PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਸ੍ਰੀ ਅਕਾਲ ਤਖ਼ਤ ਸਾਹਿਬ ਦੀ ਕਮੇਟੀ ਨੇ ਸਤਿਕਾਰ ਐਕਟ-2026 ਨੂੰ ਲੈ ਕੇ ਸੂਬਾ ਸਰਕਾਰ ਤੋਂ ਮੰਗਿਆ ਸਪੱਸ਼ਟੀਕਰਨ

ਅੰਮ੍ਰਿਤਸਰ-  ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ-2026’ ਨੂੰ ਲੈ ਕੇ ਚੱਲ ਰਹੇ ਵਿਵਾਦ ਦਰਮਿਆਨ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਿਤ ਮਾਹਰ ਕਮੇਟੀ ਨੇ ਪੰਜਾਬ ਸਰਕਾਰ ਤੋਂ ਅਹਿਮ ਨੁਕਤਿਆਂ ‘ਤੇ ਸਥਿਤੀ ਸਪੱਸ਼ਟ ਕਰਨ ਲਈ ਕਿਹਾ ਹੈ। ਅੱਜ ਹੋਈ ਇਕੱਤਰਤਾ ਤੋਂ ਬਾਅਦ ਕਮੇਟੀ ਨੇ ਸਪੱਸ਼ਟ ਕੀਤਾ ਕਿ ਉਹ 18 ਨਵੰਬਰ ਨੂੰ ਸੂਬਾ ਸਰਕਾਰ ਨਾਲ ਹੋਣ ਵਾਲੀ ਪ੍ਰਸਤਾਵਿਤ ਮੀਟਿੰਗ ਵਿੱਚ ਸ਼ਾਮਲ ਹੋ ਕੇ ਇਸ ਐਕਟ ‘ਤੇ ਵਿਚਾਰ ਕਰਨ ਲਈ ਤਿਆਰ ਹੈ, ਪਰ ਇਸ ਤੋਂ ਪਹਿਲਾਂ ਸਰਕਾਰ ਨੂੰ ਕੁਝ ਬੁਨਿਆਦੀ ਸਵਾਲਾਂ ਦੇ ਜਵਾਬ ਦੇਣੇ ਹੋਣਗੇ।

ਮਾਹਰ ਕਮੇਟੀ ਦੇ ਕੋਆਰਡੀਨੇਟਰ ਵੱਲੋਂ ਪੰਜਾਬ ਸਰਕਾਰ ਦੀ ਤਾਲਮੇਲ ਕਮੇਟੀ ਦੇ ਨੋਡਲ ਅਫ਼ਸਰ ਨੂੰ ਭੇਜੇ ਪੱਤਰ ਵਿੱਚ ਦੋ ਮੁੱਖ ਸਵਾਲ ਉਠਾਏ ਗਏ ਹਨ। ਪਹਿਲੇ ਸਵਾਲ ਵਿੱਚ ਪੁੱਛਿਆ ਗਿਆ ਹੈ ਕਿ ਕੀ ਸਰਕਾਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ 29 ਜੂਨ, 2026 ਨੂੰ ਜਾਰੀ ਕੀਤੇ ਗਏ ਆਦੇਸ਼ਾਂ—ਜਿਨ੍ਹਾਂ ‘ਤੇ ਸਰਕਾਰ ਦੇ ਮੰਤਰੀਆਂ ਅਤੇ ਵਿਧਾਇਕਾਂ ਨੇ ਪੰਜ ਸਿੰਘ ਸਾਹਿਬਾਨ ਦੇ ਸਨਮੁੱਖ ਆਪਣੀ ਸਹਿਮਤੀ ਪ੍ਰਗਟਾਈ ਸੀ—ਦੀ ਪਾਲਣਾ ਹਿੱਤ ਹੁਣ ਤੱਕ ਕੋਈ ਠੋਸ ਕਦਮ ਚੁੱਕਿਆ ਹੈ? ਦੂਜੇ ਸਵਾਲ ਵਿੱਚ ਇਹ ਜਾਣਕਾਰੀ ਮੰਗੀ ਗਈ ਹੈ ਕਿ ਕੀ 11 ਮਈ ਅਤੇ 29 ਜੂਨ, 2026 ਦੇ ਹੁਕਮਾਂ ਅਨੁਸਾਰ ਇਸ ਸੋਧ ਐਕਟ ਨੂੰ ਲਾਗੂ ਕਰਨ ‘ਤੇ ਰੋਕ ਲਗਾਉਣ ਸਬੰਧੀ ਕੋਈ ਸਰਕਾਰੀ ਹੁਕਮ ਜਾਂ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ ਜਾਂ ਨਹੀਂ?

