PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਸਿਹਤ ਤੇ ਸਿੱਖਿਆ ਦੇ ਬੁਨਿਆਦੀ ਢਾਂਚੇ ’ਚ ਸੁਧਾਰ ਪੰਜਾਬ ਸਰਕਾਰ ਦਾ ਮੁੱਖ ਟੀਚਾ: ਚੀਮਾ

ਸੰਗਰੂਰ- ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਢਲਾ ਟੀਚਾ ਸਿਹਤ ਅਤੇ ਸਿੱਖਿਆ ਦੇ ਖੇਤਰ ਵਿੱਚ ਮਿਆਰੀ ਸੁਧਾਰ ਕਰਨਾ ਹੈ ਅਤੇ ਇਸ ਟੀਚੇ ਦੀ ਪ੍ਰਾਪਤੀ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ। ਵਿੱਤ ਮੰਤਰੀ ਸੰਗਰੂਰ ਦੇ ਸਿਵਲ ਹਸਪਤਾਲ ਵਿੱਚ ਆਈ.ਡੀ.ਬੀ.ਆਈ. ਬੈਂਕ ਵੱਲੋਂ ਦਿੱਤੀਆਂ 2 ਐਂਬੂਲੈਂਸਾਂ ਲੋਕ ਅਰਪਣ ਕਰਨ ਲਈ ਰੱਖੇ ਸਮਾਗਮ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਦੱਸਿਆ ਕਿ ਸੜਕ ਹਾਦਸਿਆਂ ਵਿਚ ਕੀਮਤੀ ਮਨੁੱਖੀ ਜਾਨਾਂ ਬਚਾਉਣ ਲਈ ਇਨ੍ਹਾਂ ਆਧੁਨਿਕ ਐਂਬੂਲੈਂਸਾਂ ਵਿੱਚੋਂ ਇੱਕ ਨੂੰ ਸੰਗਰੂਰ ਜ਼ਿਲ੍ਹੇ ਦੇ ਪਿੰਡ ਛਾਜਲੀ ਵਿਖੇ ਅਤੇ ਦੂਜੀ ਨੂੰ ਪਟਿਆਲਾ-ਭਵਾਨੀਗੜ੍ਹ ਮੁੱਖ ਮਾਰਗ ’ਤੇ ਤਾਇਨਾਤ ਕੀਤਾ ਜਾਵੇਗਾ।

ਚੀਮਾ ਨੇ ਕਿਹਾ ਕਿ ਸੰਗਰੂਰ ਜ਼ਿਲ੍ਹੇ ਦੀ ਵੱਸੋਂ ਦਾ ਵੱਡਾ ਹਿੱਸਾ ਪੇਂਡੂ ਖੇਤਰਾਂ ਨਾਲ ਸਬੰਧਤ ਹੈ ਅਤੇ ਜ਼ਿਲ੍ਹੇ ਦੇ ਪਿੰਡਾਂ ਵਿੱਚ ਸਿਹਤ ਸੁਵਿਧਾਵਾਂ ਨੂੰ ਸੁਧਾਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਸਿਵਲ ਹਸਪਤਾਲ ਸੰਗਰੂਰ ਵਿਚ ਮਰੀਜ਼ਾਂ ਨੂੰ ਹੋਰ ਵਧੀਆ ਸਹੂਲਤਾਂ ਮੁਹੱਈਆ ਕਰਵਾਉਣ ਲਈ ਡਿਪਟੀ ਕਮਿਸ਼ਨਰ ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਲੋੜੀਂਦੇ ਕੰਮ ਕਰਵਾਉਣ ਲਈ ਰਿਪੋਰਟ ਤਿਆਰ ਕਰਨ ਲਈ ਕਿਹਾ ਗਿਆ ਹੈ ਤਾਂ ਜੋ ਆਗਾਮੀ ਬਜਟ ਵਿੱਚ ਇਸ ਲਈ ਫੰਡਾਂ ਦੀ ਵਿਵਸਥਾ ਕੀਤੀ ਜਾ ਸਕੇ।

