ਜਲੰਧਰ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਜਲੰਧਰ ਵਿੱਚ ਕਤਲ ਕੀਤੀ ਗਈ 13 ਸਾਲਾ ਲੜਕੀ ਦੇ ਪਰਿਵਾਰ ਨਾਲ ਅਜ ਮੁਲਾਕਾਤ ਕਰਕੇ ਦੁੱਖ ਪ੍ਰਗਟ ਕੀਤਾ। ਪਰਿਵਾਰ ਵੱਲੋਂ ਆਪਣੇ ਗ੍ਰਹਿ ਵਿਖੇ ਰੱਖੇ ਗਏ ਸ੍ਰੀ ਅਖੰਡ ਪਾਠ ਦੇ ਭੋਗ ਅਤੇ ਅੰਤਿਮ ਅਰਦਾਸ ਮੌਕੇ ਪੁੱਜੇ ਜਥੇਦਾਰ ਨੇ ਲੜਕੀ ਦੀ ਆਤਮਿਕ ਸ਼ਾਂਤੀ ਲਈ ਖੁਦ ਅਰਦਾਸ ਕੀਤੀ ਅਤੇ ਹਾਜ਼ਰ ਸੰਗਤ ਨੂੰ ਹੁਕਮਨਾਮਾ ਵੀ ਸਰਵਣ ਕਰਵਾਇਆ।
ਇਸ ਦੌਰਾਨ ਜਥੇਦਾਰ ਗੜਗੱਜ ਨੇ ਪਰਿਵਾਰ ਪਾਸੋਂ ਸਮੁੱਚੀ ਘਟਨਾ ਦੀ ਜਾਣਕਾਰੀ ਪ੍ਰਾਪਤ ਕੀਤੀ ਅਤੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਸਮੁੱਚੀ ਸਿੱਖ ਕੌਮ ਇਸ ਔਖੀ ਘੜੀ ਵਿੱਚ ਉਨ੍ਹਾਂ ਦੇ ਨਾਲ ਖੜ੍ਹੇ ਹਨ। ਉਨ੍ਹਾਂ ਕਿਹਾ ਕਿ ਇਹ ਘਟਨਾ ਬਹੁਤ ਹੀ ਦੁਖਦਾਈ ਅਤੇ ਹਿਰਦਿਆਂ ਨੂੰ ਵਲੂੰਧਰਣ ਵਾਲੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਧੀਆਂ ਨੂੰ ਬਹੁਤ ਸਤਿਕਾਰ ਦਿੱਤਾ ਜਾਂਦਾ ਹੈ ਅਤੇ ਭਾਵੇਂ ਇੱਥੇ ਜੰਗਾਂ ਵੀ ਹੋਈਆਂ ਪਰ ਧੀਆਂ-ਭੈਣਾਂ ਦੀ ਇੱਜਤ ਨੂੰ ਢਾਹ ਨਹੀਂ ਲੱਗਣ ਦਿੱਤੀ ਗਈ।
ਜਥੇਦਾਰ ਨੇ ਪੁਲੀਸ ਦੀ ਭੁਮਿਕਾ ਨੂੰ ਵੀ ਲੋਕ ਕਟਿਹਰੇ ਵਿੱਚ ਖੜ੍ਹਾ ਕੀਤਾ । ਉਨ੍ਹਾਂ ਕਿਹਾ ਕਿ ਜਦੋਂ ਪਰਿਵਾਰ ਨੂੰ ਬੱਚੀ ਨਹੀਂ ਲੱਭ ਰਹੀ ਸੀ ਤਾਂ ਪੁਲੀਸ ਨੂੰ ਜਾਣਕਾਰੀ ਦਿੱਤੀ ਅਤੇ ਪੁਲੀਸ ਦੋਸ਼ੀ ਵਿਅਕਤੀ ਦੀ ਘਰੋਂ ਬਰੀਕੀ ਨਾਲ ਜਾਂਚ ਕਰੇ ਬਿਨਾਂ ਹੀ ਵਾਪਸ ਆ ਗਈ। ਬਾਅਦ ਵਿੱਚ ਸਖ਼ਤੀ ਹੋਣ ਉੱਤੇ ਬੱਚੀ ਦੀ ਲਾਸ਼ ਦੋਸ਼ੀ ਦੇ ਘਰੋਂ ਹੀ ਮਿਲੀ। ਉਨ੍ਹਾਂ ਕਿਹਾ ਕਿ ਸਮਾਜ ਦੇ ਅਜਿਹੇ ਦਰਿੰਦਿਆਂ ਨੂੰ ਫਾਂਸੀ ਦੀ ਸਜ਼ਾ ਹੋਣੀ ਚਾਹੀਦੀ ਹੈ।