ਕਮੇਟੀ ਨੇ ਸੂਬਾ ਸਰਕਾਰ ਨੂੰ ਇਨ੍ਹਾਂ ਦੋਵਾਂ ਸਵਾਲਾਂ ਦੇ ਜਵਾਬ ਸਿੱਧੇ ਤੌਰ ‘ਤੇ ‘ਹਾਂ’ ਜਾਂ ‘ਨਾਂਹ’ ਵਿੱਚ ਦੇਣ ਲਈ ਆਖਿਆ ਹੈ। ਪੱਤਰ ਵਿੱਚ ਕਿਹਾ ਗਿਆ ਹੈ ਕਿ ਜੇਕਰ ਸਰਕਾਰ ਵੱਲੋਂ ਕੋਈ ਕਾਰਵਾਈ ਕੀਤੀ ਗਈ ਹੈ ਤਾਂ ਉਸ ਦੇ ਮੁਕੰਮਲ ਵੇਰਵੇ ਸਾਂਝੇ ਕੀਤੇ ਜਾਣ, ਅਤੇ ਜੇਕਰ ਅਜੇ ਤੱਕ ਕੋਈ ਕਦਮ ਨਹੀਂ ਚੁੱਕਿਆ ਗਿਆ ਤਾਂ ਇਸ ਪਿਛਲੇ ਕਾਰਨਾਂ ਨੂੰ ਸਪੱਸ਼ਟ ਕੀਤਾ ਜਾਵੇ।

ਇਸ ਇਕੱਤਰਤਾ ਵਿੱਚ ਸੇਵਾਮੁਕਤ ਜਸਟਿਸ ਰੁਪਿੰਦਰ ਸਿੰਘ ਸੋਢੀ, ਸੇਵਾਮੁਕਤ ਜਸਟਿਸ ਮੋਹਿੰਦਰ ਮੋਹਨ ਸਿੰਘ ਬੇਦੀ, ਸੀਨੀਅਰ ਐਡਵੋਕੇਟ ਪੂਰਨ ਸਿੰਘ ਹੁੰਦਲ, ਡਾ. ਕੇਹਰ ਸਿੰਘ ਅਤੇ ਪ੍ਰੋ. ਜਗਮੋਹਨ ਸਿੰਘ ਸਮੇਤ ਹੋਰ ਅਧਿਕਾਰੀ ਸ਼ਾਮਲ ਸਨ। ਮਾਹਰ ਕਮੇਟੀ ਨੇ ਸਰਕਾਰ ਨੂੰ ਇਹ ਵੇਰਵੇ ਤੁਰੰਤ ਭੇਜਣ ਲਈ ਕਿਹਾ ਹੈ ਤਾਂ ਜੋ ਅਗਲੀ ਰਣਨੀਤੀ ਉਲੀਕੀ ਜਾ ਸਕੇ।

Related posts

‘Rain tax’ in Canada : ਕੈਨੇਡਾ ਦੇ ਆਮ ਨਾਗਰਿਕਾਂ ਲਈ ਨਵੀਂ ਮੁਸੀਬਤ, ਹੁਣ ਮੀਂਹ ਦੇ ਪਾਣੀ ‘ਤੇ ਵੀ ਦੇਣਾ ਪਵੇਗਾ ਟੈਕਸ

On Punjab

Punjab AG : ਕੈਪਟਨ ਅਮਰਿੰਦਰ ਸਿੰਘ ਸਰਕਾਰ ਤੋਂ ਬਾਅਦ AG ਦੇ ਅਹੁਦਿਆਂ ‘ਤੇ ਲੱਗਾ ਰਿਹਾ ਆਉਣਾ-ਜਾਣਾ, ਪੜ੍ਹੋ ਕਿਸ-ਕਿਸ ਨੇ ਦਿੱਤੇ ਅਸਤੀਫੇ

On Punjab

ਭਾਰਤ ਸਰਕਾਰ ਮੁੜ ਸ਼ੁਰੂ ਕਰੇਗੀ ਅੰਤਰਰਾਸ਼ਟਰੀ ਉਡਾਣਾਂ

On Punjab