ਮਾਨਸਾ- ਮਾਨਸਾ ਵਿਖੇ ਦਲਜੀਤ ਸਿੰਘ ਦੀ ਮ੍ਰਿਤਕ ਦੇਹ ਨੂੰ ਲੈ ਕੇ ਹੋਏ ਵਿਵਾਦ ਮਗਰੋਂ ਗ੍ਰਿਫ਼ਤਾਰ ਕੀਤੇ ਗਏ ਲੱਖਾ ਸਿਧਾਣਾ ਅਤੇ ਮੋਹਨਜੀਤ ਸਿੰਘ ਸ਼ੇਰੋਂ ਨੂੰ ਵੀਰਵਾਰ ਸ਼ਾਮ ਕਰੀਬ 6 ਵਜੇ ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਤੋਂ ਰਿਹਾਅ ਕਰ ਦਿੱਤਾ ਗਿਆ। ਉਨ੍ਹਾਂ ਦੀ ਰਿਹਾਈ ਮੌਕੇ ਸੈਂਕੜਿਆਂ ਦੀ ਗਿਣਤੀ ਵਿੱਚ ਸਮਰਥਕ ਜੇਲ੍ਹ ਦੇ ਬਾਹਰ ਇਕੱਠੇ ਹੋਏ, ਜਿਨ੍ਹਾਂ ਨੇ ਦੋਵਾਂ ਆਗੂਆਂ ਨੂੰ ਸਿਰੋਪਾਓ ਭੇਟ ਕਰਕੇ ਅਤੇ ਫੁੱਲਾਂ ਦੀ ਵਰਖਾ ਕਰਦਿਆਂ ਸਵਾਗਤ ਕੀਤਾ। ਰਿਹਾਈ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਲੱਖਾ ਸਿਧਾਣਾ ਅਤੇ ਮੋਹਨਜੀਤ ਸਿੰਘ ਸ਼ੇਰੋਂ ਨੇ ਕਿਹਾ ਕਿ ਹਿਰਾਸਤ ਵਿੱਚ ਰਹਿਣ ਕਾਰਨ ਉਨ੍ਹਾਂ ਨੂੰ ਮੋਰਚੇ, ਪਰਵਿੰਦਰ ਸਿੰਘ ਝੋਟੇ ਦੇ ਪਰਿਵਾਰ ਅਤੇ ਪੰਜਾਬ ਸਰਕਾਰ ਦਰਮਿਆਨ ਹੋਈਆਂ ਘਟਨਾਵਾਂ ਬਾਰੇ ਕੋਈ ਜਾਣਕਾਰੀ ਨਹੀਂ ਹੈ। ਉਨ੍ਹਾਂ ਕਿਹਾ ਕਿ ਜੇਲ੍ਹ ਤੋਂ ਨਿਕਲਣ ਉਪਰੰਤ ਉਹ ਸਿੱਧੇ ਮੋਰਚੇ ਵਿੱਚ ਸ਼ਾਮਲ ਹੋਣ ਲਈ ਜਾਣਗੇ।
ਲੱਖਾ ਸਿਧਾਣਾ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਪਰਵਿੰਦਰ ਸਿੰਘ ਝੋਟੇ ਨੇ ਪੰਜਾਬ ਦੇ ਨੌਜਵਾਨਾਂ ਲਈ ਆਪਣੀ ਜਾਨ ਕੁਰਬਾਨ ਕੀਤੀ ਹੈ ਅਤੇ ਉਨ੍ਹਾਂ ਦੀ ਸ਼ਹਾਦਤ ਦਾ ਸਨਮਾਨ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨਾਲ ਮੁਲਾਕਾਤ ਤੋਂ ਬਾਅਦ ਝੋਟੇ ਦੇ ਪਿਤਾ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਜਾਂ ਉਨ੍ਹਾਂ ਦਾ ਕਿਰਦਾਰ-ਹਨਨ ਕੀਤਾ ਜਾ ਰਿਹਾ ਹੈ ਤਾਂ ਇਹ ਗਲਤ ਹੈ। ਸਿਧਾਣਾ ਨੇ ਕਿਹਾ ਕਿ ਉਹ ਹਿਰਾਸਤ ਵਿੱਚ ਹੋਣ ਕਾਰਨ ਪੂਰੇ ਘਟਨਾਕ੍ਰਮ ਤੋਂ ਜਾਣੂ ਨਹੀਂ ਹਨ, ਪਰ ਉਨ੍ਹਾਂ ਨੂੰ ਇੰਨਾ ਪਤਾ ਲੱਗਿਆ ਹੈ ਕਿ ਝੋਟੇ ਦੇ ਪਿਤਾ ਖ਼ਿਲਾਫ਼ ਸੋਸ਼ਲ ਮੀਡੀਆ ‘ਤੇ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਨਾਲ ਉਹ ਸਹਿਮਤ ਨਹੀਂ ਹਨ। ਇਸ ਤੋਂ ਪਹਿਲਾਂ ਮਾਨਸਾ ਪੁਲੀਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਲੱਖਾ ਸਿਧਾਣਾ ਅਤੇ ਮੋਹਨਜੀਤ ਸਿੰਘ ਸ਼ੇਰੋਂ ਨੂੰ ਮਾਨਸਾ ਦੀ ਅਦਾਲਤ ਵੱਲੋਂ ਤੁਰੰਤ ਰਿਹਾਅ ਕਰਨ ਦੇ ਹੁਕਮ ਜਾਰੀ ਕੀਤੇ ਗਏ ਸਨ। ਅਦਾਲਤ ਨੇ ਨਵੀਂ ਨਾਭਾ ਜੇਲ੍ਹ ਦੇ ਸੁਪਰਡੈਂਟ ਨੂੰ ਦੋਵਾਂ ਨੂੰ ਤੁਰੰਤ ਰਿਹਾਅ ਕਰਨ ਦੇ ਨਿਰਦੇਸ਼ ਦਿੱਤੇ ਸਨ।