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਸਫਲਤਾਪੂਰਵਕ ਚਲਾਈ ਜਾ ਰਹੀ ਹੈ ਅਤੇ ਨਸ਼ਾ ਤਸਕਰਾਂ ਵਿਰੁੱਧ ਪੂਰੀ ਸਖ਼ਤੀ ਨਾਲ ਵੱਡੇ ਐਕਸ਼ਨ ਅਮਲ ਵਿੱਚ ਲਿਆਂਦੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਪੂਰੇ ਪੰਜਾਬ ਵਿੱਚ ਰੋਜ਼ਾਨਾ ਛਾਪੇ ਮਾਰੀ ਕਰਕੇ ਨਸ਼ਿਆਂ ਦੀ ਵਿਕਰੀ ’ਤੇ ਪੂਰਨ ਰੋਕ ਲਗਾਈ ਜਾ ਰਹੀ ਹੈ ਅਤੇ ਨਸ਼ਾ ਤਸਕਰਾਂ ਵੱਲੋਂ ਤਸਕਰੀ ਕਰਕੇ ਬਣਾਈਆਂ ਗਈਆਂ ਜਾਇਦਾਦਾਂ ਨੂੰ ਤੋੜਿਆ ਜਾ ਰਿਹਾ ਹੈ। ਉਨ੍ਹਾਂ ਸੂਬਾ ਵਾਸੀਆਂ ਨੂੰ ਪੰਜਾਬ ਸਰਕਾਰ ਦੀ ਇਸ ਮੁਹਿੰਮ ਵਿੱਚ ਵਧ ਚੜ੍ਹ ਕੇ ਸਾਥ ਦੇਣ ਦੀ ਅਪੀਲ ਕੀਤੀ।

ਸਮਾਗਮ ਦੌਰਾਨ ਆਈਡੀਬੀਆਈ ਬੈਂਕ ਦੇ ਡਿਪਟੀ ਮੈਨੇਜਿੰਗ ਡਾਇਰੈਕਟਰ ਸੁਮਿਤ ਫਾਕਾ ਨੇ ਵੀ ਸੰਬੋਧਨ ਕੀਤਾ ਅਤੇ ਬੈਂਕ ਦੀ ਕਾਰਗੁਜ਼ਾਰੀ ਅਤੇ ਲੋਕ ਸੇਵਾ ਲਈ ਕੀਤੇ ਜਾ ਰਹੇ ਵੱਖ-ਵੱਖ ਉਪਰਾਲਿਆਂ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ, ਐਸ.ਐਸ.ਪੀ. ਸਰਤਾਜ ਸਿੰਘ ਚਾਹਲ, ਐਸ.ਡੀ.ਐਮ. ਸੰਗਰੂਰ ਚਰਨਜੋਤ ਸਿੰਘ ਵਾਲੀਆ, ਐਸ.ਡੀ.ਐਮ. ਦਿੜ੍ਹਬਾ ਰਾਜੇਸ਼ ਸ਼ਰਮਾ, ਕਾਰਜਕਾਰੀ ਸਿਵਲ ਸਰਜਨ ਡਾ. ਵਿਕਾਸ ਧੀਰ, ਬੈਂਕ ਦੇ ਚੀਫ ਜਨਰਲ ਮੈਨੇਜਰ ਰਬੀ ਨਰਾਇਣ ਪਾਤਰਾ, ਐਸ.ਐਮ.ਓ. ਡਾ. ਬਲਜੀਤ ਸਿੰਘ, ਐਸ.ਪੀ. ਨਵਰੀਤ ਸਿੰਘ ਵਿਰਕ, ਕੈਬਨਿਟ ਮੰਤਰੀ ਦੇ ਓ.ਐਸ.ਡੀ. ਤਪਿੰਦਰ ਸਿੰਘ ਸੋਹੀ ਸਮੇਤ ਵੱਡੀ ਗਿਣਤੀ ਵਿੱਚ ਪਤਵੰਤੇ ਹਾਜ਼ਰ ਸਨ।

Related posts

ਸੋਨਾਕਸ਼ੀ ਤੇ ਜ਼ਹੀਰ ਦੀ ਰਿਸੈਪਸ਼ਨ ਪਾਰਟੀ ’ਤੇ ਹਨੀ ਸਿੰਘ ਨੇ ਲਾਈ ਗੀਤਾਂ ਦੀ ਛਹਿਬਰ

On Punjab

ਸੋਨਾਕਸ਼ੀ ਤੇ ਜ਼ਹੀਰ ਨੇ ਵਿਆਹ ਦੇ ਪੰਜ ਮਹੀਨੇ ਪੂਰੇ ਹੋਣ ਦਾ ਜਸ਼ਨ ਮਨਾਇਆ

On Punjab

ਅਮਰੀਕਾ ‘ਚ ਜਹਾਜ਼ ਕ੍ਰੈਸ਼, ਰਿਹਾਇਸ਼ੀ ਖੇਤਰ ‘ਚ ਵਾਪਰਿਆ ਹਾਦਸਾ

On Punjab