ਪੰਜਾਬ- ਪੰਜਾਬ ਦੇ ਨੂਰਮਹਿਲ ਤੋਂ ਹਿਮਾਚਲ ਪ੍ਰਦੇਸ਼ ਦੇ ਦਰਲਾਘਾਟ ਰਹੀ ਸ਼ਰਧਾਲੂਆਂ ਨਾਲ ਭਰੀ ਇੱਕ ਨਿੱਜੀ ਬੱਸ ਸ਼ੁੱਕਰਵਾਰ ਤੜਕੇ ਨਮਹੋਲ ਨੇੜੇ ਹਾਦਸੇ ਦਾ ਸ਼ਿਕਾਰ ਹੋ ਗਈ, ਜਿਸ ਕਾਰਨ 32 ਯਾਤਰੀ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਬਿਲਾਸਪੁਰ ਦੇ ਏਮਜ਼ ਵਿੱਚ ਦਾਖਲ ਕਰਵਾਇਆ ਗਿਆ ਹੈ, ਜਦੋਂ ਕਿ ਬੱਸ ਡਰਾਈਵਰ ਮਾਰਕੰਡਾ ਦੇ ਸਿਵਲ ਹਸਪਤਾਲ ਵਿੱਚ ਜ਼ੇਰੇ ਇਲਾਜ ਹੈ।
ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਜ਼ਖਮੀਆਂ ਦਾ ਹਾਲ ਜਾਨਣ ਲਈ ਅੱਜ ਏਮਜ਼ ਦਾ ਦੌਰਾ ਕੀਤਾ। ਉਨ੍ਹਾਂ ਨੇ ਪੀੜਤਾਂ ਨਾਲ ਮੁਲਾਕਾਤ ਕਰਦਿਆਂ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ ਅਤੇ ਰਾਜ ਸਰਕਾਰ ਵੱਲੋਂ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੱਤਾ।
ਮੁੱਖ ਮੰਤਰੀ ਨੇ ਹਸਪਤਾਲ ਪ੍ਰਸ਼ਾਸਨ ਨੂੰ ਨਿਰਦੇਸ਼ ਦਿੱਤੇ ਕਿ ਜ਼ਖਮੀਆਂ ਨੂੰ ਬਿਨਾਂ ਕਿਸੇ ਦੇਰੀ ਦੇ ਤੁਰੰਤ ਅਤੇ ਉੱਤਮ ਡਾਕਟਰੀ ਦੇਖਭਾਲ ਯਕੀਨੀ ਬਣਾਈ ਜਾਵੇ। ਇਸ ਮੌਕੇ ਮੁੱਖ ਮੰਤਰੀ ਦੇ ਨਾਲ ਤਕਨੀਕੀ ਸਿੱਖਿਆ ਮੰਤਰੀ ਰਾਜੇਸ਼ ਧਰਮਾਣੀ, ਡਿਪਟੀ ਕਮਿਸ਼ਨਰ ਰਾਹੁਲ ਕੁਮਾਰ, ਪੁਲਿਸ ਸੁਪਰਡੈਂਟ ਸੰਦੀਪ ਧਵਲ ਅਤੇ ਹੋਰ ਪਤਵੰਤੇ ਮੌਜੂਦ ਸਨ।