ਜ਼ਿਕਰਯੋਗ ਹੈ ਕਿ ਲੱਖਾ ਸਿਧਾਣਾ ਅਤੇ ਮੋਹਨਜੀਤ ਸ਼ੇਰੋਂ ਨੂੰ ਮਾਨਸਾ ਵਿੱਚ ਦਲਜੀਤ ਸਿੰਘ ਦੀ ਮ੍ਰਿਤਕ ਦੇਹ ਨੂੰ ਲੈ ਕੇ ਹੋਏ ਵਿਵਾਦ ਤੋਂ ਬਾਅਦ ਪੁਲੀਸ ਨੇ ਗ੍ਰਿਫ਼ਤਾਰ ਕੀਤਾ ਸੀ। ਇਸ ਮਾਮਲੇ ਵਿੱਚ ਪੁਲੀਸ ਵੱਲੋਂ ਇਰਾਦਾ ਕਤਲ ਸਮੇਤ ਕਈ ਗੰਭੀਰ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਸੀ। ਦੋਵਾਂ ਨੂੰ ਪਹਿਲਾਂ ਪੁਲੀਸ ਰਿਮਾਂਡ ’ਤੇ ਰੱਖਿਆ ਗਿਆ ਅਤੇ ਬਾਅਦ ਵਿੱਚ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਸੀ। ਸਰਕਾਰ ਤੇ ਸੰਘਰਸ਼ ਕਮੇਟੀ ਵਿਚਾਲੇ ਹੋਇਆ ਸੀ ਸਮਝੌਤਾ ਇਸ ਮਾਮਲੇ ਨੂੰ ਲੈ ਕੇ ਪੰਜਾਬ ਸਰਕਾਰ ਅਤੇ ਸੰਘਰਸ਼ ਕਮੇਟੀ ਦੇ ਨੁਮਾਇੰਦਿਆਂ ਵਿਚਾਲੇ ਪੰਜ ਘੰਟੇ ਦੇ ਕਰੀਬ ਮੀਟਿੰਗ ਹੋਈ ਸੀ। ਇਸ ਵਿੱਚ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਸਮੇਤ ਸੀਨੀਅਰ ਅਧਿਕਾਰੀ ਸ਼ਾਮਲ ਹੋਏ ਸਨ। ਮੀਟਿੰਗ ਦੌਰਾਨ ਲੱਖਾ ਸਿਧਾਣਾ ਅਤੇ ਹੋਰ ਗ੍ਰਿਫ਼ਤਾਰ ਆਗੂਆਂ ਦੀ ਰਿਹਾਈ ਦਾ ਮੁੱਦਾ ਪ੍ਰਮੁੱਖਤਾ ਨਾਲ ਉਠਾਇਆ ਗਿਆ ਸੀ।
ਝੋਟਾ ਦੇ ਪਰਿਵਾਰ ਨੂੰ ਦੋ ਕਰੋੜ ਮੁਆਵਜ਼ੇ ਦਾ ਭਰੋਸਾ- ਸਮਝੌਤੇ ਤਹਿਤ ਸਰਕਾਰ ਨੇ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਦੋ ਕਰੋੜ ਰੁਪਏ ਮੁਆਵਜ਼ਾ ਅਤੇ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦਾ ਭਰੋਸਾ ਦਿੱਤਾ ਸੀ। ਇਸ ਤੋਂ ਇਲਾਵਾ ਖਿਆਲਾ ਕਲਾਂ ਵਿੱਚ ਝੋਟਾ ਦੇ ਨਾਂ ’ਤੇ ਟਰੌਮਾ ਸੈਂਟਰ ਬਣਾਉਣ ਅਤੇ ਮਾਮਲੇ ਦੀ ਉੱਚ ਪੱਧਰੀ ਜਾਂਚ ਕਰਵਾਉਣ ਬਾਰੇ ਵੀ ਸਹਿਮਤੀ ਬਣੀ ਸੀ। ਸੰਘਰਸ਼ ਕਮੇਟੀ ਨੇ ਗ੍ਰਿਫ਼ਤਾਰ ਆਗੂਆਂ ਦੀ ਰਿਹਾਈ ਤੱਕ ਝੋਟਾ ਦੀ ਮ੍ਰਿਤਕ ਦੇਹ ਦਾ ਪੋਸਟਮਾਰਟਮ ਨਾ ਕਰਵਾਉਣ ਦਾ ਫ਼ੈਸਲਾ ਕੀਤਾ ਹੋਇਆ ਸੀ।

