ਮਹਿਲ ਕਲਾਂ- ਵਿਧਾਨ ਸਭਾ ਹਲਕਾ ਮਹਿਲ ਕਲਾਂ ਦੇ ਪਿੰਡ ਠੀਕਰੀਵਾਲਾ ਵਿਖੇ ਅੱਜ ਸ਼ਹੀਦ ਸੇਵਾ ਸਿੰਘ ਠੀਕਰੀਵਾਲਾ ਦੀ 92 ਬਰਸੀ ਮੌਕੇ ਪੰਜਾਬ ਸਰਕਾਰ ਵੱਲੋਂ ਸ਼ਰਧਾਂਜਲੀਆਂ ਭੇਂਟ ਕੀਤੀਆਂ ਗਈਆਂ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਲਗਾਤਾਰ ਤੀਜੇ ਸਾਲ ਬਰਸੀ ਸਮਾਗਮ ਤੋਂ ਗੈਰ ਹਾਜ਼ਰ ਰਹੇ, ਜਦਕਿ ਸੂਬੇ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਆਪ ਪੰਜਾਬ ਦੇ ਪ੍ਰਧਾਨ ਤੇ ਕੈਬਨਟ ਮੰਤਰੀ ਅਮਨ ਅਰੋੜਾ, ਮੈਂਬਰ ਪਾਰਲੀਮੈਂਟ ਗੁਰਮੀਤ ਸਿੰਘ ਮੀਤ ਹੇਅਰ ਅਤੇ ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਪੰਜਾਬ ਸਰਕਾਰ ਦੇ ਵੱਲੋਂ ਆਪਣੀ ਹਾਜ਼ਰੀ ਭਰੀ ਅਤੇ ਸ਼ਰਧਾਂਜਲੀਆਂ ਭੇਂਟ ਕੀਤੀਆਂ।
ਇਸ ਮੌਕੇ ਹਰਪਾਲ ਚੀਮਾ ਨੇ ਪਿੰਡ ਵਾਸੀਆਂ ਦੀ ਮੰਗ ਅਨੁਸਾਰ ਨਰਸਿੰਗ ਕਾਲਜ ਨੂੰ ਜਲਦ ਸ਼ੁਰੂ ਕਰਨ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਕੁਝ ਤਕਨੀਕੀ ਕਾਰਨਾਂ ਕਰਕੇ ਕਾਲਜ ਦੀ ਪ੍ਰਵਾਨਗੀ ਅਧੂਰੀ ਸੀ ਜਿਸ ਨੂੰ ਕੁਝ ਦਿਨਾਂ ਵਿੱਚ ਸੰਪੰਨ ਕਰਕੇ ਜਲਦ ਹੀ ਇਸਦਾ ਨਿਰਮਾਣ ਸ਼ੁਰੂ ਕਰ ਦਿੱਤਾ ਜਾਵੇਗਾ। ਉੱਥੇ ਉਨ੍ਹਾਂ ਪਿੰਡ ਵਿੱਚ ਸ਼ਹੀਦ ਠੀਕਰੀਵਾਲਾ ਦੀ ਬਣਾਈ ਜਾ ਰਹੀ ਯਾਦਗਾਰ ਸਬੰਧੀ ਦੱਸਿਆ ਕਿ ਬੀਤੇ ਵਰ੍ਹੇ 20 ਲੱਖ ਰੁਪਏ ਦੀ ਗਰਾਂਟ ਦਿੱਤੀ ਸੀ ਅਤੇ ਯਾਦਗਾਰ ਦੇ ਨਿਰਮਾਣ ਵਿੱਚ ਆ ਰਹੀਆਂ ਦਿੱਕਤਾਂ ਨੂੰ ਹੱਲ ਕਰਨ ਲਈ ਤੁਰੰਤ ਡੀਸੀ ਬਰਨਾਲਾ ਨੂੰ ਹੁਕਮ ਦੇ ਦਿੱਤੇ ਹਨ। ਉਨ੍ਹਾਂ ਕਿਹਾ ਕਿ ਜਿੰਨਾ ਸ਼ਹੀਦਾਂ ਨੇ ਸਾਨੂੰ ਆਜ਼ਾਦੀ ਲੈ ਕੇ ਦਿੱਤੀ ਉਹਨਾਂ ਦੀਆਂ ਯਾਦਗਾਰਾਂ ਸੰਭਾਲਣ ਦਾ ਸਾਡਾ ਅਹਿਮ ਫਰਜ਼ ਬਣਦਾ ਹੈ। ਇਸ ਮੌਕੇ ਪਿੰਡ ਦੇ ਸਰਪੰਚ ਕਿਰਨਜੀਤ ਸਿੰਘ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਗਸੀਤ ਸਿੰਘ ਦੀ ਅਗਵਾਈ ਵਿੱਚ ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਦੇ ਨੁਮਾਇੰਦਿਆਂ ਦਾ ਸਨਮਾਨ ਵੀ ਕੀਤਾ।

