59.11 F
New York, US
October 12, 2026
PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਸੰਗਰੂਰ ਜ਼ਿਲ੍ਹੇ ਦੇ ਖਿਡਾਰੀ ਹਰ ਸਾਲ 70 ਤੋਂ 80 ਰਾਸ਼ਟਰੀ ਤਗਮੇ ਜਿੱਤਦੇ ਹਨ

ਸੰਗਰੂਰ-  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੰਗਰੂਰ ਨੂੰ ਸਕੇਟਿੰਗ ਹੱਬ ਵਜੋਂ ਵਿਕਸਤ ਕੀਤਾ ਜਾ ਰਿਹਾ ਹੈ ਤਾਂ ਜੋ ਆਲਮੀ ਪੱਧਰ ਦੇ ਖਿਡਾਰੀ ਤਿਆਰ ਕੀਤੇ ਜਾ ਸਕਣ। ਉਨ੍ਹਾਂ ਕਿਹਾ ਕਿ ਇਸ ਜ਼ਿਲ੍ਹੇ ਦੇ ਖਿਡਾਰੀ ਹਰ ਸਾਲ 70 ਤੋਂ 80 ਰਾਸ਼ਟਰੀ ਤਗਮੇ ਜਿੱਤਦੇ ਹਨ ਅਤੇ ਧੂਰੀ ਵਿਖੇ ਇੱਕ ਨਵਾਂ ਵਿਸ਼ਵ-ਪੱਧਰੀ ਸਕੇਟਿੰਗ ਟਰੈਕ ਵੀ ਤਿਆਰ ਕੀਤਾ ਜਾ ਰਿਹਾ ਹੈ। ਪਿਛਲੀਆਂ ਸਰਕਾਰਾਂ ਵੱਲੋਂ ਖੇਡਾਂ ਪ੍ਰਤੀ ਵਰਤੀ ਗਈ ਅਣਗਹਿਲੀ ਦੇ ਉਲਟ ਆਪਣੀ ਸਰਕਾਰ ਵੱਲੋਂ ਖੇਡਾਂ ਨੂੰ ਦਿੱਤੀ ਜਾ ਰਹੀ ਤਰਜੀਹ ਦਾ ਜ਼ਿਕਰ ਕਰਦਿਆਂ ਉਨ੍ਹਾਂ ਨੇ 1,790 ਕਰੋੜ ਰੁਪਏ ਦੇ ਰਿਕਾਰਡ ਖੇਡ ਬਜਟ ਨੂੰ ਉਜਾਗਰ ਕੀਤਾ ਅਤੇ ਵਾਅਦਾ ਕੀਤਾ ਕਿ ਕਿਸੇ ਵੀ ਖਿਡਾਰੀ ਨੂੰ ਸਹੂਲਤਾਂ ਜਾਂ ਸਾਧਨਾਂ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ। ਪੰਜਾਬ ਦੀ ਖੇਡ ਵਿਰਾਸਤ ‘ਤੇ ਜ਼ੋਰ ਦਿੰਦਿਆਂ ਉਨ੍ਹਾਂ ਕਿਹਾ ਕਿ ਭਾਰਤ ਦੀਆਂ ਕ੍ਰਿਕਟ, ਹਾਕੀ ਅਤੇ ਫੁੱਟਬਾਲ ਟੀਮਾਂ ਦੇ ਕਪਤਾਨ ਪੰਜਾਬੀ ਹਨ। ਉਨ੍ਹਾਂ ਨੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਬੱਚਿਆਂ ਨੂੰ ਖੇਡਾਂ ਅਤੇ ਪੜ੍ਹਾਈ ਦਰਮਿਆਨ ਸੰਤੁਲਨ ਬਣਾਉਣ ਲਈ ਉਤਸ਼ਾਹਿਤ ਕਰਨ ਤਾਂ ਜੋ ਉਹ ਦੇਸ਼ ਦਾ ਨਾਂ ਰੌਸ਼ਨ ਕਰ ਸਕਣ।
