ਪਟਿਆਲਾ- ਜਿਲ੍ਹਾ ਯੋਜਨਾ ਕਮੇਟੀ ਪਟਿਆਲਾ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਜਿਲ੍ਹਾ ਪ੍ਰਧਾਨ ਤੇਜਿੰਦਰ ਮਹਿਤਾ ਨੇ ਪ੍ਰੈਸ ਨੂੰ ਜਾਰੀ ਬਿਆਨ ਰਾਹੀਂ ਕਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਲਾਗੂ ਕੀਤੀ ਜਾ ਰਹੀ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਪੰਜਾਬੀਆਂ ਨੂੰ ਵਿਕਸਿਤ ਦੇਸ਼ਾਂ ਵਾਂਗ ਆਧੁਨਿਕ ਅਤੇ ਸਭ ਨੂੰ ਬਰਾਬਰ ਸਿਹਤ ਸੇਵਾਵਾਂ ਪ੍ਰਦਾਨ ਕਰਨ ਵੱਲ ਇੱਕ ਇਤਿਹਾਸਕ ਕਦਮ ਹੈ। ਉਨ੍ਹਾਂ ਕਿਹਾ ਕਿ ਇਹ ਯੋਜਨਾ ਆਮ ਜਨਤਾ ਨੂੰ ਮਹਿੰਗੇ ਇਲਾਜ ਦੇ ਬੋਝ ਤੋਂ ਮੁਕਤ ਕਰੇਗੀ ਅਤੇ ਹਰੇਕ ਪੰਜਾਬੀ ਦੀ ਸਿਹਤ ਸੁਰੱਖਿਆ ਯਕੀਨੀ ਬਣਾਵੇਗੀ।
ਸ੍ਰੀ ਤੇਜਿੰਦਰ ਮਹਿਤਾ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਦੀ ਲੋਕ-ਪੱਖੀ ਸੋਚ ਤੇ ਚਲਦਿਆਂ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਸ੍ਰੀ ਮਨੀਸ਼ ਸਿਸੋਦੀਆ ਦੀ ਰਹਿਨੁਮਾਈ ਹੇਠ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਇਹ ਯੋਜਨਾ ਸ਼ੁਰੂ ਕੀਤੀ ਹੈ, ਜਿਸ ਤਹਿਤ ਹਰ ਪਰਿਵਾਰ ਨੂੰ ₹10 ਲੱਖ ਤੱਕ ਦਾ ਮੁਫ਼ਤ ਅਤੇ ਕੈਸ਼ਲੈੱਸ ਇਲਾਜ ਸਰਕਾਰੀ ਅਤੇ ਸੂਚੀਬੱਧ ਨਿੱਜੀ ਹਸਪਤਾਲਾਂ ਵਿੱਚ ਉਪਲਬਧ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਯੋਜਨਾ ਦੀ ਸਭ ਤੋਂ ਵੱਡੀ ਵਿਸ਼ੇਸ਼ਤਾ ਇਹ ਹੈ ਕਿ ਇਸ ਵਿੱਚ ਕੋਈ ਆਮਦਨ ਸੀਮਾ ਨਹੀਂ ਰੱਖੀ ਗਈ ਅਤੇ ਗਰੀਬ, ਮੱਧਵਰਗੀ, ਕਿਸਾਨ, ਮਜ਼ਦੂਰ, ਸਰਕਾਰੀ ਕਰਮਚਾਰੀ, ਪੈਂਸ਼ਨਧਾਰੀ ਸਮੇਤ ਹਰ ਵਰਗ ਦਾ ਵਿਅਕਤੀ ਇਸ ਦਾ ਲਾਭ ਲੈ ਸਕਦਾ ਹੈ। ਇਲਾਜ ਪੂਰੀ ਤਰ੍ਹਾਂ ਪੇਪਰਲੈੱਸ ਹੈ ਅਤੇ ਦਵਾਈਆਂ, ਟੈਸਟ, ਸਰਜਰੀ, ਆਈਸੀਯੂ ਅਤੇ ਗੰਭੀਰ ਬਿਮਾਰੀਆਂ ਦਾ ਇਲਾਜ ਵੀ ਇਸ ਵਿੱਚ ਸ਼ਾਮਿਲ ਹੈ। ਬੀਮਾ ਹੈਲਥ ਕਾਰਡ ਬਣਵਾਉਣ ਲਈ ਕੇਵਲ ਆਧਾਰ ਕਾਰਡ ਅਤੇ ਵੋਟਰ ਕਾਰਡ ਲਾਜ਼ਮੀ ਹੈ।
ਸ੍ਰੀ ਤੇਜਿੰਦਰ ਮਹਿਤਾ ਨੇ ਕਿਹਾ ਕਿ ਪਾਰਟੀ ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ ਦੀ ਅਗਵਾਈ ਹੇਠ ਪੰਜਾਬ ਭਰ ਵਿੱਚ ਲੋਕਾਂ ਨੂੰ ਇਸ ਯੋਜਨਾ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਜੋ ਕੋਈ ਵੀ ਯੋਗ ਵਿਅਕਤੀ ਇਸ ਕਲਿਆਣਕਾਰੀ ਯੋਜਨਾ ਤੋਂ ਵਾਂਝਾ ਨਾ ਰਹੇ। ਇਹ ਯੋਜਨਾ ਸਿਰਫ਼ ਇਲਾਜ ਤੱਕ ਸੀਮਤ ਨਹੀਂ, ਬਲਕਿ ਇਹ ਪੰਜਾਬ ਦੇ ਸਿਹਤ ਖੇਤਰ ਨੂੰ ਮਜ਼ਬੂਤ ਅਤੇ ਭਰੋਸੇਯੋਗ ਬਣਾਉਣ ਵੱਲ ਇੱਕ ਵੱਡਾ ਕਦਮ ਹੈ। ਉਨ੍ਹਾਂ ਦੱਸਿਆ ਕਿ ਲੋਕਾਂ ਦੇ ਹੈਲਥ ਕਾਰਡ ਬਣਵਾਉਣ ਲਈ ਆਮ ਆਦਮੀ ਪਾਰਟੀ ਦੇ ਵਲੰਟੀਅਰ ਖੁਦ ਘਰ-ਘਰ ਪਹੁੰਚ ਕਰਨਗੇ। ਉਨ੍ਹਾਂ ਆਮ ਜਨਤਾ ਨੂੰ ਅਪੀਲ ਕੀਤੀ ਕਿ ਉਹ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਅਧੀਨ ਆਪਣਾ ਸਿਹਤ ਕਾਰਡ ਬਣਵਾਉਣ, ਯੋਜਨਾ ਬਾਰੇ ਪੂਰੀ ਜਾਣਕਾਰੀ ਲੈਣ ਅਤੇ ਇਸ ਦਾ ਪੂਰਾ ਲਾਭ ਉਠਾ ਕੇ ਆਪਣੇ ਅਤੇ ਆਪਣੇ ਪਰਿਵਾਰ ਦੀ ਸਿਹਤ ਨੂੰ ਸੁਰੱਖਿਅਤ ਬਣਾਉਣ।

