ਅੰਮ੍ਰਿਤਸਰ- ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਹੋਣ ਵਾਲੇ ਸਮਾਗਮਾਂ ਵਿੱਚ ਸ਼ਮੂਲੀਅਤ ਕਰਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ 22 ਨਵੰਬਰ ਨੂੰ ਪਾਕਿਸਤਾਨ ਲਈ ਰਵਾਨਾ ਹੋਵੇਗਾ। ਇਸ ਦੌਰਾਨ ਸ਼੍ਰੋਮਣੀ ਕਮੇਟੀ ਵੱਲੋਂ ਜਾਣ ਵਾਲੇ ਜਥੇ ਵਿੱਚ 1822 ਸ਼ਰਧਾਲੂਆਂ ਨੂੰ ਵੀਜ਼ੇ ਪ੍ਰਾਪਤ ਹੋਏ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਹਰ ਸਾਲ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਭੇਜਿਆ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ 1828 ਸ਼ਰਧਾਲੂਆਂ ਦੇ ਪਾਸਪੋਰਟ ਵੀਜ਼ੇ ਲਈ ਪਾਕਿਸਤਾਨ ਦੂਤਾਵਾਸ ਨੂੰ ਭੇਜੇ ਗਏ ਸਨ, ਜਿਨ੍ਹਾਂ ਵਿੱਚੋਂ 1822 ਸ਼ਰਧਾਲੂਆਂ ਨੂੰ ਵੀਜ਼ੇ ਪ੍ਰਾਪਤ ਹੋਏ ਹਨ। ਉਨ੍ਹਾਂ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਜਾਣ ਵਾਲੇ ਸ਼ਰਧਾਲੂਆਂ ਨੂੰ ਖੁੱਲ੍ਹਦਿਲੀ ਨਾਲ ਵੀਜ਼ੇ ਦੇਣ ਲਈ ਭਾਰਤ ਅਤੇ ਪਾਕਿਸਤਾਨ ਸਰਕਾਰ ਦਾ ਧੰਨਵਾਦ ਵੀ ਕੀਤਾ।
ਐਡਵੋਕੇਟ ਧਾਮੀ ਨੇ ਦੱਸਿਆ ਕਿ ਵੀਜ਼ਾ ਲੱਗਣ ਵਾਲੇ ਸ਼ਰਧਾਲੂ ਆਪਣੇ ਪਾਸਪੋਰਟ 21 ਨਵੰਬਰ ਅਤੇ 22 ਨਵੰਬਰ ਨੂੰ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਮਿੱਥੇ ਪ੍ਰੋਗਰਾਮ ਅਨੁਸਾਰ ਇਹ ਜਥਾ 22 ਨਵੰਬਰ ਨੂੰ ਅਟਾਰੀ-ਵਾਹਗਾ ਬਾਰਡਰ ਰਸਤੇ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਜਾਵੇਗਾ, ਜਿੱਥੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਹੋ ਰਹੇ ਸਮਾਗਮਾਂ ਵਿੱਚ ਸ਼ਮੂਲੀਅਤ ਕਰਨ ਮਗਰੋਂ ਇਹ ਜਥਾ ਵੱਖ-ਵੱਖ ਗੁਰਧਾਮਾਂ ਦੇ ਦਰਸ਼ਨ ਕਰਕੇ 1 ਦਸੰਬਰ ਨੂੰ ਵਾਪਸ ਭਾਰਤ ਪਰਤੇਗਾ।