ਆਪਣੇ ‘ਐਕਸ’ ਅਕਾਊਂਟ ‘ਤੇ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ: “ਸੰਗਰੂਰ ਦੇ ਸਕੇਟਿੰਗ ਟਰੈਕ ਬਾਰੇ ਛੋਟੇ ਬੱਚਿਆਂ ਅਤੇ ਨੌਜਵਾਨਾਂ ਦਾ ਉਤਸ਼ਾਹ ਦੇਖ ਕੇ ਬੇਹੱਦ ਖੁਸ਼ੀ ਹੋਈ। ਸੰਗਰੂਰ ਹੁਣ ਸਕੇਟਿੰਗ ਹੱਬ ਵਜੋਂ ਉਭਰਿਆ ਹੈ, ਜਿੱਥੋਂ ਦੇ ਖਿਡਾਰੀ ਹਰ ਸਾਲ 70 ਤੋਂ 80 ਰਾਸ਼ਟਰੀ ਤਗਮੇ ਜਿੱਤਦੇ ਹਨ। ਇਨ੍ਹਾਂ ਨੌਜਵਾਨ ਖਿਡਾਰੀਆਂ ਦੇ ਮਾਪਿਆਂ ਅਤੇ ਕੋਚਾਂ ਦੀ ਸਖ਼ਤ ਮਿਹਨਤ ਅਤੇ ਸਮਰਪਣ ਨੂੰ ਸਲਾਮ ਹੈ। ਭਾਰਤ ਦੀਆਂ ਕ੍ਰਿਕਟ, ਹਾਕੀ ਅਤੇ ਫੁੱਟਬਾਲ ਟੀਮਾਂ ਦੇ ਕਪਤਾਨ ਪੰਜਾਬੀ ਹਨ ਕਿਉਂਕਿ ਪੰਜਾਬੀ ਕਦੇ ਵੀ ਮੋਹਰੀ ਰਹਿਣ ਤੋਂ ਬਿਨਾਂ ਸੰਤੁਸ਼ਟ ਨਹੀਂ ਹੁੰਦੇ। ਖਿਡਾਰੀਆਂ ਨੂੰ ਅੰਤਰਰਾਸ਼ਟਰੀ ਪੱਧਰ ਦੀਆਂ ਸਹੂਲਤਾਂ ਪ੍ਰਦਾਨ ਕਰਨ ਲਈ, ਅਸੀਂ ਪਹਿਲੀ ਵਾਰ ਖੇਡ ਬਜਟ ਵਧਾ ਕੇ 1,790 ਕਰੋੜ ਰੁਪਏ ਕੀਤਾ ਹੈ। ਅਸੀਂ ਅਰਦਾਸ ਕਰਦੇ ਹਾਂ ਕਿ ਸਾਡੇ ਬੱਚੇ ਖੇਡਾਂ ਅਤੇ ਪੜ੍ਹਾਈ ਵਿੱਚ ਵੱਡੀਆਂ ਮੱਲ੍ਹਾਂ ਮਾਰਨ ਅਤੇ ਦੇਸ਼ ਦਾ ਨਾਂ ਰੌਸ਼ਨ ਕਰਨ। ਇਨਕਲਾਬ ਜ਼ਿੰਦਾਬਾਦ।”
ਖਿਡਾਰੀਆਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅਸੀਂ ਸੰਗਰੂਰ ਨੂੰ ਸਕੇਟਿੰਗ ਦੇ ਇੱਕ ਅਜਿਹੇ ਕੇਂਦਰ ਵਜੋਂ ਵਿਕਸਤ ਕਰ ਰਹੇ ਹਾਂ ਜਿੱਥੇ ਅੰਤਰਰਾਸ਼ਟਰੀ ਪੱਧਰ ਦੇ ਖਿਡਾਰੀ ਤਿਆਰ ਕੀਤੇ ਜਾ ਸਕਣ। ਸਕੇਟਿੰਗ ਇੱਕ ਬਹੁਤ ਹੀ ਚੁਣੌਤੀਪੂਰਨ ਖੇਡ ਹੈ ਜਿਸ ਲਈ ਬੇਮਿਸਾਲ ਹੁਨਰ, ਤਕਨੀਕ ਅਤੇ ਸਮਰਪਣ ਦੀ ਲੋੜ ਹੁੰਦੀ ਹੈ।”
