50.49 F
New York, US
October 22, 2026
PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਸੁਪਰੀਮ ਕੋਰਟ ਨੇ ਰਾਜੋਆਣਾ ਦੀ ਪਟੀਸ਼ਨ ‘ਤੇ ਕੇਂਦਰ ਨੂੰ ਹਲਫ਼ਨਾਮਾ ਦਾਇਰ ਕਰਨ ਲਈ ਕਿਹਾ

ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਕੇਂਦਰ ਨੂੰ 1995 ਦੇ ਪੰਜਾਬ ਦੇ ਤਤਕਾਲੀ ਮੁੱਖ ਮੰਤਰੀ ਬੇਅੰਤ ਸਿੰਘ ਦੇ ਹੱਤਿਆ ਕਾਂਡ ਵਿੱਚ ਦੋਸ਼ੀ ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ ‘ਤੇ ਦੋ ਹਫ਼ਤਿਆਂ ਦੇ ਅੰਦਰ ਆਪਣਾ ਹਲਫ਼ਨਾਮਾ ਦਾਇਰ ਕਰਨ ਲਈ ਕਿਹਾ ਹੈ। ਰਾਜੋਆਣਾ ਨੇ ਆਪਣੀ ਰਹਿਮ ਦੀ ਅਪੀਲ ‘ਤੇ ਫੈਸਲਾ ਲੈਣ ਵਿੱਚ ਹੋ ਰਹੀ ਦੇਰੀ ਕਾਰਨ ਆਪਣੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲਣ ਦੀ ਮੰਗ ਕੀਤੀ ਹੈ। ਰਾਜੋਆਣਾ 29 ਸਾਲਾਂ ਤੋਂ ਵੱਧ ਸਮੇਂ ਤੋਂ ਜੇਲ੍ਹ ਵਿੱਚ ਬੰਦ ਹੈ, ਜਿਸ ਵਿੱਚੋਂ ਉਹ 15 ਸਾਲਾਂ ਤੋਂ ਵੱਧ ਸਮੇਂ ਤੋਂ ਫਾਂਸੀ ਦੀ ਸਜ਼ਾ ਦਾ ਸਾਹਮਣਾ ਕਰ ਰਿਹਾ ਹੈ।ਜਸਟਿਸ ਵਿਕਰਮ ਨਾਥ, ਸੰਦੀਪ ਮਹਿਤਾ ਅਤੇ ਵਿਜੇ ਬਿਸ਼ਨੋਈ ਦੇ ਬੈਂਚ ਨੇ ਕੇਂਦਰ ਵੱਲੋਂ ਪੇਸ਼ ਹੋਏ ਵਕੀਲ ਨੂੰ ਪੁੱਛਿਆ, “ਤੁਸੀਂ ਹੁਣ ਤੱਕ ਆਪਣਾ ਜਵਾਬੀ ਹਲਫ਼ਨਾਮਾ ਦਾਇਰ ਕਿਉਂ ਨਹੀਂ ਕੀਤਾ?” ਵਕੀਲ ਨੇ ਕਿਹਾ ਕਿ ਉਹ ਅਦਾਲਤ ਦੇ ਸਾਹਮਣੇ ਸੀਲਬੰਦ ਲਿਫ਼ਾਫ਼ੇ ਵਿੱਚ ਕੁਝ ਦਸਤਾਵੇਜ਼ ਰੱਖਣਾ ਚਾਹੁੰਦੇ ਹਨ।

