਈ ਹੈ। ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਲੰਘੇ ਦਿਨੀਂ ਕਾਂਗਰਸ ਆਗੂ ਦੇ ਗੁਰਦੁਆਰਾ ਬਾਬਾ ਬੁੱਢਾ ਸਾਹਿਬ ਜੀ ਰਮਦਾਸ ਵਿਖੇ ਆਉਣ ਸਮੇਂ ਹੋਈ ਮਰਯਾਦਾ ਦੀ ਉਲੰਘਣਾ ਸਬੰਧੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ’ਤੇ ਪੜਤਾਲ ਕਰਵਾਈ ਗਈ ਸੀ।

ਪੜਤਾਲ ਰਿਪੋਰਟ ਅੱਜ ਮਿਲਣ ਮਗਰੋਂ ਦੋਸ਼ੀਆਂ ਖ਼ਿਲਾਫ਼ ਕਾਰਵਾਈ ਕੀਤੀ ਗਈ ਹੈ। ਇਸ ਵਿਚ ਕਥਾਵਾਚਕ ਭਾਈ ਪਲਵਿੰਦਰ ਸਿੰਘ ਤੇ ਸੇਵਾਦਾਰ ਭਾਈ ਹਰਵਿੰਦਰ ਸਿੰਘ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ, ਜਦਕਿ ਇਵਜ਼ੀ ਤੌਰ ’ਤੇ ਸੇਵਾ ਨਿਭਾਅ ਰਹੇ ਗ੍ਰੰਥੀ ਭਾਈ ਕੁਲਵਿੰਦਰ ਸਿੰਘ ਦੀਆਂ ਸੇਵਾਵਾਂ ਸਮਾਪਤ ਕਰ ਦਿੱਤੀਆਂ ਗਈਆਂ ਹਨ। ਇਸ ਦੇ ਨਾਲ ਹੀ ਮੈਨੇਜਰ ਪ੍ਰਗਟ ਸਿੰਘ ਨੂੰ ਚੇਤਾਵਨੀ ਦਿੰਦਿਆਂ ਉਸ ਦਾ ਤਬਾਦਲਾ ਕਰ ਦਿੱਤਾ ਗਿਆ ਹੈ।

ਸ਼੍ਰੋਮਣੀ ਕਮੇਟੀ ਦੇ ਸਕੱਤਰ ਨੇ ਦੱਸਿਆ ਕਿ ਪੜਤਾਲੀਆਂ ਰਿਪੋਰਟ ਵਿਚ ਇਹ ਪੱਖ ਸਾਹਮਣੇ ਆਇਆ ਹੈ ਕਿ ਕਾਂਗਰਸ ਆਗੂ ਗੁਰਦੁਆਰਾ ਸਾਹਿਬ ਦੇ ਦਰਬਾਰ ਵਿਚ ਨਿਰਧਾਰਤ ਜੰਗਲੇ ਦੇ ਅੰਦਰ ਗਏ ਸਨ, ਜੋ ਮਰਯਾਦਾ ਦਾ ਸਿੱਧੇ ਤੌਰ ’ਤੇ ਉਲੰਘਣ ਹੈ। ਉਨ੍ਹਾਂ ਕਿਹਾ ਕਿ ਇਸ ਨਿਰਧਾਰਤ ਅਸਥਾਨ ’ਤੇ ਜਾਣ ਲਈ ਇਕ ਨੀਯਤ ਬਾਣਾ ਵੀ ਲਾਜ਼ਮੀ ਹੁੰਦਾ ਹੈ ਅਤੇ ਅੰਦਰ ਦੀ ਸੇਵਾ ਨਿਭਾਉਣ ਵਾਲੇ ਗ੍ਰੰਥੀ, ਸੇਵਾਦਾਰਾਂ ਅਤੇ ਸਬੰਧਤ ਮੁਲਾਜ਼ਮਾਂ ਤੋਂ ਇਲਾਵਾ ਕੋਈ ਵੀ ਬਾਹਰੀ ਵਿਅਕਤੀ ਜੰਗਲੇ ਦੇ ਅੰਦਰ ਨਹੀਂ ਜਾ ਸਕਦਾ।

ਇਸ ਤੋਂ ਇਲਾਵਾ ਕਾਂਗਰਸ ਆਗੂਆਂ ਨੂੰ ਦਰਬਾਰ ਦੇ ਅੰਦਰ ਸਿਰੋਪਾਓ ਦੇਣ ਸਮੇਂ ਵੀ ਬੀਤੇ ਵਿਚ ਅੰਤ੍ਰਿੰਗ ਕਮੇਟੀ ਵੱਲੋਂ ਕੀਤੇ ਫੈਸਲੇ ਦੀ ਉਲੰਘਣਾ ਹੋਈ ਹੈ। ਸ਼੍ਰੋਮਣੀ ਕਮੇਟੀ ਦੇ ਇਸ ਫੈਸਲੇ ਅਨੁਸਾਰ ਦਰਬਾਰ ਦੇ ਅੰਦਰ ਕਿਸੇ ਵੀ ਵੀਆਈਪੀ (ਵਿਸ਼ੇਸ਼ ਵਿਅਕਤੀਆਂ) ਨੂੰ ਸਿਰੋਪਾਓ ਨਹੀਂ ਦਿੱਤਾ ਜਾ ਸਕਦਾ। ਇਨ੍ਹਾਂ ਦੋਹਾਂ ਕਾਰਨਾਂ ਦੇ ਮੱਦੇਨਜ਼ਰ ਪੜਤਾਲੀਆ ਰਿਪੋਰਟ ਦੇ ਆਧਾਰ ’ਤੇ ਮੁਲਾਜ਼ਮਾਂ ’ਤੇ ਕਾਰਵਾਈ ਨੂੰ ਅਮਲ ਵਿਚ ਲਿਆਂਦਾ ਗਿਆ ਹੈ।

Related posts

2026 ਤੱਕ ਪੰਜਾਬੀਆਂ ਨੂੰ ਨਹੀਂ ਲੱਭੇਗਾ ਪੀਣ ਲਈ ਪਾਣੀ, ਚੇਤਾਵਨੀਆਂ ਤੋਂ 10 ਸਾਲ ਬਾਅਦ ਜਾਗੀ ਸਰਕਾਰ

On Punjab

12 ਘੰਟੇ ’ਚ ਸੁਲਝੀ ਭਾਜਪਾ ਆਗੂ ਦੇ ਘਰ ’ਤੇ ਗ੍ਰੇਨੇਡ ਹਮਲੇ ਦੀ ਗੁੱਥੀ, 2 ਸ਼ੱਕੀ ਕਾਬੂ

On Punjab

ਭਾਰਤੀ ਮੂਲ ਦੀ ਦਰਸ਼ਨਾ ਪਟੇਲ ਅਮਰੀਕਾ ‘ਚ ਲੜੇਗੀ ਕੈਲੀਫੋਰਨੀਆ ਸਟੇਟ ਅਸੈਂਬਲੀ ਦੀ ਚੋਣ, ਜਾਣੋ ਉਨ੍ਹਾਂ ਬਾਰੇ

On Punjab