ਮੁੱਖ ਮੰਤਰੀ ਨੇ ਉਨ੍ਹਾਂ ਖਿਡਾਰੀਆਂ ਨੂੰ ਵੀ ਵਧਾਈ ਦਿੱਤੀ ਜਿਨ੍ਹਾਂ ਨੇ 19ਵੀਆਂ ਅਤੇ 20ਵੀਆਂ ਏਸ਼ੀਅਨ ਰੋਲਰ ਸਕੇਟਿੰਗ ਚੈਂਪੀਅਨਸ਼ਿਪਾਂ ਵਿੱਚ ਚਾਂਦੀ ਦੇ ਤਗਮੇ ਜਿੱਤੇ ਸਨ। ਉਨ੍ਹਾਂ ਕਿਹਾ, “ਇਹ ਬੇਹੱਦ ਮਾਣ ਵਾਲੀ ਗੱਲ ਹੈ ਕਿ ਸੰਗਰੂਰ ਜ਼ਿਲ੍ਹੇ ਦੇ ਖਿਡਾਰੀ ਹਰ ਸਾਲ 70 ਤੋਂ 80 ਰਾਸ਼ਟਰੀ ਤਗਮੇ ਜਿੱਤਦੇ ਹਨ। ਸਾਡੀ ਸਰਕਾਰ ਇਹ ਯਕੀਨੀ ਬਣਾਏਗੀ ਕਿ ਖਿਡਾਰੀਆਂ ਨੂੰ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਮੁਕਾਬਲਿਆਂ ਵਿੱਚ ਬਿਹਤਰ ਪ੍ਰਦਰਸ਼ਨ ਕਰਨ ਲਈ ਮਿਆਰੀ ਸਹੂਲਤਾਂ ਅਤੇ ਸਾਧਨ ਮੁਹੱਈਆ ਕਰਵਾਏ ਜਾਣ।”
ਉਨ੍ਹਾਂ ਕਿਹਾ, “ਸਾਡੇ ਕੋਲ ਸੰਗਰੂਰ ਜ਼ਿਲ੍ਹੇ ਵਿੱਚ ਪਹਿਲਾਂ ਹੀ ਦੋ ਸਕੇਟਿੰਗ ਟਰੈਕ ਹਨ ਅਤੇ ਧੂਰੀ ਵਿੱਚ ਇੱਕ ਹੋਰ ਸ਼ਾਨਦਾਰ ਸਕੇਟਿੰਗ ਟਰੈਕ ਤਿਆਰ ਕੀਤਾ ਜਾ ਰਿਹਾ ਹੈ। ਸਾਡਾ ਟੀਚਾ ਖਿਡਾਰੀਆਂ ਨੂੰ ਕੌਮਾਂਤਰੀ ਪੱਧਰ ਦੀਆਂ ਸਹੂਲਤਾਂ ਪ੍ਰਦਾਨ ਕਰਨਾ ਹੈ ਤਾਂ ਜੋ ਉਹ ਪੰਜਾਬ ਅਤੇ ਦੇਸ਼ ਦਾ ਨਾਂ ਰੌਸ਼ਨ ਕਰ ਸਕਣ। ਅਸੀਂ ਆਪਣੇ ਖਿਡਾਰੀਆਂ ਦੀ ਤਰੱਕੀ ਵਿੱਚ ਸਹੂਲਤਾਂ ਜਾਂ ਸਰੋਤਾਂ ਦੀ ਕਿਸੇ ਵੀ ਘਾਟ ਨੂੰ ਅੜਿੱਕਾ ਨਹੀਂ ਬਣਨ ਦੇਵਾਂਗੇ।”
ਖੇਡਾਂ ਪ੍ਰਤੀ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਨੇ ਪਹਿਲੀ ਵਾਰ ਇਸ ਖੇਤਰ ਲਈ ਵਿਸ਼ੇਸ਼ ਤੌਰ ‘ਤੇ 1,790 ਕਰੋੜ ਰੁਪਏ ਅਲਾਟ ਕੀਤੇ ਹਨ। ਉਨ੍ਹਾਂ ਕਿਹਾ, “ਪਿਛਲੀਆਂ ਸਰਕਾਰਾਂ ਨੇ ਖੇਡਾਂ ਨੂੰ ਕੋਈ ਵਿਸ਼ੇਸ਼ ਮਹੱਤਵ ਨਹੀਂ ਦਿੱਤਾ। ਸਾਡੀ ਸਰਕਾਰ ਨੇ ਖੇਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਨੌਜਵਾਨ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਪਹਿਲੀ ਵਾਰ ਖੇਡਾਂ ਲਈ 1,790 ਕਰੋੜ ਰੁਪਏ ਅਲਾਟ ਕੀਤੇ ਹਨ। ਅਸੀਂ ਸਾਡੇ ਖਿਡਾਰੀਆਂ ਨੂੰ ਉੱਤਮਤਾ ਹਾਸਲ ਕਰਨ ਲਈ ਲੋੜੀਂਦਾ ਸਹਿਯੋਗ ਦੇਣ ਲਈ ਵਚਨਬੱਧ ਹਾਂ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਚੌਥਾ ਸੀਜ਼ਨ ਚੱਲ ਰਿਹਾ ਹੈ, ਜਿਸ ਵਿੱਚ ਉੱਭਰਦੀ ਖੇਡ ਪ੍ਰਤਿਭਾ ਦਾ ਪਤਾ ਲਗਾਉਣ ਅਤੇ ਨਿਖਾਰਨ ਲਈ ਲੱਖਾਂ ਪ੍ਰਤੀਯੋਗੀ ਹਿੱਸਾ ਲੈ ਰਹੇ ਹਨ। ਉਨ੍ਹਾਂ ਕਿਹਾ, “ਖੇਡਾਂ ਵਤਨ ਪੰਜਾਬ ਦੀਆਂ ਨੌਜਵਾਨ ਅਥਲੀਟਾਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਅਤੇ ਆਪਣੇ ਖੇਡ ਟੀਚਿਆਂ ਨੂੰ ਪ੍ਰਾਪਤ ਕਰਨ ਲਈ ਇੱਕ ਪਲੇਟਫਾਰਮ ਪ੍ਰਦਾਨ ਕਰ ਰਹੀਆਂ ਹਨ। ਅਸੀਂ ਖੇਡਾਂ ਨੂੰ ਪ੍ਰੋਤਸਾਹਿਤ ਕਰਨ ਅਤੇ ਸਾਡੇ ਨੌਜਵਾਨਾਂ ਨੂੰ ਸਿਹਤਮੰਦ ਅਤੇ ਅਨੁਸ਼ਾਸਿਤ ਜੀਵਨ ਸ਼ੈਲੀ ਅਪਣਾਉਣ ਲਈ ਪ੍ਰੇਰਿਤ ਕਰਨ ਵਾਸਤੇ 3,000 ਤੋਂ ਵੱਧ ਪੇਂਡੂ ਖੇਡ ਮੈਦਾਨ ਵਿਕਸਤ ਕਰ ਰਹੇ ਹਾਂ ਅਤੇ ਪਿੰਡਾਂ ਵਿੱਚ ਜਿੰਮ ਸਥਾਪਤ ਕਰ ਰਹੇ ਹਾਂ।”
