64.6 F
New York, US
September 29, 2026
PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਵੋਟਰ ਸੂਚੀਆਂ ’ਚ ਗੜਬੜੀ ਖ਼ਿਲਾਫ਼ ਪ੍ਰਦਰਸ਼ਨ

ਪਟਿਆਲਾ-  ਵੋਟਰ ਸੂਚੀਆਂ ਵਿੱਚ ਗੜਬੜੀਆਂ ਅਤੇ 13.8 ਕਰੋੜ ਵੋਟਰਾਂ ਦੇ ਨਾਂ ਕੱਟਣ ਦੇ ਵਿਰੋਧ ਵਿੱਚ ਜ਼ਿਲ੍ਹਾ ਕਾਂਗਰਸ ਪਟਿਆਲਾ ਦਿਹਾਤੀ ਤੇ ਸ਼ਹਿਰੀ ਵੱਲੋਂ ਅੱਜ ਇੱਥੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਖ਼ਿਲਾਫ਼ ਧਰਨਾ ਦਿੱਤਾ ਗਿਆ। ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ ਦੀ ਅਗਵਾਈ ਹੇਠ ਕਾਂਗਰਸੀ ਆਗੂਆਂ ਨੇ ਰਾਸ਼ਟਰਪਤੀ ਦਰੋਪਦੀ ਮੁਰਮੂ ਨੂੰ ਅਪੀਲ ਕੀਤੀ ਕਿ ਉਹ ਇਸ ਗੰਭੀਰ ਮਾਮਲੇ ਵਿੱਚ ਤੁਰੰਤ ਦਖ਼ਲ ਦੇਣ। ਇਸ ਮੌਕੇ ਰੋਸ ਪ੍ਰਦਰਸ਼ਨ ਕਰਦਿਆਂ ਪ੍ਰਧਾਨ ਗੁਰਸ਼ਰਨ ਕੌਰ ਰੰਧਾਵਾ ਅਤੇ ਨਰੇਸ਼ ਦੁੱਗਲ ਨੇ ਮੁੱਖ ਚੋਣ ਕਮਿਸ਼ਨਰ ਨੂੰ ਅਹੁਦੇ ਤੋਂ ਹਟਾਉਣ ਅਤੇ ਉਨ੍ਹਾਂ ਖ਼ਿਲਾਫ਼ ਐੱਫ਼ ਆਈ ਆਰ ਦਰਜ ਕਰਨ ਦੀ ਮੰਗ ਕੀਤੀ। ਪ੍ਰਦਰਸ਼ਨ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦਾ ਪੁਤਲਾ ਵੀ ਫੂਕਿਆ ਗਿਆ।

ਡਾ. ਗਾਂਧੀ ਨੇ ਦੋਸ਼ ਲਾਇਆ ਕਿ ਵੋਟਾਂ ਕੱਟਣ ਦਾ ਇਹ ਅੰਕੜਾ ਦੇਸ਼ ਦੇ ਕੁੱਲ ਵੋਟਰਾਂ ਦਾ ਲਗਪਗ 15 ਫ਼ੀਸਦੀ ਬਣਦਾ ਹੈ, ਜਿਸ ਨਾਲ ਲੋਕਤੰਤਰ ਦੀ ਬੁਨਿਆਦ ਨੂੰ ਖ਼ਤਰਾ ਪੈਦਾ ਹੋ ਗਿਆ ਹੈ। ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਅਤੇ ਹਰਦਿਆਲ ਸਿੰਘ ਕੰਬੋਜ ਨੇ ਦੋਸ਼ ਲਾਇਆ ਕਿ ਚੋਣ ਕਮਿਸ਼ਨ ਕੇਂਦਰ ਸਰਕਾਰ ਨਾਲ ਮਿਲੀਭੁਗਤ ਕਰ ਕੇ ਚੋਣਾਂ ਪ੍ਰਭਾਵਿਤ ਕਰ ਰਿਹਾ ਹੈ। ਇਸ ਮੌਕੇ ਹਰਿੰਦਰ ਪਾਲ ਸਿੰਘ ਹੈਰੀਮਾਨ, ਨਿਰਮਲ ਸਿੰਘ ਭੱਟੀਆਂ ਅਤੇ ਰਛਪਾਲ ਸਿੰਘ ਜੌੜਾਮਾਜਰਾ ਸਮੇਤ ਵੱਡੀ ਗਿਣਤੀ ਵਿੱਚ ਕਾਂਗਰਸੀ ਆਗੂ ਤੇ ਵਰਕਰ ਹਾਜ਼ਰ ਸਨ।