ਬੈਂਚ ਨੇ ਕਿਹਾ, “ਤੁਸੀਂ ਆਪਣਾ ਜਵਾਬੀ ਹਲਫ਼ਨਾਮਾ ਦਾਇਰ ਕਰੋ ਨਹੀਂ ਤਾਂ ਉਸ ਦੇ (ਰਾਜੋਆਣਾ ਦੇ) ਦੋਸ਼ਾਂ ਦਾ ਕੋਈ ਖੰਡਨ ਨਹੀਂ ਹੋਵੇਗਾ,” ਅਦਾਲਤ  ਨੇ ਅੱਗੇ ਕਿਹਾ, “ਤੁਸੀਂ ਜੋ ਵੀ ਕਹਿਣਾ ਚਾਹੁੰਦੇ ਹੋ, ਹਲਫ਼ਨਾਮੇ ਵਿੱਚ ਰੱਖੋ।”ਰਾਜੋਆਣਾ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਮੁਕੁਲ ਰੋਹਤਗੀ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵੱਲੋਂ ਮਾਰਚ 2012 ਵਿੱਚ ਪਟੀਸ਼ਨਰ ਦੀ ਤਰਫੋਂ ਦਾਇਰ ਕੀਤੀ ਗਈ ਰਹਿਮ ਦੀ ਅਪੀਲ ਅਜੇ ਵੀ ਲਟਕ ਰਹੀ ਹੈ। ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਨੇ 2023 ਵਿੱਚ ਕਿਹਾ ਸੀ ਕਿ ਅਧਿਕਾਰੀਆਂ ਨੂੰ ਰਹਿਮ ਦੀ ਅਪੀਲ ‘ਤੇ ਫੈਸਲਾ ਲੈਣਾ ਚਾਹੀਦਾ ਹੈ।

ਰੋਹਤਗੀ ਨੇ ਸੁਪਰੀਮ ਕੋਰਟ ਦੇ ਪਿਛਲੇ ਸਾਲ 24 ਸਤੰਬਰ ਦੇ ਹੁਕਮ ਦਾ ਹਵਾਲਾ ਦਿੱਤਾ ਜਿਸ ਵਿੱਚ ਕਿਹਾ ਗਿਆ ਸੀ ਕਿ ਜਵਾਬਦੇਹ ਧਿਰਾਂ ਵੱਲੋਂ ਮਾਮਲੇ ਵਿੱਚ ਮੁਲਤਵੀ ਕਰਨ ਦੀ ਕਿਸੇ ਵੀ ਹੋਰ ਬੇਨਤੀ ਨੂੰ ਸਵੀਕਾਰ ਨਹੀਂ ਕੀਤਾ ਜਾਵੇਗਾ। ਬੈਂਚ ਨੇ ਕੇਂਦਰ ਦੇ ਵਕੀਲ ਨੂੰ ਹਲਫ਼ਨਾਮਾ ਦਾਇਰ ਕਰਨ ਲਈ ਦੋ ਹਫ਼ਤਿਆਂ ਦਾ ਸਮਾਂ ਦਿੱਤਾ ਅਤੇ ਸਪੱਸ਼ਟ ਕੀਤਾ ਕਿ ਹੋਰ ਸਮਾਂ ਨਹੀਂ ਦਿੱਤਾ ਜਾਵੇਗਾ। ਸੁਪਰੀਮ ਕੋਰਟ ਨੇ ਇਸ ਤੋਂ ਪਹਿਲਾਂ ਕੇਂਦਰ ਨੂੰ ਰਾਜੋਆਣਾ ਦੀ ਰਹਿਮ ਦੀ ਪਟੀਸ਼ਨ ‘ਤੇ ਫੈਸਲਾ ਲੈਣ ਲਈ ਕਿਹਾ ਸੀ। ਕੇਂਦਰ ਨੇ ਉਦੋਂ ਮਾਮਲੇ ਦੀ ਸੰਵੇਦਨਸ਼ੀਲਤਾ ਦਾ ਹਵਾਲਾ ਦਿੱਤਾ ਸੀ ਅਤੇ ਕਿਹਾ ਸੀ ਕਿ ਰਹਿਮ ਦੀ ਅਪੀਲ ਵਿਚਾਰ ਅਧੀਨ ਹੈ। ਸਤੰਬਰ 2024 ਵਿੱਚ ਸਿਖਰਲੀ ਅਦਾਲਤ ਨੇ ਰਾਜੋਆਣਾ ਦੀ ਪਟੀਸ਼ਨ ‘ਤੇ ਕੇਂਦਰ, ਪੰਜਾਬ ਸਰਕਾਰ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਦੇ ਪ੍ਰਸ਼ਾਸਨ ਤੋਂ ਜਵਾਬ ਮੰਗਿਆ ਸੀ।

