PreetNama
ਸਮਾਜ/Socialਖਬਰਾਂ/Newsਖਾਸ-ਖਬਰਾਂ/Important News

ਸ਼ਰਧਾਲੂਆਂ ਨੂੰ ਕਿਸੇ ਕਿਸਮ ਦੀ ਅਸੁਵਿਧਾ ਪੇਸ਼ ਨਾ ਆਉਣ ਦੇਣ ਲਈ ਅਧਿਕਾਰੀਆਂ ਨੂੰ ਕੀਤੀ ਹਦਾਇਤ

ਚੰਡੀਗੜ੍ਹ-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਸਭਾ ਦੌਰਾਨ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਆਉਣ ਵਾਲੇ ਲੱਖਾਂ ਸ਼ਰਧਾਲੂਆਂ ਦੀ ਸਹੂਲਤ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗੁਰਦੁਆਰਾ ਸਾਹਿਬ ਨੂੰ ਜਾਣ ਵਾਲੀਆਂ ਸੜਕਾਂ ਦੀ ਮੁਰੰਮਤ (ਪੈਚ ਮੁਕਤ ਬਣਾਉਣ) ਲਈ 95.54 ਲੱਖ ਰੁਪਏ ਜਾਰੀ ਕੀਤੇ ਹਨ।

ਮੁੱਖ ਮੰਤਰੀ ਨੇ ਇਹ ਫੰਡ ਬੱਸੀ ਸੰਘੋਲ ਰੋਡ, ਜੋਧਪੁਰ ਤੋਂ ਮਹਿਦੀਆਂ ਰੋਡ, ਸਰਹਿੰਦ ਚੁੰਨੀ ਰੋਡ ਤੋਂ ਘੁਮੰਡਗੜ੍ਹ, ਸਰਹਿੰਦ ਚੁੰਨੀ ਰੋਡ ਤੋਂ ਦੁਫੇਰਾ, ਨੋਗਾਵਾਂ ਤੋਂ ਲੋਹਾੜੀ ਰੋਡ, ਬੱਸੀ ਤੋਂ ਡਡਹੇੜੀ ਵਾਇਆ ਜੇਰਖੇਲਾ ਖੇੜੀ, ਫਿਰੋਜ਼ਪੁਰ, ਬਾਗ ਸਿਕੰਦਰ, ਖਰੜ ਬੱਸੀ ਰੋਡ ਤੋਂ ਘੁਮੰਡਗੜ੍ਹ, ਬੱਸੀ ਸੰਘੋਲ ਰੋਡ ਤੋਂ ਕੋਟਲਾ ਮਕਸੂਦਾਂ ਵਾਇਆ ਅਬਦੁੱਲਾਪੁਰ ਮਹਿਦੂਦਾਂ, ਖੇੜੀ ਨੌਧ ਸਿੰਘ ਤੋਂ ਬੱਸੀ ਪਠਾਣਾ ਤੋਂ ਮੈਕ ਲਿਮਟ ਵਾਇਆ ਬੋਰ ਅਤੇ ਹੋਰ ਪੈਚ ਮੁਕਤ ਕਰਨ ਲਈ ਜਾਰੀ ਕੀਤੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਇਸ ਮੰਤਵ ਲਈ ਲੋੜੀਂਦੇ ਫੰਡ ਜ਼ਿਲ੍ਹਾ ਪ੍ਰਸ਼ਾਸਨ ਨੂੰ ਜਾਰੀ ਕਰ ਦਿੱਤੇ ਹਨ। ਉਨ੍ਹਾਂ ਕਿਹਾ ਕਿ ਸ਼ਰਧਾਲੂਆਂ ਦੀ ਸਹੂਲਤ ਲਈ ਇਸ ਕੰਮ ਨੂੰ ਤੇਜ਼ੀ ਨਾਲ ਨੇਪਰੇ ਚਾੜ੍ਹਿਆ ਜਾਵੇ। ਉਨ੍ਹਾਂ ਕਿਹਾ ਕਿ ਸ਼ਹੀਦੀ ਸਭਾ ਦੌਰਾਨ ਪਵਿੱਤਰ ਅਸਥਾਨ ਦੇ ਦਰਸ਼ਨ ਕਰਨ ਆਏ ਲੱਖਾਂ ਸ਼ਰਧਾਲੂਆਂ  ਨੂੰ ਸਾਰੀਆਂ ਲੋੜੀਂਦੀਆਂ ਸਹੂਲਤਾਂ ਪ੍ਰਦਾਨ ਕਰਨ ਲਈ ਸੂਬਾ ਸਰਕਾਰ ਵਚਨਬਧ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਪਹਿਲਕਦਮੀ ਸੂਬਾ ਸਰਕਾਰ ਵੱਲੋਂ ਦਸਮ ਪਿਤਾ ਦੇ ਪਰਿਵਾਰ ਵੱਲੋਂ ਦਿੱਤੀ ਗਈ ਮਹਾਨ ਤੇ ਲਾਸਾਨੀ ਕੁਰਬਾਨੀ ਅੱਗੇ ਇਕ ਨਿਮਾਣੀ ਜਿਹੀ ਸ਼ਰਧਾਂਜਲੀ ਹੈ । ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਫ਼ਤਹਿਗੜ੍ਹ ਸਾਹਿਬ ਦੀ ਪਵਿੱਤਰ ਧਰਤੀ ਕੇਵਲ ਸਿੱਖਾਂ ਨੂੰ ਹੀ ਨਹੀਂ ਬਲਕਿ ਸਮੁੱਚੀ ਮਾਨਵਤਾ ਨੂੰ ਪ੍ਰੇਰਿਤ ਕਰਦੀ ਹੈ, ਜਿੱਥੇ ਹਰ ਸਾਲ ਲੱਖਾਂ ਦੀ ਗਿਣਤੀ ਵਿੱਚ ਸੰਗਤਾਂ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੇ ਸ਼ਹੀਦੀ ਦਿਹਾੜੇ ’ਤੇ ਸ਼ਰਧਾਂਜਲੀ ਭੇਟ ਕਰਨ ਲਈ ਆਉਂਦੀਆਂ ਹਨ। ਛੋਟੇ ਸਾਹਿਬਜ਼ਾਦਿਆਂ ਦੀ ਲਾਸਾਨੀ ਕੁਰਬਾਨੀ ਦਾ ਜ਼ਿਕਰ ਕਰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਜਿਹੀ ਮਿਸਾਲ ਦੁਨੀਆਂ ਦੇ ਇਤਿਹਾਸ ਵਿੱਚ ਹੋਰ ਕਿਧਰੇ ਨਹੀਂ ਮਿਲਦੀ।

