ਨਵੀਂ ਦਿੱਲੀ- ਸਾਬਕਾ ਉਪ ਰਾਸ਼ਟਰਪਤੀ ਜਗਦੀਪ ਧਨਖੜ ਦੇ ਅਸਤੀਫ਼ੇ ਬਾਰੇ ਵਧਦੀਆਂ ਅਟਕਲਾਂ ਦਰਮਿਆਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸੋਮਵਾਰ ਨੂੰ ਕਿਹਾ ਕਿ ਧਨਖੜ ਨੇ ਸਿਹਤ ਸਮੱਸਿਆਵਾਂ ਕਾਰਨ ਅਸਤੀਫ਼ਾ ਦਿੱਤਾ ਸੀ। ਉਨ੍ਹਾਂ ਵਿਰੋਧੀ ਧਿਰ ਦੇ ਦਾਅਵਿਆਂ ਨੂੰ ਖਾਰਜ ਕਰ ਦਿੱਤਾ ਕਿ ਉਹ(ਧਨਖੜ) ‘ਘਰ ਵਿੱਚ ਨਜ਼ਰਬੰਦ’ ਹਨ।
ਕੇਂਦਰੀ ਗ੍ਰਹਿ ਮੰਤਰੀ ਨੇ ਖ਼ਬਰ ਏਐੱਨਆਈ ਨੂੰ ਦਿੱਤੀ ਇੰਟਰਵਿਊ ਵਿੱਚ ਕਿਹਾ, ‘‘ਧਨਖੜ ਸਾਹਿਬ ਦਾ ਅਸਤੀਫ਼ਾ ਪੱਤਰ ਆਪਣੇ ਆਪ ਵਿੱਚ ਸਪੱਸ਼ਟ ਹੈ। ਉਨ੍ਹਾਂ ਨੇ ਆਪਣੇ ਅਸਤੀਫ਼ੇ ਲਈ ਸਿਹਤ ਕਾਰਨਾਂ ਦਾ ਹਵਾਲਾ ਦਿੱਤਾ ਹੈ। ਉਨ੍ਹਾਂ ਨੇ ਪ੍ਰਧਾਨ ਮੰਤਰੀ ਅਤੇ ਹੋਰ ਮੰਤਰੀਆਂ ਅਤੇ ਸਰਕਾਰੀ ਮੈਂਬਰਾਂ ਦਾ ਉਨ੍ਹਾਂ ਦੇ ਚੰਗੇ ਕਾਰਜਕਾਲ ਲਈ ਦਿਲੋਂ ਧੰਨਵਾਦ ਵੀ ਕੀਤਾ ਹੈ।’’ ਧਨਖੜ ਨੂੰ ‘ਘਰ ਵਿੱਚ ਨਜ਼ਰਬੰਦ’ ਕੀਤੇ ਜਾਣ, ਜਿਵੇਂ ਕਿ ਕੁਝ ਵਿਰੋਧੀ ਆਗੂਆਂ ਵੱਲੋਂ ਦਾਅਵਾ ਕੀਤਾ ਗਿਆ ਹੈ, ਬਾਰੇ ਪੁੱਛੇ ਜਾਣ ’ਤੇ ਸ਼ਾਹ ਨੇ ਕਿਹਾ ਕਿ ਸੱਚ ਅਤੇ ਝੂਠ ਦੀ ਵਿਆਖਿਆ ਸਿਰਫ਼ ਵਿਰੋਧੀ ਧਿਰ ਦੇ ਬਿਆਨਾਂ ’ਤੇ ਨਿਰਭਰ ਨਹੀਂ ਹੋਣੀ ਚਾਹੀਦੀ। ਉਨ੍ਹਾਂ ਸਾਬਕਾ ਉਪ ਰਾਸ਼ਟਰਪਤੀ ਦੇ ਅਸਤੀਫ਼ੇ ਬਾਰੇ ਬੋਲੇੜਾ ਹੰਗਾਮਾ ਕਰਨ ਖਿਲਾਫ਼ ਚੇਤਾਵਨੀ ਦਿੱਤੀ।
