ਰੂਪਨਗਰ- ਸਤਲੁਜ ਦਰਿਆ ਦੇ ਖੇਤਰ ਵਿੱਚ ਕਥਿਤ ਗ਼ੈਰ-ਕਾਨੂੰਨੀ ਮਾਈਨਿੰਗ ਦੇ ਦੋਸ਼ਾਂ ਕਾਰਨ ਰੂਪਨਗਰ ਜ਼ਿਲ੍ਹੇ ਅੰਦਰ ਵੱਡਾ ਸਿਆਸੀ ਤੂਫ਼ਾਨ ਖੜ੍ਹਾ ਹੋ ਗਿਆ ਹੈ। ਹਲਕਾ ਰੂਪਨਗਰ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਦਿਨੇਸ਼ ਚੱਢਾ ਖ਼ਿਲਾਫ਼ ਲੱਗੇ ਭ੍ਰਿਸ਼ਟਾਚਾਰ ਦੇ ਗੰਭੀਰ ਦੋਸ਼ਾਂ ਨੂੰ ਲੈ ਕੇ ਸੱਤਾਧਾਰੀ ‘ਆਪ’, ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਵਿਚਾਲੇ ਤਿੱਖੀ ਬਿਆਨਬਾਜ਼ੀ ਸ਼ੁਰੂ ਹੋ ਗਈ ਹੈ। ਇਹ ਵਿਵਾਦ ਨੂਰਪੁਰ ਬੇਦੀ ਇਲਾਕੇ ਦੇ ਪਿੰਡ ਸੈਦਪੁਰ ਦੇ ਇੱਕ ਵਸਨੀਕ ਵੱਲੋਂ ਸੋਸ਼ਲ ਮੀਡੀਆ ’ਤੇ ਵੀਡੀਓ ਜਾਰੀ ਕੀਤੇ ਜਾਣ ਤੋਂ ਬਾਅਦ ਸ਼ੁਰੂ ਹੋਇਆ, ਜਿਸ ਨੇ ਹੁਣ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ, ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਭਾਜਪਾ ਜ਼ਿਲ੍ਹਾ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ ਦੇ ਆਹਮੋ-ਸਾਹਮਣੇ ਹੋਣ ਨਾਲ ਸੂਬਾ ਪੱਧਰੀ ਸਿਆਸੀ ਰੂਪ ਧਾਰ ਲਿਆ ਹੈ।
ਇਸ ਪੂਰੇ ਘਟਨਾਕ੍ਰਮ ਦੌਰਾਨ ਵਿਧਾਇਕ ਦਿਨੇਸ਼ ਚੱਢਾ ’ਤੇ ਨਾਜਾਇਜ਼ ਮਾਈਨਿੰਗ ਰਾਹੀਂ ਬੇਹਿਸਾਬ ਜਾਇਦਾਦ ਇਕੱਠੀ ਕਰਨ ਦੇ ਦੋਸ਼ ਲਾਏ ਗਏ ਹਨ, ਜਿਨ੍ਹਾਂ ਨੂੰ ਵਿਧਾਇਕ ਨੇ ਸਿਰੇ ਤੋਂ ਨਕਾਰਿਆ ਹੈ। ਦੱਸਣਯੋਗ ਹੈ ਕਿ ਕੁਝ ਦਿਨ ਪਹਿਲਾਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਰਾਤ ਸਮੇਂ ਸੈਦਪੁਰ ਖੇਤਰ ਦਾ ਅਚਨਚੇਤ ਦੌਰਾ ਕਰਕੇ ਹਨੇਰੇ ਵਿੱਚ ਪੋਕਲੇਨ ਮਸ਼ੀਨਾਂ ਰਾਹੀਂ ਕੀਤੀ ਜਾ ਰਹੀ ਕਥਿਤ ਨਾਜਾਇਜ਼ ਮਾਈਨਿੰਗ ਦਾ ਪਰਦਾਫਾਸ਼ ਕੀਤਾ ਸੀ। ਇਸ ਉਪਰੰਤ ਸੈਦਪੁਰ ਦੇ ਉਕਤ ਵਸਨੀਕ ਨੇ ਵੀਡੀਓ ਜਾਰੀ ਕਰਦਿਆਂ ਦੋਸ਼ ਲਾਇਆ ਕਿ ਉਸ ਨੂੰ ਨਿਸ਼ਾਨਾ ਬਣਾ ਕੇ ਝੂਠੇ ਕੇਸਾਂ ਵਿੱਚ ਫਸਾਇਆ ਜਾ ਰਿਹਾ ਹੈ। ਉਸ ਨੇ ਦਾਅਵਾ ਕੀਤਾ ਕਿ ਉਸ ’ਤੇ ਚੰਨੀ ਨੂੰ ਸੂਚਨਾ ਲੀਕ ਕਰਨ ਦਾ ਸ਼ੱਕ ਜਤਾਇਆ ਜਾ ਰਿਹਾ ਹੈ, ਹਾਲਾਂਕਿ ਉਸ ਨੇ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਦੇਣ ਤੋਂ ਇਨਕਾਰ ਕੀਤਾ। ਸੋਸ਼ਲ ਮੀਡੀਆ ’ਤੇ ਵੀਡੀਓ ਵਾਇਰਲ ਹੋਣ ਮਗਰੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਉਕਤ ਨੌਜਵਾਨ ਨਾਲ ਵੀਡੀਓ ਕਾਲ ਰਾਹੀਂ ਗੱਲਬਾਤ ਕੀਤੀ ਅਤੇ ਉਸ ਦਾ ਪੂਰਾ ਸਮਰਥਨ ਕਰਨ ਦਾ ਐਲਾਨ ਕੀਤਾ। ਮਜੀਠੀਆ ਨੇ ਵਿਧਾਇਕ ਚੱਢਾ ਖ਼ਿਲਾਫ਼ ਦੋਸ਼ ਦੁਹਰਾਉਂਦਿਆਂ ਦਾਅਵਾ ਕੀਤਾ ਕਿ ਵਿਧਾਇਕ ਨੇ 2,000 ਕਰੋੜ ਰੁਪਏ ਦੀ ਜਾਇਦਾਦ ਬਣਾਈ ਹੈ। ਅਕਾਲੀ ਦਲ ਦੇ ਨੌਜਵਾਨ ਦੇ ਪਿੱਛੇ ਖੜ੍ਹੇ ਹੋਣ ਨਾਲ ਸਥਾਨਕ ਪੱਧਰ ਦਾ ਇਹ ਮੁੱਦਾ ਪੰਜਾਬ ਦੀ ਸਿਆਸਤ ਦੇ ਕੇਂਦਰ ਵਿੱਚ ਆ ਗਿਆ ਹੈ।
ਦੂਜੇ ਪਾਸੇ, ਵਿਧਾਇਕ ਦਿਨੇਸ਼ ਚੱਢਾ ਨੇ ਸੋਸ਼ਲ ਮੀਡੀਆ ’ਤੇ ਹਲਫ਼ਨਾਮਾ ਜਾਰੀ ਕਰਦਿਆਂ ਮਜੀਠੀਆ ਨੂੰ ਆਪਣੀਆਂ ਗੱਲਾਂ ਸਾਬਤ ਕਰਨ ਦੀ ਖੁੱਲ੍ਹੀ ਚੁਣੌਤੀ ਦਿੱਤੀ ਹੈ। ਚੱਢਾ ਨੇ ਕਿਹਾ ਕਿ ਜੇਕਰ ਮਜੀਠੀਆ ਉਨ੍ਹਾਂ ਕੋਲ 2,000 ਕਰੋੜ ਤਾਂ ਦੂਰ, 100 ਕਰੋੜ ਰੁਪਏ ਦੀ ਜਾਇਦਾਦ ਹੋਣਾ ਵੀ ਸਾਬਤ ਕਰ ਦੇਣ ਤਾਂ ਉਹ ਆਪਣੀ ਸਾਰੀ ਸੰਪਤੀ ਅਕਾਲੀ ਆਗੂ ਦੇ ਨਾਂ ਕਰ ਦੇਣਗੇ। ਉਨ੍ਹਾਂ ਕਿਹਾ ਕਿ ਮਜੀਠੀਆ ਜਾਂ ਤਾਂ ਦੋਸ਼ ਸਾਬਤ ਕਰਨ ਜਾਂ ਫਿਰ ਜਨਤਕ ਤੌਰ ’ਤੇ ਮੁਆਫ਼ੀ ਮੰਗਣ। ਜਦੋਂ ਵਿਧਾਇਕ ਤੋਂ ਦੋਸ਼ ਲਾਉਣ ਵਾਲੇ ਪੇਂਡੂ ਖ਼ਿਲਾਫ਼ ਕਾਨੂੰਨੀ ਕਾਰਵਾਈ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਉਹ ਆਮ ਨਾਗਰਿਕ ਦੇ ਬਿਆਨਾਂ ’ਤੇ ਕਾਰਵਾਈ ਕਰਨ ਦੀ ਬਜਾਏ ਮਜੀਠੀਆ ਨੂੰ ਜਵਾਬ ਦੇ ਰਹੇ ਹਨ, ਕਿਉਂਕਿ ਇੱਕ ਪ੍ਰਮੁੱਖ ਸਿਆਸੀ ਆਗੂ ਨੇ ਇਸ ਮਾਮਲੇ ਨੂੰ ਤੂਲ ਦਿੱਤਾ ਹੈ। ਇਸੇ ਦੌਰਾਨ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ ਨੇ ਵੀ ਪ੍ਰੈੱਸ ਕਾਨਫ਼ਰੰਸ ਕਰਕੇ ‘ਆਪ’ ਵਿਧਾਇਕ ਖ਼ਿਲਾਫ਼ ਲੱਗੇ ਦੋਸ਼ਾਂ ਦੀ ਨਿਰਪੱਖ ਉੱਚ-ਪੱਧਰੀ ਜਾਂਚ ਦੀ ਮੰਗ ਕੀਤੀ ਹੈ। ਹਾਲਾਂਕਿ ਜਾਇਦਾਦ ਬਣਾਉਣ ਅਤੇ ਦਬਾਅ ਪਾਉਣ ਦੇ ਦੋਸ਼ਾਂ ਦੀ ਹਾਲੇ ਤੱਕ ਪੁਸ਼ਟੀ ਨਹੀਂ ਹੋ ਸਕੀ, ਪਰ ਇਸ ਨਵੇਂ ਵਿਵਾਦ ਨੇ ਰੂਪਨਗਰ ਜ਼ਿਲ੍ਹੇ ਵਿੱਚ ਸਤਲੁਜ ਕੰਢੇ ਚੱਲ ਰਹੇ ਮਾਈਨਿੰਗ ਦੇ ਸੰਵੇਦਨਸ਼ੀਲ ਮੁੱਦੇ ਨੂੰ ਇੱਕ ਵਾਰ ਫਿਰ ਭਖਾ ਦਿੱਤਾ ਹੈ।