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਅਤੇ 16 ਹੋਰ 31 ਅਗਸਤ 1995 ਨੂੰ ਚੰਡੀਗੜ੍ਹ ਵਿੱਚ ਸਿਵਲ ਸਕੱਤਰੇਤ ਦੇ ਪ੍ਰਵੇਸ਼ ਦੁਆਰ ‘ਤੇ ਹੋਏ ਧਮਾਕੇ ਵਿੱਚ ਮਾਰੇ ਗਏ ਸਨ। ਇੱਕ ਵਿਸ਼ੇਸ਼ ਅਦਾਲਤ ਨੇ ਜੁਲਾਈ 2007 ਵਿੱਚ ਰਾਜੋਆਣਾ ਨੂੰ ਮੌਤ ਦੀ ਸਜ਼ਾ ਸੁਣਾਈ ਸੀ। ਰਾਜੋਆਣਾ ਦੀ ਪਟੀਸ਼ਨ ਵਿੱਚ ਉਸ ਦੀ ਰਿਹਾਈ ਦੀ ਮੰਗ ਕੀਤੀ ਗਈ ਸੀ। 3 ਮਈ 2023 ਨੂੰ, ਸੁਪਰੀਮ ਕੋਰਟ ਨੇ ਉਸ ਦੀ ਮੌਤ ਦੀ ਸਜ਼ਾ ਨੂੰ ਬਦਲਣ ਤੋਂ ਇਨਕਾਰ ਕਰ ਦਿੱਤਾ ਸੀ ਅਤੇ ਕਿਹਾ ਸੀ ਕਿ ਸਮਰੱਥ ਅਥਾਰਟੀ ਉਸ ਦੀ ਰਹਿਮ ਦੀ ਅਪੀਲ ਨਾਲ ਨਜਿੱਠ ਸਕਦੀ ਹੈ।

2024 ਵਿੱਚ ਦਾਇਰ ਆਪਣੀ ਨਵੀਂ ਪਟੀਸ਼ਨ ਵਿੱਚ, ਰਾਜੋਆਣਾ ਨੇ 28.8 ਸਾਲ ਜੇਲ੍ਹ ਵਿੱਚ ਕੱਟਣ ਦਾ ਜ਼ਿਕਰ ਕੀਤਾ, ਜਿਸ ਵਿੱਚੋਂ ਉਸ ਨੇ 15 ਸਾਲਾਂ ਤੋਂ ਵੱਧ ਸਮਾਂ ਫਾਂਸੀ ਦੀ ਸਜ਼ਾ ਵਾਲੇ ਕੈਦੀ ਵਜੋਂ ਬਿਤਾਇਆ ਹੈ। ਉਸ ਨੇ ਕਿਹਾ ਕਿ ਐੱਸ ਜੀ ਪੀ ਸੀ ਨੇ ਮਾਰਚ 2012 ਵਿੱਚ ਧਾਰਾ 72 ਦੇ ਤਹਿਤ ਇੱਕ ਰਹਿਮ ਦੀ ਅਪੀਲ ਪੇਸ਼ ਕੀਤੀ ਸੀ। ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਸੁਪਰੀਮ ਕੋਰਟ ਵੱਲੋਂ ਸਮਰੱਥ ਅਥਾਰਟੀ ਨੂੰ ਰਹਿਮ ਦੀ ਅਪੀਲ ‘ਤੇ ਫੈਸਲਾ ਲੈਣ ਦੇ ਦਿੱਤੇ ਨਿਰਦੇਸ਼ ਨੂੰ ਇੱਕ ਸਾਲ ਤੋਂ ਵੱਧ ਸਮਾਂ ਬੀਤ ਚੁੱਕਾ ਹੈ। ਇਸ ਵਿੱਚ ਸੁਪਰੀਮ ਕੋਰਟ ਦੇ ਅਪਰੈਲ 2023 ਦੇ ਇੱਕ ਵੱਖਰੇ ਮਾਮਲੇ ਦੇ ਹੁਕਮ ਦਾ ਹਵਾਲਾ ਦਿੱਤਾ ਗਿਆ ਹੈ ਜਿਸ ਵਿੱਚ ਅਦਾਲਤ ਨੇ ਸਾਰੇ ਰਾਜਾਂ ਅਤੇ ਉਚਿਤ ਅਧਿਕਾਰੀਆਂ ਨੂੰ ਲਟਕਦੀਆਂ ਰਹਿਮ ਦੀਆਂ ਪਟੀਸ਼ਨਾਂ ਦਾ ਜਲਦੀ ਅਤੇ ਬਿਨਾਂ ਕਿਸੇ ਦੇਰੀ ਦੇ ਫੈਸਲਾ ਕਰਨ ਦੇ ਨਿਰਦੇਸ਼ ਦਿੱਤੇ ਸਨ।

