ਅੰਮ੍ਰਿਤਸਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੱਜ ਹੋਏ ਜਨਰਲ ਇਜਲਾਸ ਵਿੱਚ ਇੱਕ ਮਤਾ ਪਾਸ ਕਰ ਕੇ ਤਖ਼ਤਾਂ ਦੇ ਜਥੇਦਾਰਾਂ ਨੂੰ ਅਪੀਲ ਕੀਤੀ ਗਈ ਹੈ ਕਿ ਸਥਾਨਕ ਤਖ਼ਤਾਂ ਨਾਲ ਸਬੰਧਤ ਮਾਮਲਿਆਂ ਵਿੱਚ ਬੇਲੋੜੀ ਦਖਲਅੰਦਾਜ਼ੀ ਨਾ ਕੀਤੀ ਜਾਵੇ। ਸ੍ਰੀ ਅਕਾਲ ਤਖ਼ਤ ਨੂੰ ਛੱਡ ਕੇ ਬਾਕੀ ਚਾਰ ਤਖ਼ਤਾਂ ਨਾਲ ਸਬੰਧਤ ਸਥਾਨਕ ਮਾਮਲਿਆਂ ਵਿੱਚ ਉਹਨਾਂ ਦੀ ਸਹਿਮਤੀ ਤੋਂ ਬਿਨਾਂ ਦਖਲ ਅੰਦਾਜ਼ੀ ਨਾ ਕੀਤੀ ਜਾਵੇ।
ਅੱਜ ਕੀਤੇ ਫੈਸਲੇ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਮਤੇ ਵਿੱਚ ਜਥੇਦਾਰ ਸਾਹਿਬਾਨ ਨੂੰ ਅਪੀਲ ਕੀਤੀ ਹੈ ਕਿ ਜੇ ਕੋਈ ਅਜਿਹਾ ਮਾਮਲਾ ਆਉਂਦਾ ਹੈ ਤਾਂ ਉਸ ਸਬੰਧੀ ਵਿਚਾਰ ਕਰਨ ਸਮੇਂ ਸਥਾਨਕ ਤਖ਼ਤ ਦੇ ਜਥੇਦਾਰ ਸਾਹਿਬਾਨ ਨੂੰ ਜ਼ਰੂਰ ਸੱਦਿਆ ਜਾਵੇ। ਜੇ ਅਜਿਹੇ ਮਾਮਲੇ ਵਿੱਚ ਆਪਸੀ ਸਹਿਮਤੀ ਨਹੀਂ ਬਣਦੀ ਤਾਂ ਫੈਸਲਾ ਲੈਣ ਵਿਚ ਕਾਹਲੀ ਨਾ ਕੀਤੀ ਜਾਵੇ।
ਮਤੇ ਵਿੱਚ ਆਖਿਆ ਗਿਆ ਹੈ ਕਿ ਸ੍ਰੀ ਅਕਾਲ ਤਖ਼ਤ ਸਰਵਉੱਚ ਹੈ ਅਤੇ ਉਹ ਹਰ ਤਰ੍ਹਾਂ ਦੇ ਕੌਮੀ ਫੈਸਲੇ ਲੈਣ ਦੇ ਸਮਰੱਥ ਹੈ। ਸ਼੍ਰੋਮਣੀ ਕਮੇਟੀ ਦੇ ਜਨਰਲ ਇਜਲਾਸ ਵਿੱਚ ਇਹ ਮਤਾ ਬੀਤੇ ਦਿਨੀ ਤਖ਼ਤਾਂ ਵਿਚਾਲੇ ਪੈਦਾ ਹੋਏ ਵਿਵਾਦ ਦੇ ਮੱਦੇਨਜ਼ਰ ਕੀਤਾ ਗਿਆ ਹੈ, ਤਾਂ ਜੋ ਭਵਿੱਖ ਵਿੱਚ ਕੋਈ ਆਪਸੀ ਵਿਵਾਦ ਜਾਂ ਅੜਿੱਕਾ ਪੈਦਾ ਨਾ ਹੋਵੇ।
ਐਡਵੋਕੇਟ ਧਾਮੀ ਨੇ ਦੱਸਿਆ ਕਿ ਸ੍ਰੀ ਅਕਾਲ ਤਖ਼ਤ ’ਤੇ ਆਉਂਦੀਆਂ ਸ਼ਿਕਾਇਤਾਂ ਦੇ ਨਿਬੇੜੇ ਵਾਸਤੇ ਅਤੇ ਹੋਰ ਮਾਮਲਿਆਂ ਸਬੰਧੀ ਵਿਚਾਰ ਵਟਾਂਦਰਾ ਕਰਨ ਲਈ ਜਲਦੀ ਹੀ ਇੱਕ ਸਲਾਹਕਾਰ ਬੋਰਡ ਦਾ ਗਠਨ ਕੀਤਾ ਜਾਵੇਗਾ। ਸ਼ਿਕਾਇਤਾਂ ਆਦਿ ਦਾ ਨਿਪਟਾਰਾ ਸਲਾਹਕਾਰ ਬੋਰਡ ਵੱਲੋਂ ਕੀਤਾ ਜਾਵੇਗਾ ਅਤੇ ਫੈਸਲੇ ਸਬੰਧੀ ਸੰਤੁਸ਼ਟੀ ਨਾ ਹੋਣ ਦੀ ਸੂਰਤ ਵਿੱਚ ਇਸ ਦੀ ਅਪੀਲ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਕੋਲ ਕੀਤੀ ਜਾ ਸਕੇਗੀ।
ਪੰਜ ਮੈਂਬਰੀ ਭਰਤੀ ਕਮੇਟੀ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦੀ ਚੋਣ ਵਾਸਤੇ ਤੇਜਾ ਸਿੰਘ ਸਮੁੰਦਰੀ ਹਾਲ ਦੇਣ ਦੀ ਕੀਤੀ ਗਈ ਅਪੀਲ ਬਾਰੇ ਉਹਨਾਂ ਕਿਹਾ ਕਿ ਇਹ ਮਾਮਲਾ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਕੋਲ ਭੇਜ ਦਿੱਤਾ ਗਿਆ ਹੈ। ਇਹ ਮਾਮਲਾ ਹੁਣ ਉਹਨਾਂ ਦੇ ਵਿਚਾਰ ਅਧੀਨ ਹੈ ਅਤੇ ਉਹਨਾਂ ਵੱਲੋਂ ਹੀ ਫੈਸਲਾ ਕੀਤਾ ਜਾਵੇਗਾ।