ਚੰਡੀਗੜ੍ਹ- ਪੰਜਾਬ ਵਿੱਚ ਦਸੰਬਰ ਮਹੀਨਾ ਚੜਨ ਦੇ ਨਾਲ ਹੀ ਠੰਢ ਨੇ ਵੀ ਜ਼ੋਰ ਫੜ ਲਿਆ ਹੈ। ਇਸ ਦੌਰਾਨ ਪੰਜਾਬ ਵਿੱਚ ਤਾਪਮਾਨ ਲਗਾਤਾਰ ਡਿੱਗ ਰਿਹਾ ਹੈ, ਜਿਸ ਨੇ ਸਵੇਰ ਅਤੇ ਸ਼ਾਮ ਸਮੇਂ ਲੋਕਾਂ ਨੂੰ ਕੰਬਣੀ ਛੇੜ ਰੱਖੀ ਹੈ। ਜਦੋਂ ਕਿ ਦੁਪਹਿਰ ਸਮੇਂ ਨਿਕਲ ਰਹੀ ਧੁੱਪ ਕਰਕੇ ਲੋਕਾਂ ਨੂੰ ਮਾਮੂਲੀ ਰਾਹਤ ਮਿਲੀ ਹੈ। ਅੱਜ ਪੰਜਾਬ ਵਿੱਚ ਫਰੀਦਕੋਟ ਅਤੇ ਹਰਿਆਣਾ ਵਿੱਚ ਮਹਿੰਦਰਗੜ ਸ਼ਹਿਰ ਸਭ ਤੋਂ ਠੰਢੇ ਰਹੇ ਹਨ। ਫਰੀਦਕੋਟ ਵਿੱਚ ਘੱਟੋ ਘੱਟ ਤਾਪਮਾਨ 3.2 ਡਿਗਰੀ ਸੈਲਸੀਅਸ ਅਤੇ ਮਹਿੰਦਰਗੜ੍ਹ ਵਿੱਚ 3.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਵੱਲੋਂ 5 ਦਸੰਬਰ ਨੂੰ ਵੀ ਜ਼ੋਰ ਦੀ ਠੰਢ ਪੈਣ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਚੰਡੀਗੜ੍ਹ ਵਿੱਚ ਘੱਟ ਤੋਂ ਘੱਟ ਤਾਪਮਾਨ 6.3 ਡਿਗਰੀ ਸੈਲਸੀਅਸ, ਅੰਮ੍ਰਿਤਸਰ ਵਿੱਚ 6.1 ਡਿਗਰੀ ਸੈਲਸੀਅਸ, ਲੁਧਿਆਣਾ ਵਿੱਚ 5.8 ਡਿਗਰੀ ਸੈਲਸੀਅਸ, ਪਟਿਆਲਾ ਵਿੱਚ 7.6 ਡਿਗਰੀ ਸੈਲਸੀਅਸ, ਪਠਾਨਕੋਟ ਵਿੱਚ 6.3 ਡਿਗਰੀ ਸੈਲਸੀਅਸ, ਬਠਿੰਡਾ ਵਿੱਚ 3.8 ਡਿਗਰੀ ਸੈਲਸੀਅਸ, ਗੁਰਦਾਸਪੁਰ ਵਿੱਚ 5.2 ਡਿਗਰੀ ਸੈਲਸੀਅਸ, ਫਿਰੋਜ਼ਪੁਰ ਵਿੱਚ 7 ਡਿਗਰੀ ਸੈਲਸੀਅਸ, ਹੁਸ਼ਿਆਰਪੁਰ ਵਿੱਚ 4.7 ਡਿਗਰੀ ਸੈਲਸੀਅਸ, ਮਾਨਸਾ ਵਿੱਚ 6.7 ਡਿਗਰੀ ਸੈਲਸੀਅਸ ਅਤੇ ਰੋਪੜ ਵਿੱਚ 4.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ। ਇਹ ਤਾਪਮਾਨ ਆਮ ਨਾਲੋਂ ਇਕ ਤੋਂ ਚਾਰ ਡਿਗਰੀ ਸੈਲਸੀਅਸ ਤੱਕ ਘੱਟ ਦਰਜ ਕੀਤਾ ਗਿਆ ਹੈ।