ਜੇਤੂ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਮੁੱਖ ਮੰਤਰੀ ਨੇ ਉਨ੍ਹਾਂ ਦੀਆਂ ਪ੍ਰਾਪਤੀਆਂ ਵਿੱਚ ਮਾਪਿਆਂ ਅਤੇ ਕੋਚਾਂ ਦੇ ਯੋਗਦਾਨ ਨੂੰ ਮਾਨਤਾ ਦਿੱਤੀ। ਉਨ੍ਹਾਂ ਕਿਹਾ, “ਪੋਡੀਅਮ ਤੱਕ ਪਹੁੰਚਣ ਲਈ ਕਿਸੇ ਖਿਡਾਰੀ ਦੀ ਮਿਹਨਤ ਅਤੇ ਸਮਰਪਣ ਬਹੁਤ ਜ਼ਰੂਰੀ ਹੈ, ਪਰ ਮਾਪਿਆਂ ਅਤੇ ਕੋਚਾਂ ਦਾ ਵੀ ਅਹਿਮ ਯੋਗਦਾਨ ਹੁੰਦਾ ਹੈ। ਉਹ ਹਰ ਕਦਮ ‘ਤੇ ਖਿਡਾਰੀਆਂ ਦੇ ਨਾਲ ਖੜ੍ਹੇ ਹੁੰਦੇ ਹਨ, ਚੁਣੌਤੀਆਂ ਵਿੱਚ ਉਨ੍ਹਾਂ ਦੀ ਅਗਵਾਈ ਕਰਦੇ ਹਨ ਅਤੇ ਪਰਛਾਵੇਂ ਵਾਂਗ ਸਾਥ ਦਿੰਦੇ ਹਨ। ਮੈਂ ਸਾਰੇ ਜੇਤੂ ਖਿਡਾਰੀਆਂ, ਉਨ੍ਹਾਂ ਦੇ ਮਾਪਿਆਂ ਅਤੇ ਕੋਚਾਂ ਨੂੰ ਉਨ੍ਹਾਂ ਦੀਆਂ ਪ੍ਰਾਪਤੀਆਂ ਲਈ ਵਧਾਈ ਦਿੰਦਾ ਹਾਂ।”
ਉਨ੍ਹਾਂ ਮਾਪਿਆਂ ਨੂੰ ਆਪਣੇ ਬੱਚਿਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿੱਚ ਹਿੱਸਾ ਲੈਣ ਲਈ ਉਤਸ਼ਾਹਿਤ ਕਰਨ ਦੀ ਵੀ ਅਪੀਲ ਕੀਤੀ। ਉਨ੍ਹਾਂ ਕਿਹਾ,“ਖੇਡਾਂ ਨੌਜਵਾਨਾਂ ਵਿੱਚ ਅਨੁਸ਼ਾਸਨ, ਆਤਮ-ਵਿਸ਼ਵਾਸ ਅਤੇ ਟੀਮ ਭਾਵਨਾ ਪੈਦਾ ਕਰਦੀਆਂ ਹਨ ਅਤੇ ਉਨ੍ਹਾਂ ਨੂੰ ਮਾੜੀ ਸੰਗਤ ਤੋਂ ਦੂਰ ਰੱਖਣ ਵਿੱਚ ਮਦਦ ਕਰਦੀਆਂ ਹਨ। ਸਾਨੂੰ ਆਪਣੇ ਬੱਚਿਆਂ ਨੂੰ ਉਨ੍ਹਾਂ ਦੇ ਹੁਨਰ ਨੂੰ ਵਿਕਸਤ ਕਰਨ ਅਤੇ ਉੱਜਵਲ ਭਵਿੱਖ ਬਣਾਉਣ ਦਾ ਹਰ ਮੌਕਾ ਦੇਣਾ ਚਾਹੀਦਾ ਹੈ।”
ਭਾਰਤੀ ਖੇਡਾਂ ਵਿੱਚ ਪੰਜਾਬ ਦੇ ਲੰਬੇ ਸਮੇਂ ਤੋਂ ਚੱਲੇ ਆ ਰਹੇ ਯੋਗਦਾਨ ‘ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀ ਅਥਲੀਟਾਂ ਨੇ ਕੌਮੀ ਅਤੇ ਕੌਮਾਂਤਰੀ ਮੁਕਾਬਲਿਆਂ ਵਿੱਚ ਲਗਾਤਾਰ ਦੇਸ਼ ਦਾ ਮਾਣ ਵਧਾਇਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਨੇ ਕਈ ਦਹਾਕਿਆਂ ਤੋਂ ਭਾਰਤੀ ਖੇਡਾਂ ਵਿੱਚ ਬੇਮਿਸਾਲ ਯੋਗਦਾਨ ਪਾਇਆ ਹੈ। ਅੱਜ ਹਰਮਨਪ੍ਰੀਤ ਸਿੰਘ ਭਾਰਤੀ ਪੁਰਸ਼ ਹਾਕੀ ਟੀਮ ਦੀ ਅਗਵਾਈ ਕਰ ਰਹੇ ਹਨ, ਸ਼ੁਭਮਨ ਗਿੱਲ ਭਾਰਤੀ ਪੁਰਸ਼ ਕ੍ਰਿਕਟ ਟੀਮ ਦੇ ਕਪਤਾਨ ਹਨ, ਹਰਮਨਪ੍ਰੀਤ ਕੌਰ ਨੇ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਅਗਵਾਈ ਕੀਤੀ ਹੈ, ਗੁਰਪ੍ਰੀਤ ਸਿੰਘ ਸੰਧੂ ਭਾਰਤੀ ਪੁਰਸ਼ ਫੁੱਟਬਾਲ ਟੀਮ ਦੀ ਅਗਵਾਈ ਕਰ ਰਹੇ ਹਨ ਅਤੇ ਪਲਪ੍ਰੀਤ ਸਿੰਘ ਬਰਾੜ ਭਾਰਤੀ ਬਾਸਕਟਬਾਲ ਟੀਮ ਦੇ ਕਪਤਾਨ ਰਹਿ ਚੁੱਕੇ ਹਨ। ਇਹ ਪੰਜਾਬ ਦੀ ਅਪਾਰ ਖੇਡ ਪ੍ਰਤਿਭਾ ਨੂੰ ਦਰਸਾਉਂਦਾ ਹੈ ਅਤੇ ਸਾਡੀ ਸਰਕਾਰ ਚੈਂਪੀਅਨਾਂ ਦੀ ਅਗਲੀ ਪੀੜ੍ਹੀ ਨੂੰ ਤਿਆਰ ਕਰਨ ਲਈ ਵਚਨਬੱਧ ਹੈ।” ਮੁੱਖ ਮੰਤਰੀ ਨੇ ਦੁਹਰਾਇਆ ਕਿ ਸੂਬਾ ਸਰਕਾਰ ਖੇਡਾਂ ਦੇ ਬੁਨਿਆਦੀ ਢਾਂਚੇ ਵਿੱਚ ਨਿਵੇਸ਼ ਕਰਨਾ ਅਤੇ ਨੌਜਵਾਨ ਅਥਲੀਟਾਂ ਨੂੰ ਅੱਗੇ ਵਧਣ ਦੇ ਮੌਕੇ ਪ੍ਰਦਾਨ ਕਰਨਾ ਜਾਰੀ ਰੱਖੇਗੀ। ਇਸ ਮੌਕੇ ਲੜਕਿਆਂ ਅਤੇ ਲੜਕੀਆਂ ਲਈ ਸਪੀਡ-ਸਕੇਟਿੰਗ ਦੌੜਾਂ ਵੀ ਕਰਵਾਈਆਂ ਗਈਆਂ।

Related posts

ਈਰਾਨ ਦਾ ਅਮਰੀਕਾ ‘ਤੇ ਵੱਡਾ ਹਮਲਾ, ਇਰਾਕ ‘ਚ ਅਮਰੀਕੀ ਏਅਰਬੇਸ ‘ਤੇ ਦਾਗੇ ਚਾਰ ਰਾਕੇਟ

On Punjab

ਦੋ ਭਾਰਤਵੰਸ਼ੀ ਅਮਰੀਕਾ ‘ਚ ਅਹਿਮ ਅਹੁਦਿਆਂ ਲਈ ਨਾਮਜ਼ਦ, ਇਹ ਮਹਿਕਮੇ ਕੀਤੇ ਅਲਾਟ

On Punjab

ਪੰਜ ਤੱਤਾਂ ‘ਚ ਵਿਲੀਨ ਹੋਇਆ ਟਿੱਬਿਆਂ ਦਾ ਪੁੱਤ Sidhu Moosewala , ਪੁੱਤ ਦੀ ਚਿਖਾ ਨੂੰ ਪਿਉ ਨੇ ਭੇਂਟ ਕੀਤੀ ਅਗਨੀ

On Punjab