ਚੰਡੀਗੜ੍ਹ- ਕੇਂਦਰ ਸਰਕਾਰ ਵੱਲੋਂ ਮਗਨਰੇਗਾ ਸਕੀਮ ਨੂੰ ਬਦਲ ਕੇ ਵੀਬੀ ਜੀ ਰਾਮ ਜੀ ਰਾਮ ਕਰਨ ਦੇ ਵਿਰੁੱਧ ਪੰਜਾਬ ਸਰਕਾਰ ਵੀ ਨਿੱਤਰ ਆਈ ਹੈ। ਪੰਜਾਬ ਸਰਕਾਰ ਵੱਲੋਂ ਕੇਂਦਰ ਸਰਕਾਰ ਦੀ ਅਜਿਹੀ ਧੱਕੇਸ਼ਾਹੀ ਵਿਰੁੱਧ ਜਨਵਰੀ ਦੇ ਦੂਜੇ ਹਫਤੇ ਵਿਸ਼ੇਸ਼ ਸੈਸ਼ਨ ਬੁਲਾਉਣ ਦਾ ਫੈਸਲਾ ਕੀਤਾ ਹੈ। ਇਹ ਐਲਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੀਤਾ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਗਰੀਬਾਂ ਅਤੇ ਮਜ਼ਦੂਰਾਂ ਦੀ ਰੋਜ਼ੀ ਰੋਟੀ ਦਾ ਸਾਧਨ ਮਗਨਰੇਗਾ ਸਕੀਮ ਨੂੰ ਬਦਲ ਕੇ ਗਰੀਬਾਂ ਦੇ ਘਰਾਂ ਦੇ ਝੂਲੇ ਠੰਢੇ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਕੇਂਦਰ ਸਰਕਾਰ ਦੀ ਇਸ ਧੱਕੇਸ਼ਾਹੀ ਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ ਵੱਲੋਂ ਮਗਨਰੇਗਾ ਸਕੀਮ ਨੂੰ ਬਦਲ ਕੇ ਵੀਬੀ ਰਾਮ ਜੀ ਰਾਮ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਇਸ ਸਕੀਮ ਵਿੱਚ ਹੋਰ ਵੀ ਕਈ ਸੋਧਾਂ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਹਿਲਾਂ ਮਗਨਰੇਗਾ ਸਕੀਮ ਅਧੀਨ ਕੇਂਦਰ ਸਰਕਾਰ ਵੱਲੋਂ 90 ਫੀਸਦ ਅਤੇ ਸੂਬਾ ਸਰਕਾਰਾਂ ਵੱਲੋਂ 10 ਫੀਸਦ ਹਿੱਸਾ ਪਾਇਆ ਜਾਂਦਾ ਸੀ। ਹੁਣ ਕੇਂਦਰ ਸਰਕਾਰ ਵੱਲੋਂ ਇਸ ਸਕੀਮ ਵਿੱਚ 60 ਫੀਸਦ ਅਤੇ ਸੂਬਾ ਸਰਕਾਰਾਂ ਵੱਲੋਂ 40 ਫੀਸਦ ਹਿੱਸਾ ਪਾਇਆ ਜਾਵੇਗਾ। ਕੇਂਦਰ ਸਰਕਾਰ ਦੀਆਂ ਇਨਾਂ ਸੋਧਾਂ ਦਾ ਪੰਜਾਬ ਦੀਆਂ ਸਮੂਹ ਕਿਸਾਨ ਅਤੇ ਮਜ਼ਦੂਰ ਜਥੇਬੰਦੀਆਂ ਵੀ ਵਿਰੋਧ ਕਰ ਰਹੀਆਂ ਹਨ।

