72.23 F
New York, US
October 14, 2026
PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਸ਼੍ਰੋਮਣੀ ਕਮੇਟੀ ਵੱਲੋਂ ਪੰਜਾਬ ਬੰਦ ਦੇ ਸਮਰਥਨ ਵਿੱਚ ਦਫ਼ਤਰ ਅਤੇ ਸਮੂਹ ਅਦਾਰੇ ਬੰਦ ਰੱਖਣ ਐਲਾਨ

ਅੰਮ੍ਰਿਤਸਰ-  ਨਸ਼ੇ ਵੇਚਣ ਵਾਲਿਆਂ ਦਾ ਵਿਰੋਧ ਕਰਨ ਵਾਲੇ ਸਿੱਖ ਪਰਵਿੰਦਰ ਸਿੰਘ ਦੇ ਕਤਲ ਦੇ ਵਿਰੋਧ ਵਿਚ 15 ਅਕਤੂਬਰ ਨੂੰ ਪੰਜਾਬ ਬੰਦ ਦੇ ਸੱਦੇ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਮਰਥਨ ਕਰਨ ਦਾ ਐਲਾਨ ਕੀਤਾ ਹੈ। ਇਸ ਸਬੰਧ ਵਿੱਚ ਭਲਕੇ 15 ਅਕਤੂਬਰ ਨੂੰ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਅਤੇ ਸਮੁੱਚੇ ਅਦਾਰੇ ਬੰਦ ਰੱਖੇ ਜਾਣਗੇ।

ਐਡਵੋਕੇਟ ਧਾਮੀ ਨੇ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਦੀ ਦਲਦਲ ਵਿੱਚੋਂ ਕੱਢਣ ਲਈ ਸੰਘਰਸ਼ ਕਰ ਰਹੇ ਲੋਕਾਂ ਨਾਲ ਸ਼੍ਰੋਮਣੀ ਕਮੇਟੀ ਡੱਟ ਕੇ ਖੜ੍ਹੀ ਹੈ ਅਤੇ ਪਰਵਿੰਦਰ ਸਿੰਘ ਦੇ ਪਰਿਵਾਰ ਲਈ ਹਰ ਸੰਭਵ ਸਹਿਯੋਗ ਦੇਣ ਲਈ ਵੀ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਸ ਸਿੱਖ ਨੌਜਵਾਨ ਦੇ ਬੇਰਿਹਮੀ ਨਾਲ ਕੀਤੇ ਗਏ ਕਤਲ ਦੇ ਵਿਰੋਧ ਵਜੋਂ ਭਲਕੇ 15 ਅਕਤੂਬਰ ਨੂੰ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਅਤੇ ਸਾਰੇ ਅਦਾਰੇ ਬੰਦ ਰੱਖੇ ਜਾਣਗੇ। ਉਨ੍ਹਾਂ ਕਿਹਾ ਕਿ ਪੰਜਾਬ ਨਸ਼ਿਆਂ ਦੀ ਗੰਭੀਰ ਸਮੱਸਿਆ ਨਾਲ ਜੂਝ ਰਿਹਾ ਹੈ। ਰੋਜ਼ਾਨਾ ਸੈਂਕੜੇ ਨੌਜੁਆਨ ਇਸ ਦਾ ਸ਼ਿਕਾਰ ਹੋ ਰਹੇ ਹਨ ਅਤੇ ਅਨੇਕਾਂ ਘਰ ਉੱਜੜ ਰਹੇ ਹਨ। ਉਨ੍ਹਾਂ ਕਿਹਾ ਕਿ ਮੀਰੀ ਪੀਰੀ ਖਾਲਸਾ ਮਾਰਚ ਦੌਰਾਨ ਸੰਗਤਾਂ ਨਾਲ ਸੰਵਾਦ ਸਮੇਂ ਵੱਖ-ਵੱਖ ਪਿੰਡਾਂ ਵਿਚ ਨਸ਼ਿਆਂ ਦੀ ਸ਼ਰੇਆਮ ਵਿਕਰੀ ਸਬੰਧੀ ਸਾਹਮਣੇ ਆਈਆਂ ਗੱਲਾਂ ਨੇ ਸਰਕਾਰ ਦੇ ਨਸ਼ਿਆਂ ਵਿਰੁੱਧ ਕੀਤੇ ਜਾ ਰਹੇ ਦਾਅਵਿਆਂ ’ਤੇ ਗੰਭੀਰ ਸਵਾਲ ਖੜ੍ਹੇ ਕੀਤੇ ਸਨ।

ਉਨ੍ਹਾਂ ਕਿਹਾ ਕਿ ਦੁੱਖ ਦੀ ਗੱਲ ਹੈ ਕਿ ਪੰਜਾਬ ਵਿੱਚ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਲੋਕਾਂ ਨੂੰ ਹੀ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਨਸ਼ਿਆਂ ਦੇ ਕਾਰੋਬਾਰ ਵਿਰੁੱਧ ਸੰਘਰਸ਼ ਕਰਨ ਵਾਲਿਆਂ ਦੀ ਸੁਰੱਖਿਆ ਯਕੀਨੀ ਬਣਾਉਣਾ ਸਰਕਾਰ ਦੀ ਜ਼ਿੰਮੇਵਾਰੀ ਹੈ ਅਤੇ ਨਸ਼ਿਆਂ ਦੇ ਖ਼ਾਤਮੇ ਲਈ ਸਿਰਫ਼ ਐਲਾਨ ਕਰਨ ਦੀ ਬਜਾਏ ਠੋਸ ਅਤੇ ਪ੍ਰਭਾਵਸ਼ਾਲੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸਮੂਹ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਵਿਰੁੱਧ ਇਕਜੁੱਟ ਹੋ ਕੇ ਅਵਾਜ਼ ਬੁਲੰਦ ਕਰਨ ਅਤੇ ਪੰਜਾਬ ਦੀ ਨੌਜੁਆਨ ਪੀੜ੍ਹੀ ਦੇ ਭਵਿੱਖ ਦੀ ਰਾਖੀ ਲਈ ਆਪਣੀ ਜ਼ੁੰਮੇਵਾਰੀ ਨਿਭਾਉਣ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਮੈਂਬਰ ਸੁਰਜੀਤ ਸਿੰਘ ਭਿੱਟੇਵੱਡ, ਓਐਸਡੀ ਸਤਬੀਰ ਸਿੰਘ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਵਧੀਕ ਸਕੱਤਰ ਭਗਵੰਤ ਸਿੰਘ ਧੰਗੇੜਾ, ਪ੍ਰੀਤਪਾਲ ਸਿੰਘ, ਤੇਜਿੰਦਰ ਸਿੰਘ ਪੱਡਾ, ਮੀਤ ਸਕੱਤਰ ਗੁਰਦਿਆਲ ਸਿੰਘ, ਮਨਜੀਤ ਸਿੰਘ ਤਲਵੰਡੀ, ਹਰਭਜਨ ਸਿੰਘ ਵਕਤਾ, ਸੁਖਬੀਰ ਸਿੰਘ, ਸ. ਗੁਰਮੀਤ ਸਿੰਘ ਮੁਕਤਸਰੀ, ਅਜ਼ਾਦ ਦੀਪ ਸਿੰਘ, ਸਤਨਾਮ ਸਿੰਘ ਰਿਆੜ, ਸੁਪਰਡੈਂਟ ਨਿਸ਼ਾਨ ਸਿੰਘ ਤੇ ਹੋਰ ਮੌਜੂਦ ਸਨ।

Related posts

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਲਈ ਜਾਰੀ ