ਉਤਰਾਖੰਡ- ਉਤਰਾਖੰਡ ਵਿੱਚ ਲਗਾਤਾਰ ਪੈ ਰਹੇ ਮੀਂਹ ਦਰਮਿਆਨ ਸ਼ੁੱਕਰਵਾਰ ਨੂੰ ਰੁਦਰਪ੍ਰਯਾਗ ਅਤੇ ਚਮੋਲੀ ਜ਼ਿਲ੍ਹਿਆਂ ਵਿੱਚ ਬੱਦਲ ਫਟਣ ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ। ਇਨ੍ਹਾਂ ਘਟਨਾਵਾਂ ਵਿਚ ਭਾਰੀ ਮਲਬਾ ਵਹਿਣ ਕਾਰਨ ਕਈ ਪਰਿਵਾਰਾਂ ਦੇ ਫਸੇ ਹੋਣ ਦਾ ਖ਼ਦਸ਼ਾ ਹੈ। ਇਹ ਆਫ਼ਤ ਰੁਦਰਪ੍ਰਯਾਗ ਜ਼ਿਲ੍ਹੇ ਦੀ ਬਸੁਕੇਦਾਰ ਤਹਿਸੀਲ ਅਧੀਨ ਆਉਂਦੇ ਬਰੇਠ ਡੂੰਗਰ ਤੋਕ ਅਤੇ ਚਮੋਲੀ ਜ਼ਿਲ੍ਹੇ ਦੇ ਦੇਵਾਲ ਖੇਤਰ ਵਿੱਚ ਆਈ। ਮਲਬੇ ਦੇ ਵਹਾਅ ਨੇ ਪਿੰਡਾਂ ਵਿੱਚ ਤਬਾਹੀ ਮਚਾ ਦਿੱਤੀ। ਸੀਨੀਅਰ ਭਾਜਪਾ ਆਗੂ ਵਿਨੈ ਭੱਟ ਨੇ ਕਿਹਾ ਕਿ ਮੰਦਾਕਿਨੀ ਨਦੀ ਪੂਰੀ ਤਰ੍ਹਾਂ ਚੜ੍ਹੀ ਹੋਈ ਹੈ।
ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਘਟਨਾ ਦੀ ਪੁਸ਼ਟੀ ਕਰਦੇ ਹੋਏ ਸੋਸ਼ਲ ਮੀਡੀਆ ਪਲੈਟਫਾਰਮ ਐਕਸ ’ਤੇ ਦੱਸਿਆ ਕਿ ਰਾਹਤ ਅਤੇ ਬਚਾਅ ਕਾਰਜ ਜੰਗੀ ਪੱਧਰ ’ਤੇ ਚੱਲ ਰਹੇ ਹਨ। ਉਨ੍ਹਾਂ ਨੇ ਆਫ਼ਤ ਪ੍ਰਬੰਧਨ ਸਕੱਤਰ ਅਤੇ ਦੋਵਾਂ ਜ਼ਿਲ੍ਹਿਆਂ ਦੇ ਜ਼ਿਲ੍ਹਾ ਮੈਜਿਸਟਰੇਟਾਂ ਨੂੰ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ। ਧਾਮੀ ਨੇ ਕਿਹਾ ਕਿ ਉਹ ਲਗਾਤਾਰ ਪ੍ਰਸ਼ਾਸਨ ਦੇ ਸੰਪਰਕ ਵਿੱਚ ਹਨ ਅਤੇ ਹਾਲਾਤ ਦੀ ਨਿਗਰਾਨੀ ਕਰ ਰਹੇ ਹਨ। ਚਮੋਲੀ ਦੇ ਜ਼ਿਲ੍ਹਾ ਮੈਜਿਸਟਰੇਟ ਸੰਦੀਪ ਤਿਵਾੜੀ ਨੇ ਕਿਹਾ ਕਿ ਘਟਨਾ ਤੋਂ ਬਾਅਦ ਦੋ ਲੋਕ ਲਾਪਤਾ ਹਨ, ਜਦੋਂ ਕਿ ਕਈ ਪਸ਼ੂ ਮਲਬੇ ਹੇਠ ਦੱਬੇ ਹੋਏ ਹਨ। ਲਗਾਤਾਰ ਮੀਂਹ ਕਾਰਨ ਜ਼ਿਲ੍ਹੇ ਵਿੱਚ ਕਈ ਸੜਕਾਂ ਬੰਦ ਹੋਣ ਕਾਰਨ ਰਾਹਤ ਅਤੇ ਬਚਾਅ ਕਾਰਜਾਂ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਐਮਰਜੈਂਸੀ ਟੀਮਾਂ ਨੂੰ ਮੌਕੇ ’ਤੇ ਭੇਜਿਆ ਗਿਆ ਹੈ ਅਤੇ ਪ੍ਰਭਾਵਿਤ ਪਿੰਡਾਂ ਤੋਂ ਲੋਕਾਂ ਨੂੰ ਸੁਰੱਖਿਅਤ ਕੱਢਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।ਕਾਬਿਲੇਗੌਰ ਹੈ ਕਿ ਮੌਨਸੂਨ ਦੀ ਸ਼ੁਰੂਆਤ ਤੋਂ ਹੀ ਉੱਤਰਾਖੰਡ ਵਿੱਚ ਬੱਦਲ ਫਟਣ ਅਤੇ ਅਚਾਨਕ ਹੜ੍ਹਾਂ ਦੀਆਂ ਘਟਨਾਵਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ। ਇਸ ਤੋਂ ਪਹਿਲਾਂ 22 ਅਗਸਤ ਨੂੰ ਚਮੋਲੀ ਜ਼ਿਲ੍ਹੇ ਦੇ ਥਰਾਲੀ ਖੇਤਰ ਵਿੱਚ ਵੀ ਬੱਦਲ ਫਟਣ ਨਾਲ ਭਾਰੀ ਨੁਕਸਾਨ ਹੋਇਆ ਸੀ।

