PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਸ਼੍ਰੋਮਣੀ ਕਮੇਟੀ ਵੱਲੋਂ ਆਤਿਸ਼ੀ ਖਿਲਾਫ ਕਾਨੂੰਨੀ ਕਾਰਵਾਈ ਦਾ ਫੈਸਲਾ

ਅੰਮ੍ਰਿਤਸਰ- ਗੁਰੂ ਸਾਹਿਬਾਨ ਬਾਰੇ ਇਤਰਾਜ਼ਯੋਗ ਟਿੱਪਣੀ ਮਾਮਲੇ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਾਬਕਾ ਮੁੱਖ ਮੰਤਰੀ ਅਤੇ ‘ਆਪ’ ਆਗੂ ਆਤਿਸ਼ੀ ਦੇ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਹ ਫੈਸਲਾ ਅੱਜ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਵਿੱਚ ਕੀਤਾ ਗਿਆ, ਜਿੱਥੇ ਉਸ ਖਿਲਾਫ ਇੱਕ ਨਿੰਦਾ ਮਤਾ ਵੀ ਪਾਸ ਕੀਤਾ ਗਿਆ। ਇਹ ਜਾਣਕਾਰੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦਿੱਤੀ।

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਅੱਜ ਇਥੇ ਸ਼੍ਰੋਮਣੀ ਕਮੇਟੀ ਦਫ਼ਤਰ ਵਿੱਚ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਹੋਈ ਹੈ। ਮੀਟਿੰਗ ਵਿਚ ਬੀਤੇ ਦਿਨੀਂ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੀ ਆਗੂ ਆਤਿਸ਼ੀ ਵੱਲੋਂ ਸਿੱਖ ਗੁਰੂ ਸਾਹਿਬਾਨ ਬਾਰੇ ਕੀਤੀ ਅਪਮਾਨਜਨਕ ਟਿੱਪਣੀ ਬਾਰੇ ਨਿੰਦਾ ਮਤਾ ਪਾਸ ਕਰਦਿਆਂ ਉਸ ਖਿਲਾਫ਼ ਸਖ਼ਤ ਕਾਰਵਾਈ ਦਾ ਫੈਸਲਾ ਕੀਤਾ ਗਿਆ। ਐਡਵੋਕੇਟ ਧਾਮੀ ਨੇ ਕਿਹਾ ਕਿ ਦਿੱਲੀ ਦੀ ਵਿਧਾਨ ਸਭਾ ਅੰਦਰ ਚੱਲਦੇ ਸੈਸ਼ਨ ਵਿਚ ਲੋਕਾਂ ਦੁਆਰਾ ਚੁਣੇ ਹੋਏ ਨੁਮਾਇੰਦੇ ਵੱਲੋਂ ਗੁਰੂ ਸਾਹਿਬਾਨ ਬਾਰੇ ਅਪਮਾਨਜਨਕ ਸ਼ਬਦਾਵਲੀ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਅਜਿਹਾ ਕਰਕੇ ਆਮ ਆਦਮੀ ਪਾਰਟੀ ਦੀ ਆਗੂ ਵੱਲੋਂ ਆਪਣੀ ਘਟੀਆ ਮਾਨਸਿਕਤਾ ਦਾ ਪ੍ਰਗਟਾਵਾ ਕੀਤਾ ਗਿਆ ਹੈ, ਜਿਸ ਕਰਕੇ ਉਸ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਇਸੇ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਪਾਵਨ ਸਰੋਵਰ ਵਿਚ ਇਕ ਨੌਜਵਾਨ ਵੱਲੋਂ ਮਰਯਾਦਾ ਦੇ ਉਲਟ ਜਾ ਕੇ ਕੀਤੀ ਹਰਕਤ ਦੀ ਵੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਇਕ ਪਾਵਨ ਮਰਯਾਦਾ ਹੈ ਅਤੇ ਇਸ ਮਰਯਾਦਾ ਦੇ ਵਿਰੁੱਧ ਕਿਸੇ ਵੀ ਹਰਕਤ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਸਿੱਖ ਹਿਰਦਿਆਂ ਨੂੰ ਠੇਸ ਪਹੁੰਚਾਉਣ ਵਾਲੀਆਂ ਹਨ। ਉਨ੍ਹਾਂ ਹਰ ਧਰਮ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਦੀਦਾਰ ਕਰਨ ਸਮੇਂ ਇਥੋਂ ਦੀ ਪਾਵਨ ਮਰਯਾਦਾ ਦਾ ਧਿਆਨ ਰੱਖਿਆ ਜਾਵੇ। ਅੰਤ੍ਰਿੰਗ ਕਮੇਟੀ ਵੱਲੋਂ ਅੱਜ ਦੀ ਮੀਟਿੰਗ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਬੰਧਕੀ ਮਾਮਲਿਆਂ ਅਤੇ ਗੁਰਦੁਆਰਾ ਸਾਹਿਬਾਨ, ਟਰੱਸਟ ਵਿਭਾਗ ਸਮੇਤ ਵੱਖ-ਵੱਖ ਵਿਭਾਗਾਂ ਦੇ ਰੁਟੀਨ ਅਨੁਸਾਰ ਮਾਮਲਿਆਂ ਨੂੰ ਵਿਚਾਰਿਆ ਗਿਆ।

Related posts

ਭਾਰਤ-ਚੀਨ ਵਿਚਾਲੇ ਤਣਾਅ ‘ਤੇ ਅਮਰੀਕਾ ਦਾ ਐਲਾਨ

On Punjab

ਮਾਨ ਨੇ ਪ੍ਰਧਾਨ ਮੰਤਰੀ ਮੋਦੀ ਦੀਆਂ ਵਿਦੇਸ਼ ਯਾਤਰਾਵਾਂ ’ਤੇ ਸੇਧਿਆ ਨਿਸ਼ਾਨਾ

On Punjab

ਕਿੱਥੇ ਗਈਆਂ ਉਹ ਬਾਂਤਾ ਤੇ ਕਿੱਥੇ ਗਈਆਂ ਉਹ ਰਾਤਾਂ 

On Punjab