ਫਿਰੋਜ਼ਪੁਰ- ਪੰਜਾਬ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਇਕ ਵੱਡੀ ਸਫਲਤਾ ਹਾਸਲ ਕਰਦਿਆਂ ਵਿਜੀਲੈਂਸ ਬਿਊਰੋ ਮੁਹਾਲੀ ਦੀ ਟੀਮ ਨੇ ਫ਼ਿਰੋਜ਼ਪੁਰ ਵਿਖੇ ਛਾਪੇਮਾਰੀ ਕੀਤੀ ਹੈ। ਵਿਜੀਲੈਂਸ ਨੇ ਸੀ.ਆਈ.ਏ. ਸਟਾਫ਼ ਫ਼ਿਰੋਜ਼ਪੁਰ ਵਿੱਚ ਤਾਇਨਾਤ ਏ.ਐੱਸ.ਆਈ. ਗੁਰਜੀਤ ਸਿੰਘ ਉਰਫ਼ ਗੋਲਡੀ ਨੂੰ 1 ਲੱਖ 30 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ’ਤੇ ਹੀ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਇਹ ਸਾਰਾ ਮਾਮਲਾ ਨਸ਼ਾ ਤਸਕਰੀ ਨਾਲ ਜੁੜੇ ਇੱਕ ਕੇਸ ਦੀ ਜਾਂਚ ਦੌਰਾਨ ਸਾਹਮਣੇ ਆਇਆ। ਬੀਤੀ 19 ਮਈ ਨੂੰ ਥਾਣਾ ਸਦਰ ਫਿਰੋਜ਼ਪੁਰ ਵਿਖੇ ਐੱਨ.ਡੀ.ਪੀ.ਐੱਸ. ਐਕਟ ਦੇ ਤਹਿਤ ਇੱਕ ਮੁਕੱਦਮਾ ਦਰਜ ਕੀਤਾ ਗਿਆ ਸੀ। ਇਸ ਮਾਮਲੇ ਵਿਚ ਨੌਰੰਗ ਕੇ ਲੇਲੀ ਵਾਲਾ ਪਿੰਡ ਦੇ ਰਹਿਣ ਵਾਲੇ ਬੋਹੜਾ ਪੁੱਤਰ ਬਲਵੀਰ ਸਿੰਘ ਨੂੰ ਨਾਮਜ਼ਦ ਕੀਤਾ ਗਿਆ ਸੀ। ਸੀ.ਆਈ.ਏ. ਸਟਾਫ਼ ਵਿਚ ਤਾਇਨਾਤ ਏ.ਐੱਸ.ਆਈ. ਗੁਰਜੀਤ ਸਿੰਘ ਗੋਲਡੀ ਇਸ ਕੇਸ ਦੀ ਪੈਰਵੀ ਕਰ ਰਿਹਾ ਸੀ। ਉਸ ਨੇ ਮੁਲਜ਼ਮ ਬੋਹੜਾ ਨੂੰ ਗ੍ਰਿਫ਼ਤਾਰ ਨਾ ਕਰਨ ਅਤੇ ਕੇਸ ਵਿੱਚੋਂ ਰਾਹਤ ਦੇਣ ਦੇ ਬਦਲੇ 2 ਲੱਖ 50 ਹਜ਼ਾਰ ਰੁਪਏ ਦੀ ਵੱਡੀ ਰਿਸ਼ਵਤ ਦੀ ਮੰਗ ਕੀਤੀ। ਦੋਵਾਂ ਧਿਰਾਂ ਵਿਚਾਲੇ ਹੋਈ ਗੱਲਬਾਤ ਤੋਂ ਬਾਅਦ ਇਹ ਸੌਦਾ 2 ਲੱਖ 30 ਹਜ਼ਾਰ ਰੁਪਏ ਵਿੱਚ ਤੈਅ ਹੋ ਗਿਆ। ਨਿਰਧਾਰਿਤ ਕੀਤੇ ਗਏ ਇਸ ਸੌਦੇ ਦੇ ਤਹਿਤ ਮੁਲਜ਼ਮ ਏ.ਐੱਸ.ਆਈ. ਵੱਲੋਂ 1 ਲੱਖ ਰੁਪਏ ਦੀ ਰਕਮ ਪਹਿਲਾਂ ਹੀ ਪੇਸ਼ਗੀ (ਐਡਵਾਂਸ) ਵਜੋਂ ਵਸੂਲ ਕੀਤੀ ਜਾ ਚੁੱਕੀ ਸੀ। ਬਾਕੀ ਰਹਿੰਦੀ 1 ਲੱਖ 30 ਹਜ਼ਾਰ ਰੁਪਏ ਦੀ ਰਕਮ ਲੈਣ ਲਈ ਏ.ਐੱਸ.ਆਈ. ਲਗਾਤਾਰ ਦਬਾਅ ਬਣਾ ਰਿਹਾ ਸੀ।