ਸੰਗਰੂਰ ਵਿੱਚ ਜ਼ਿਲ੍ਹਾ ਪ੍ਰਧਾਨ ਜਗਦੇਵ ਗਾਗਾ ਅਤੇ ਸਾਬਕਾ ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ ਦੀ ਅਗਵਾਈ ਹੇਠ ਕਾਂਗਰਸੀ ਵਰਕਰਾਂ ਨੇ ਡੀ ਸੀ ਦਫ਼ਤਰ ਅੱਗੇ ਧਰਨਾ ਦਿੱਤਾ। ਸ੍ਰੀ ਸਿੰਗਲਾ ਅਤੇ ਜਗਦੇਵ ਗਾਗਾ ਨੇ ਕਿਹਾ ਕਿ ਲੋਕਤੰਤਰ ਵਿੱਚ ਹਰ ਨਾਗਰਿਕ ਦੀ ਵੋਟ ਬਹੁਤ ਅਹਿਮ ਹੈ ਅਤੇ ਚੋਣ ਪ੍ਰਕਿਰਿਆ ਦੀ ਪਾਰਦਰਸ਼ਤਾ ਨੂੰ ਯਕੀਨੀ ਬਣਾਉਣਾ ਸੰਵਿਧਾਨਕ ਸੰਸਥਾਵਾਂ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਮੰਗ ਕੀਤੀ ਕਿ ਚੋਣ ਪ੍ਰਕਿਰਿਆ ਨਾਲ ਜੁੜੇ ਸਾਰੇ ਮਾਮਲਿਆਂ ਦੀ ਨਿਰਪੱਖ ਜਾਂਚ ਕਰਵਾਈ ਜਾਵੇ ਤਾਂ ਜੋ ਲੋਕਤੰਤਰ ਦੀ ਮਜ਼ਬੂਤੀ ਬਣੀ ਰਹੇ। ਇਸ ਮੌਕੇ ਦਲਵੀਰ ਸਿੰਘ ਗੋਲਡੀ, ਸੁਭਾਸ਼ ਗਰੋਵਰ, ਰੌਕੀ ਬਾਂਸਲ ਅਤੇ ਹੋਰ ਪਾਰਟੀ ਆਗੂ ਹਾਜ਼ਰ ਸਨ।

ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦਾ ਅਸਤੀਫ਼ਾ ਮੰਗਿਆ- ਕੁਲ ਹਿੰਦ ਕਾਂਗਰਸ ਕਮੇਟੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅੱਜ ਮਾਲੇਰਕੋਟਲਾ ਵਿੱਚ ਜ਼ਿਲ੍ਹਾ ਕਾਂਗਰਸ ਕਮੇਟੀ ਵੱਲੋਂ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਅਤੇ ਕੇਂਦਰ ਸਰਕਾਰ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਕਾਂਗਰਸੀ ਆਗੂਆਂ ਅਤੇ ਵਰਕਰਾਂ ਨੇ ਡੀ ਸੀ ਦਫ਼ਤਰਾਂ ਤੱਕ ਰੋਸ ਮਾਰਚ ਕੱਢਦਿਆਂ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ। ਇਸ ਮੌਕੇ ਰਾਸ਼ਟਰਪਤੀ ਦੇ ਨਾਂ ਡਿਊਟੀ ਮੈਜਿਸਟਰੇਟ ਅਤੇ ਏ ਡੀ ਸੀ ਨੂੰ ਮੰਗ ਪੱਤਰ ਸੌਂਪ ਕੇ ਮੁੱਖ ਚੋਣ ਕਮਿਸ਼ਨਰ ਨੂੰ ਤੁਰੰਤ ਅਹੁਦੇ ਤੋਂ ਹਟਾਉਣ ਅਤੇ ਉਨ੍ਹਾਂ ਖ਼ਿਲਾਫ਼ ਅਪਰਾਧਕ ਮਾਮਲਾ ਦਰਜ ਕਰਨ ਦੀ ਮੰਗ ਕੀਤੀ ਗਈ। ਮਾਲੇਰਕੋਟਲਾ ਵਿੱਚ ਜ਼ਿਲ੍ਹਾ ਕਾਂਗਰਸ ਪ੍ਰਧਾਨ ਬੀਬਾ ਨਿਸ਼ਾਤ ਅਖਤਰ ਦੀ ਅਗਵਾਈ ਹੇਠ ਗੁਰਦੁਆਰਾ ਹਾਅ ਦਾ ਨਾਅਰਾ ਤੋਂ ਡੀ ਸੀ ਦਫ਼ਤਰ ਤੱਕ ਰੋਸ ਮਾਰਚ ਕੱਢਿਆ ਗਿਆ। ਬੀਬਾ ਨਿਸ਼ਾਂਤ ਨੇ ਦੋਸ਼ ਲਾਇਆ ਕਿ ਮੁੱਖ ਚੋਣ ਕਮਿਸ਼ਨਰ ਕੇਂਦਰੀ ਭਾਜਪਾ ਸਰਕਾਰ ਨਾਲ ਮਿਲੀਭੁਗਤ ਕਰ ਕੇ ਦੇਸ਼ ਦੇ ਚੋਣ ਪ੍ਰਬੰਧ ਨੂੰ ਤਬਾਹ ਕਰ ਰਿਹਾ ਹੈ ਅਤੇ ਭਾਜਪਾ ਨੂੰ ਫ਼ਾਇਦਾ ਪਹੁੰਚਾਉਣ ਲਈ ਚੋਣਾਂ ਨੂੰ ਪ੍ਰਭਾਵਿਤ ਕਰ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਇਸ ਕਾਰਵਾਈ ਨਾਲ ਕਰੋੜਾਂ ਵੋਟਰ ਆਪਣੇ ਵੋਟ ਦੇ ਅਧਿਕਾਰ ਤੋਂ ਵਾਂਝੇ ਹੋ ਗਏ ਹਨ, ਜਿਸ ਨਾਲ ਦੇਸ਼ ਦੇ ਲੋਕਤੰਤਰੀ ਅਕਸ ਨੂੰ ਵੱਡਾ ਧੱਕਾ ਲੱਗਿਆ ਹੈ। ਇਸ ਮੌਕੇ ਅਨਵਰ ਮਹਿਬੂਬ, ਕੁਲਵਿੰਦਰ ਸਿੰਘ ਝੁਨੇਰ ਅਤੇ ਮਨਿੰਦਰ ਸਿੰਘ ਕੁਠਾਲਾ ਮੌਜੂਦ ਸਨ।

Related posts

ਅਬੋਹਰ ਵਿਚ 2 ਸਕੇ ਭਰਾਵਾਂ ਸਮੇਤ 3 ਦੀ ਹਾਦਸੇ ‘ਚ ਮੌਤ

On Punjab

ਸੀਐਮ ਭਗਵੰਤ ਮਾਨ ਨਾਲ ਕਿਸਾਨਾਂ ਦੀ ਮੀਟਿੰਗ ਖ਼ਤਮ, ਇਨ੍ਹਾਂ ਮੁੱਦਿਆਂ ‘ਤੇ ਹੋਈ ਵਿਚਾਰ-ਚਰਚਾ

On Punjab

10 ਸਾਲ ਬਾਅਦ ਪਹਿਲੀ ਵਾਰ ਅੱਜ ਕਰਨਗੇ ਬਾਇਡਨ ਤੇ ਪੁਤਿਨ ਮੁਲਾਕਾਤ, ਜਾਣੋ – ਕੀ ਹੈ ਗੱਲਬਾਤ ਦਾ ਏਜੰਡਾ

On Punjab