ਸ਼ਾਹ ਨੇ ਕਿਹਾ, ‘‘ਇੰਝ ਲੱਗਦਾ ਹੈ ਕਿ ਸੱਚ ਅਤੇ ਝੂਠ ਦੀ ਤੁਹਾਡੀ ਵਿਆਖਿਆ ਵਿਰੋਧੀ ਧਿਰ ਦੇ ਕਹਿਣ ’ਤੇ ਅਧਾਰਤ ਹੈ। ਸਾਨੂੰ ਤਿੱਲ ਦਾ ਤਾੜ ਨਹੀਂ ਬਣਾਉਣਾ ਚਾਹੀਦਾ। ਧਨਖੜ ਇੱਕ ਸੰਵਿਧਾਨਕ ਅਹੁਦੇ ’ਤੇ ਸਨ ਅਤੇ ਉਨ੍ਹਾਂ ਨੇ ਸੰਵਿਧਾਨ ਅਨੁਸਾਰ ਆਪਣੀਆਂ ਡਿਊਟੀਆਂ ਨਿਭਾਈਆਂ। ਉਨ੍ਹਾਂ ਨੇ ਨਿੱਜੀ ਸਿਹਤ ਕਾਰਨਾਂ ਕਰਕੇ ਅਸਤੀਫਾ ਦੇ ਦਿੱਤਾ। ਇਸ ਮੁੱਦੇ ’ਤੇ ਜ਼ਿਆਦਾ ਚਰਚਾ ਨਹੀਂ ਹੋਣੀ ਚਾਹੀਦੀ।’’ ਕਾਬਿਲੇਗੌਰ ਹੈ ਕਿ ਵਿਰੋਧੀ ਧਿਰਾਂ ਦੇ ਆਗੂਆਂ ਵੱਲੋਂ ਲਗਾਤਾਰ ਇਹ ਦਾਅਵਾ ਕੀਤਾ ਜਾ ਰਿਹਾ ਹੈ ਕਿ ਸਰਕਾਰ ਨੇ ਧਨਖੜ ਨੂੰ ‘ਚੁੱਪ’ ਕਰਾ ਦਿੱਤਾ ਸੀ। ਕਾਂਗਰਸ ਨੇਤਾ ਜੈਰਾਮ ਰਮੇਸ਼ ਨੇ ਕਿਹਾ ਕਿ ਦੇਸ਼ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੈ ਕਿ ਕਿਸੇ ਉਪ-ਰਾਸ਼ਟਰਪਤੀ ਨੂੰ ਉਨ੍ਹਾਂ ਦੇ ਅਸਤੀਫੇ ਦੇ ਨਾਲ ਹੀ ਚੁੱਪ ਕਰਵਾ ਦਿੱਤਾ ਗਿਆ ਹੋਵੇ।
ਸੁਪਰੀਮ ਕੋਰਟ ਦੇ ਵਕੀਲ ਅਤੇ ਸੀਨੀਅਰ ਆਗੂ ਕਪਿਲ ਸਿੱਬਲ ਨੇ ਵੀ ਇਹ ਸਵਾਲ ਉਠਾਇਆ ਕਿ ਕੀ ਧਨਖੜ ਦੀ ਜਨਤਕ ਤੌਰ ’ਤੇ ਗੈਰਹਾਜ਼ਰੀ ਨੂੰ ਦੇਖਦੇ ਹੋਏ ਹੈਬੀਅਸ ਕਾਰਪਸ ਪਟੀਸ਼ਨ ਦਾਇਰ ਕੀਤੀ ਜਾਣੀ ਚਾਹੀਦੀ ਹੈ। ਹਾਲਾਂਕਿ, ਭਾਜਪਾ ਨੇ ਕਿਹਾ ਹੈ ਕਿ ਧਨਖੜ ਨੇ ਸਿਹਤ ਕਾਰਨਾਂ ਕਰਕੇ ਅਸਤੀਫਾ ਦਿੱਤਾ ਸੀ ਅਤੇ ਉਨ੍ਹਾਂ ਨਾਲ ਕਿਸੇ ਵੀ ਤਰ੍ਹਾਂ ਦੇ ਮਤਭੇਦ ਦੇ ਸੁਝਾਵਾਂ ਨੂੰ ਖਾਰਜ ਕਰ ਦਿੱਤਾ ਹੈ। ਜਗਦੀਪ ਧਨਖੜ ਨੇ 21 ਜੁਲਾਈ ਨੂੰ ਸੰਸਦ ਦੇ ਮੌਨਸੂਨ ਸੈਸ਼ਨ ਦੇ ਪਹਿਲੇ ਦਿਨ ਇਹ ਕਹਿੰਦੇ ਹੋਏ ਅਸਤੀਫਾ ਦੇ ਦਿੱਤਾ ਕਿ ਉਹ ‘ਸਿਹਤ ਸੰਭਾਲ ਨੂੰ ਤਰਜੀਹ ਦੇਣਾ ਅਤੇ ਡਾਕਟਰੀ ਸਲਾਹ ਦੀ ਪਾਲਣਾ ਕਰਨਾ ਚਾਹੁੰਦੇ ਹਨ।’ ਉਨ੍ਹਾਂ ਆਪਣਾ ਅਸਤੀਫ਼ਾ ਰਾਸ਼ਟਰਪਤੀ ਦਰੋਪਦੀ ਮੁਰਮੂ ਨੂੰ ਸੌਂਪਿਆ ਸੀ।