ਮੁੱਖ ਮੰਤਰੀ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਪਵਿੱਤਰ ਅਸਥਾਨ ’ਤੇ ਮੱਥਾ ਟੇਕਣ ਸਮੇਂ ਸ਼ਰਧਾਲੂਆਂ ਨੂੰ ਕਿਸੇ ਵੀ ਕਿਸਮ ਦੀ ਦਿੱਕਤ ਪੇਸ਼ ਨਾ ਆਉਣ ਨੂੰ ਯਕੀਨੀ ਬਣਾਉਣ ਲਈ ਪੁਖਤਾ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਸ਼ਰਧਾਲੂਆਂ ਦੀ ਸੇਵਾ ਵਿੱਚ ਕੋਈ ਕਸਰ ਬਾਕੀ ਨਾ ਛੱਡਣ ਲਈ ਸਮੁੱਚੇ ਪ੍ਰਬੰਧਾਂ ਦੀ ਖੁਦ ਨਿਗਰਾਨੀ ਕਰਨਗੇ ਤਾਂ ਜੋ  ਸੰਗਤਾਂ ਨੂੰ ਕੋਈ ਪਰੇਸ਼ਾਨੀ ਨਾ ਹੋਵੇ। ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪਵਿੱਤਰ ਅਸਥਾਨ ਦੇ ਦਰਸ਼ਨਾਂ ਲਈ ਆਉਣ ਵਾਲੇ ਹਰ ਸ਼ਰਧਾਲੂ ਲਈ ਵੱਧ ਤੋਂ ਵੱਧ ਸਹੂਲਤ ਨੂੰ ਯਕੀਨੀ ਬਣਾਉਣ ਲਈ ਢੁਕਵੇਂ ਇੰਤਜ਼ਾਮ ਕੀਤੇ ਜਾਣ।

Related posts

ਚੀਨ ਤੇ ਅਮਰੀਕਾ ਦੀਆਂ ਜੰਗੀ ਬੜ੍ਹਕਾਂ, ਫੌਜਾਂ ਦਾ ਯੁੱਧ ਅਭਿਆਸ

On Punjab

Instagram ਨੇ ਮਿਲਾਏ INSTANT ਦਿਲ, ਇੱਕ ਕਮੈਂਟ ਨਾਲ ਸ਼ੁਰੂ ਹੋਈ 8 ਹਜ਼ਾਰ ਕਿਲੋਮੀਟਰ ਦੂਰ ਦੀ Love Story

On Punjab

ਸਾਰੇ ਸਰਕਾਰੀ ਅਤੇ ਅਰਧ ਸਰਕਾਰੀ ਸਕੂਲਾਂ ਦਾ ਸਮਾਂ ਤਬਦੀਲ

Pritpal Kaur