Related posts

ਲਾਲੂ ਦੇ ਘਰ ਕਲੇਸ਼, ਨੂੰਹ ਨੇ ਸੱਸ ਤੇ ਨਨਾਣ ‘ਤੇ ਲਾਏ ਗੰਭੀਰ ਇਲਜ਼ਾ

On Punjab

ਹਾਈ ਕੋਰਟ ਵੱਲੋਂ ਕਾਂਗਰਸ ਨੂੰ ਪ੍ਰਧਾਨ ਮੰਤਰੀ, ਉਨ੍ਹਾਂ ਦੀ ਸਵਰਗੀ ਮਾਂ ਦੀ AI-ਜਨਰੇਟਿਡ ਵੀਡੀਓ ਹਟਾਉਣ ਦਾ ਨਿਰਦੇਸ਼

On Punjab

ਕੌਮੀ ਜਾਂਚ ਏਜੰਸੀ (ਐੱਨਆਈਏ) ਨੇ ਅੱਜ ‘ਫਿਰੌਤੀ ਅਤੇ ਗੋਲੀਬਾਰੀ’ ਮਾਮਲੇ ਵਿੱਚ ਲੋੜੀਂਦੇ ਕੈਨੇਡਾ ’ਚ ਰਹਿ ਰਹੇ ਅਤਿਵਾਦੀ ਗੋਲਡੀ ਬਰਾੜ ਤੇ ਇੱਕ ਹੋਰ ਮੁਲਜ਼ਮ ਦੀ ਗ੍ਰਿਫ਼ਤਾਰੀ ਵਿੱਚ ਮਦਦ ਕਰਨ ਵਾਲੀ ਸੂਚਨਾ ਸਾਂਝੀ ਕਰਨ ਵਾਲੇ ਵਿਅਕਤੀਆਂ ਨੂੰ 10-10 ਲੱਖ ਰੁਪਏ ਨਕਦ ਇਨਾਮ ਦੇਣ ਦਾ ਐਲਾਨ ਕੀਤਾ ਹੈ। ਜਾਂਚ ਏਜੰਸੀ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਦੋਵੇਂ ਮੁਲਜ਼ਮ ਇਸ ਸਾਲ 8 ਮਾਰਚ ਨੂੰ ਫਿਰੌਤੀ ਲਈ ਇੱਕ ਕਾਰੋਬਾਰੀ ਦੇ ਘਰ ਗੋਲੀਆਂ ਚਲਾਉਣ ਦੇ ਮਾਮਲੇ ਵਿੱਚ ਲੋੜੀਂਦੇ ਹਨ। ਇਸ ਵਿੱਚ ਕਿਹਾ ਗਿਆ ਹੈ ਕਿ ਪੰਜਾਬ ਦੇ ਸ੍ਰੀ ਮੁਕਤਸਰ ਸਾਹਿਬ ਦੇ ਆਦੇਸ਼ ਨਗਰ ਨਿਵਾਸੀ ਸ਼ਮਸ਼ੇਰ ਸਿੰਘ ਦੇ ਪੁੱਤਰ ਸਤਵਿੰਦਰ ਸਿੰਘ ਉਰਫ ਗੋਲਡੀ ਬਰਾੜ ਅਤੇ ਪੰਜਾਬ ਦੇ ਹੀ ਰਾਜਪੁਰਾ ਸਥਿਤ ਬਾਬਾ ਦੀਪ ਸਿੰਘ ਕਲੋਨੀ ਨਿਵਾਸੀ ਸੁਖਜਿੰਦਰ ਸਿੰਘ ਦੇ ਪੁੱਤਰ ਗੁਰਪ੍ਰੀਤ ਸਿੰਘ ਉਰਫ ਗੋਲਡੀ ਢਿੱਲੋਂ ਉਰਫ ਗੋਲਡੀ ਰਾਜਪੁਰਾ ਖ਼ਿਲਾਫ਼ ਆਈਪੀਸੀ, ਗੈਰਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ ਅਤੇ ਅਸਲਾ ਐਕਟ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ। ਬਿਆਨ ਵਿੱਚ ਕਿਹਾ ਗਿਆ ਹੈ, ‘‘ਐੱਨਆਈਏ ਨੇ ਬੁੱਧਵਾਰ ਨੂੰ ਚੰਡੀਗੜ੍ਹ ਵਿੱਚ ਫਿਰੌਤੀ ਅਤੇ ਇੱਕ ਕਾਰੋਬਾਰੀ ਦੇ ਘਰ ’ਤੇ ਗੋਲੀਆਂ ਚਲਾਉਣ ਦੇ ਮਾਮਲੇ ਵਿੱਚ ਲੋੜੀਂਦੇ ਅਤਿਵਾਦੀ ਗੋਲਡੀ ਬਰਾੜ ਅਤੇ ਇੱਕ ਹੋਰ ਗੈਂਗਸਟਰ ਦੀ ਗ੍ਰਿਫਤਾਰੀ ’ਤੇ ਨਕਦ ਇਨਾਮ ਦਾ ਐਲਾਨ ਕੀਤਾ ਹੈ।’’ ਏਜੰਸੀ ਨੇ ਦੋਵਾਂ ’ਚੋਂ ਕਿਸੇ ਦੀ ਵੀ ਗ੍ਰਿਫਤਾਰੀ ਲਈ ਅਹਿਮ ਜਾਣਕਾਰੀ ਦੇਣ ਲਈ 10-10 ਲੱਖ ਰੁਪਏ ਦੇ ਨਕਦ ਇਨਾਮ ਦੇਣ ਦਾ ਐਲਾਨ ਕੀਤਾ ਹੈ। ਜਾਣਕਾਰੀ ਦੇਣ ਵਾਲੇ ਵਿਅਕਤੀ ਦੀ ਪਛਾਣ ਗੁਪਤ ਰੱਖੀ ਜਾਵੇਗੀ। ਇਸ ਸਬੰਧੀ ਸੂਚਨਾ ਐੱਨਆਈਏ ਹੈੱਡਕੁਆਰਟਰ ਦੇ ਫੋਨ ਨੰਬਰ, ਈਮੇਲ, ਵਟਸਐਪ ਜਾਂ ਟੈਲੀਗ੍ਰਾਮ ਐਪ ਰਾਹੀਂ ਦਿੱਤੀ ਜਾ ਸਕਦੀ ਹੈ।

On Punjab