ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਜੇਲ੍ਹ ਵਿੱਚ ਬੰਦ ਵਾਤਾਵਰਨ ਪੱਖੀ ਕਾਰਕੁਨ ਸੋਨਮ ਵਾਂਗਚੁਕ ਦੀ ਹਿਰਾਸਤ ਵਿਰੁੱਧ ਦਾਇਰ ਪਟੀਸ਼ਨ ’ਤੇ ਸੁਣਵਾਈ ਅਗਲੇ ਸਾਲ 7 ਜਨਵਰੀ ਤੱਕ ਮੁਲਤਵੀ ਕਰ ਦਿੱਤੀ ਹੈ। ਜਸਟਿਸ ਅਰਵਿੰਦ ਕੁਮਾਰ ਅਤੇ ਐਨ.ਵੀ. ਅੰਜਾਰੀਆ ਦੇ ਬੈਂਚ ਨੇ ਸਮੇਂ ਦੀ ਘਾਟ ਕਾਰਨ ਇਸ ਮਾਮਲੇ ਸਬੰਧੀ ਸੁਣਵਾਈ ਨੂੰ ਮੁਲਤਵੀ ਕਰ ਦਿੱਤਾ।
ਸੋਨਮ ਵਾਂਗਚੁੱਕ ਦੀ ਪਤਨੀ ਗੀਤਾਂਜਲੀ ਜੇ ਅੰਗਮੋ ਵਲੋਂ ਪਟੀਸ਼ਨ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਸੋਨਮ ਦੀ ਨਜ਼ਰਬੰਦੀ ਗੈਰ-ਕਾਨੂੰਨੀ ਹੈ ਅਤੇ ਉਸ ਦੇ ਮੌਲਿਕ ਅਧਿਕਾਰਾਂ ਦੀ ਉਲੰਘਣਾ ਕਰਨ ਵਾਲੀ ਕਾਰਵਾਈ ਕੀਤੀ ਗਈ ਹੈ। ਇਸ ਸਬੰਧੀ ਸੁਣਵਾਈ 24 ਨਵੰਬਰ ਨੂੰ ਹੋਈ ਸੀ, ਉਸ ਵੇਲੇ ਕੇਂਦਰ ਅਤੇ ਲੱਦਾਖ ਦੇ ਕੇਂਦਰ ਸ਼ਾਸਤ ਪ੍ਰਦੇਸ਼ ਵੱਲੋਂ ਪੇਸ਼ ਹੋਏ ਸਾਲਿਸਿਟਰ ਜਨਰਲ ਤੁਸ਼ਾਰ ਮਹਿਤਾ ਨੇ ਅੰਗਮੋ ਵਲੋਂ ਦਾਇਰ ਪਟੀਸ਼ਨ ਦਾ ਜਵਾਬ ਦੇਣ ਲਈ ਸਮਾਂ ਮੰਗਿਆ ਸੀ ਜਿਸ ਤੋਂ ਬਾਅਦ ਸਿਖਰਲੀ ਅਦਾਲਤ ਨੇ ਸੁਣਵਾਈ ਨੂੰ ਮੁਲਤਵੀ ਕਰ ਦਿੱਤਾ ਸੀ। ਇਸ ਤੋਂ ਪਹਿਲਾਂ ਸਰਵਉਚ ਅਦਾਲਤ ਨੇ 29 ਅਕਤੂਬਰ ਨੂੰ ਕੇਂਦਰ ਅਤੇ ਲੱਦਾਖ ਪ੍ਰਸ਼ਾਸਨ ਤੋਂ ਜਵਾਬ ਮੰਗੇ ਸਨ।
ਜ਼ਿਕਰਯੋਗ ਹੈ ਕਿ ਵਾਂਗਚੁਕ ਨੂੰ 26 ਸਤੰਬਰ ਨੂੰ ਕੌਮੀ ਸੁਰੱਖਿਆ ਕਾਨੂੰਨ (NSA) ਤਹਿਤ ਹਿਰਾਸਤ ਵਿੱਚ ਲਿਆ ਗਿਆ ਸੀ। ਉਸ ਵੇਲੇ ਲੱਦਾਖ ਨੂੰ ਰਾਜ ਦਾ ਦਰਜਾ ਅਤੇ ਛੇਵੀਂ ਅਨੁਸੂਚੀ ਦਾ ਦਰਜਾ ਦੇਣ ਦੀ ਮੰਗ ਕਰਦੇ ਹੋਏ ਹਿੰਸਕ ਪ੍ਰਦਰਸ਼ਨ ਹੋਏ ਸਨ ਜਿਸ ਵਿੱਚ ਚਾਰ ਲੋਕ ਮਾਰੇ ਗਏ ਸਨ ਅਤੇ 90 ਜ਼ਖਮੀ ਹੋ ਗਏ ਸਨ। ਸਰਕਾਰ ਨੇ ਸੋਨਮ ਵਾਂਗਚੁੱਕ ’ਤੇ ਹਿੰਸਾ ਨੂੰ ਭੜਕਾਉਣ ਦਾ ਦੋਸ਼ ਲਗਾਇਆ ਸੀ।

