ਅੰਮ੍ਰਿਤਸਰ- ਡੀਜੀਪੀ ਪੰਜਾਬ ਪੁਲੀਸ ਗੌਰਵ ਯਾਦਵ ਨੇ ਖੁਲਾਸਾ ਕੀਤਾ ਹੈ ਕਿ ਸਰਹੱਦ ਪਾਰ ਨਾਰਕੋ-ਅਤਿਵਾਦ ਨੈੱਟਵਰਕਾਂ ਵਿਰੁੱਧ ਇੱਕ ਵੱਡੀ ਕਾਰਵਾਈ ਵਿੱਚ ਅੰਮ੍ਰਿਤਸਰ ਕਮਿਸ਼ਨਰੇਟ ਪੁਲੀਸ ਨੇ ਦੋ ਨਾਰਕੋਟਿਕ ਕਾਰਟੈਲਾਂ ਦਾ ਪਰਦਾਫਾਸ਼ ਕੀਤਾ ਅਤੇ ਛੇ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ। ਜਿਨ੍ਹਾਂ ਕੋਲੋ ਕੁੱਲ 9.066 ਕਿਲੋਗ੍ਰਾਮ ਹੈਰੋਇਨ ਬਰਾਮਦ ਹੋਈ।
ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਚੱਲਿਆ ਹੈ ਕਿ ਵਿਦੇਸ਼ ਵਿੱਚ ਰਹਿਣ ਵਾਲਾ ਨਾਮੀ ਗੈਂਗਸਟਰ ਹਰਪ੍ਰੀਤ ਉਰਫ਼ ਹੈਪੀ ਜੱਟ ਵਾਸੀ ਜੰਡਿਆਲਾ ਗੁਰੂ, ਦਾ ਪਾਕਿਸਤਾਨ ਸਥਿਤ ਤਸਕਰਾਂ ਨਾਲ ਸਿੱਧਾ ਸਬੰਧ ਹੈ ਅਤੇ ਉਹ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਆਪਣਾ ਇਹ ਨੈੱਟਵਰਕ ਚਲਾ ਰਿਹਾ ਹੈ। ਇਸ ਸਬੰਧੀ ਅੰਮ੍ਰਿਤਸਰ ਦੇ ਪੁਲੀਸ ਥਾਣੇ ਛੇਹਰਟਾ ਵਿੱਚ ਐੱਫਆਈਆਰ ਦਰਜ ਕੀਤੀਆਂ ਗਈਆਂ ਹਨ ਅਤੇ ਦੋਵਾਂ ਮਾਮਲਿਆਂ ਵਿੱਚ ਵਿਆਪਕ ਨੈੱਟਵਰਕਾਂ ਅਤੇ ਸਰਹੱਦ ਪਾਰ ਸਬੰਧਾਂ ਦੀ ਪਛਾਣ ਕਰਨ ਲਈ ਹੋਰ ਜਾਂਚ ਜਾਰੀ ਹੈ।