ਅੰਮ੍ਰਿਤਸਰ- ਆਰਟੀਫਿਸ਼ੀਅਲ ਇੰਟੈਲੀਜੈਸ (AI) ਦੇ ਮਾਧਿਅਮ ਰਾਹੀਂ ਧਾਰਮਿਕ ਬੇਅਦਬੀ ਮਾਮਲਿਆਂ ਵਿੱਚ ਹੁਣ ਸ੍ਰੀ ਹਰਿਮੰਦਰ ਸਾਹਿਬ ਦੀ ਇਮਾਰਤ ਨੂੰ ਹੜ੍ਹ ਦੇ ਪਾਣੀ ਨਾਲ ਢਹਿ ਢੇਰੀ ਹੁੰਦਾ ਦਿਖਾਇਆ ਗਿਆ ਹੈ। ਪ੍ਰਬੰਧਕਾਂ ਨੇ ਇਸ ਦਾ ਸਖ਼ਤ ਨੋਟਿਸ ਲਿਆ ਅਤੇ ਸ੍ਰੀ ਹਰਿਮੰਦਰ ਸਾਹਿਬ ਦੇ ਜਨਰਲ ਮੈਨੇਜਰ ਭਗਵੰਤ ਸਿੰਘ ਧੰਗੇੜਾ ਨੇ ਇਸ ਸਬੰਧ ਵਿੱਚ ਪੁਲੀਸ ਕਮਿਸ਼ਨਰ ਕੋਲ ਸ਼ਿਕਾਇਤ ਦਰਜ ਕਰਵਾਈ ਹੈ।
ਧੰਗੇੜਾ ਨੇ ਦੱਸਿਆ ਕਿ ਸ੍ਰੀ ਹਰਿਮੰਦਰ ਸਾਹਿਬ ਸਰਬ ਸਾਂਝੀਵਾਲਤਾ ਦਾ ਕੇਂਦਰੀ ਸਥਾਨ ਹੈ ਅਤੇ ਲੱਖਾਂ ਦੀ ਗਿਣਤੀ ਵਿੱਚ ਸੰਗਤ ਇੱਥੇ ਰੋਜ਼ ਦਰਸ਼ਨ ਇਸ਼ਨਾਨ ਕਰਨ ਲਈ ਆਉਂਦੀ ਹੈ। ਪ੍ਰੰਤੂ ਪਿਛਲੇ ਕੁਝ ਸਮੇਂ ਤੋਂ ਸ਼ਰਾਰਤੀ ਅਨਸਰਾਂ ਵੱਲੋਂ ਇਸ ਰੂਹਾਨੀ ਅਸਥਾਨ ਨਾਲ ਛੇੜਛਾੜ ਕਰਨ ਦੀਆਂ ਤਸਵੀਰਾਂ ਅਤੇ ਵੀਡੀਓ ਅਪਲੋਡ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ‘ਗੁਡ ਫਾਰਮਰ@ ਫਾਰਮ ਏ 17’ ਨਾਂਅ ਦਾ ਸੋਸ਼ਲ ਮੀਡੀਆ ’ਤੇ ਇੱਕ ਪੇਜ ਬਣਾ ਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਇਮਾਰਤ ਨੂੰ ਹੜ੍ਹ ਦੇ ਪਾਣੀ ਨਾਲ ਢਹਿ ਢੇਰੀ ਹੁੰਦਿਆਂ ਦਿਖਾਇਆ ਗਿਆ ਹੈ। ਇਸ ਸਬੰਧੀ ਇੱਕ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਕੀਤੀ ਗਈ ਹੈ। ਇਸ ਨਾਲ ਸੰਗਤਾਂ ਦੇ ਹਿਰਦੇ ਵਲੂੰਦਰੇ ਗਏ ਹਨ ਅਤੇ ਮਨਾਂ ਨੂੰ ਭਾਰੀ ਠੇਸ ਪੁੱਜੀ ਹੈ।
ਪੁਲੀਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਪ੍ਰਬੰਧਕਾਂ ਵੱਲੋਂ ਭੇਜੀ ਗਈ ਸ਼ਿਕਾਇਤ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਸਾਈਬਰ ਕਰਾਈਮ ਵਿਭਾਗ ਕੋਲ ਸ਼ਿਕਾਇਤ ਭੇਜੀ ਗਈ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ। ਪੁਲੀਸ ਵੱਲੋਂ ਅਜਿਹੀ ਵੀਡੀਓ ਸੋਸ਼ਲ ਮੀਡੀਆ ’ਤੇ ਅਪਲੋਡ ਕਰਨ ਵਾਲੇ ਵਿਅਕਤੀ ਦੀ ਸ਼ਨਾਖਤ ਕਰਨ ਦਾ ਵੀ ਯਤਨ ਕੀਤਾ ਜਾ ਰਿਹਾ।