ਪੀੜਤ ਪੱਖ ਨੇ ਹਿੰਮਤ ਦਿਖਾਉਂਦਿਆਂ ਇਸ ਭ੍ਰਿਸ਼ਟਾਚਾਰ ਦੀ ਸ਼ਿਕਾਇਤ ਮੁਹਾਲੀ ਸਥਿਤ ਵਿਜੀਲੈਂਸ ਬਿਊਰੋ ਦੇ ਮੁੱਖ ਦਫ਼ਤਰ ਵਿੱਚ ਕਰ ਦਿੱਤੀ।ਸ਼ਿਕਾਇਤ ਮਿਲਣ ਤੋਂ ਤੁਰੰਤ ਬਾਅਦ ਵਿਜੀਲੈਂਸ ਦੇ ਉੱਚ ਅਧਿਕਾਰੀਆਂ ਨੇ ਮਾਮਲੇ ਨੂੰ ਗੰਭੀਰਤਾ ਨਾਲ ਲਿਆ ਅਤੇ ਇੱਕ ਵਿਸ਼ੇਸ਼ ਰੇਡਿੰਗ ਟੀਮ ਦਾ ਗਠਨ ਕੀਤਾ। ਇਸ ਕਾਰਵਾਈ ਨੂੰ ਪਾਰਦਰਸ਼ੀ ਅਤੇ ਕਾਨੂੰਨੀ ਤੌਰ ’ਤੇ ਮਜ਼ਬੂਤ ਬਣਾਉਣ ਲਈ ਦੋ ਸਰਕਾਰੀ ਗਵਾਹਾਂ ਨੂੰ ਵੀ ਟੀਮ ਦੇ ਨਾਲ ਸ਼ਾਮਲ ਕੀਤਾ ਗਿਆ ਸੀ। ਜਿਵੇਂ ਹੀ ਸ਼ਿਕਾਇਤਕਰਤਾ ਨੇ ਏ.ਐੱਸ.ਆਈ. ਗੁਰਜੀਤ ਸਿੰਘ ਨੂੰ ਬਾਕੀ ਰਹਿੰਦੇ 1.30 ਲੱਖ ਰੁਪਏ ਸੌਂਪੇ, ਤਾਂ ਘਾਤ ਲਗਾ ਕੇ ਬੈਠੀ ਵਿਜੀਲੈਂਸ ਦੀ ਟੀਮ ਨੇ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਰਿਸ਼ਵਤ ਦੀ ਰਕਮ ਸਮੇਤ ਮੁਲਜ਼ਮ ਨੂੰ ਮੌਕੇ ’ਤੇ ਹੀ ਦਬੋਚ ਲਿਆ।
ਵਿਜੀਲੈਂਸ ਬਿਊਰੋ ਮੁਹਾਲੀ ਦੇ ਥਾਣੇ ਵਿੱਚ ਮੁਲਜ਼ਮ ਏ.ਐੱਸ.ਆਈ. ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ (ਪ੍ਰੀਵੈਂਸ਼ਨ ਆਫ਼ ਕੱਪੜਸ਼ਨ ਐਕਟ) ਦੇ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਮੁਲਜ਼ਮ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਇਸ ਮਾਮਲੇ ਵਿਚ ਕੋਈ ਹੋਰ ਉੱਚ ਅਧਿਕਾਰੀ ਜਾਂ ਕਰਮਚਾਰੀ ਤਾਂ ਸ਼ਾਮਲ ਨਹੀਂ ਸੀ। ਮੁਲਜ਼ਮ ਨੂੰ ਜਲਦੀ ਹੀ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ।

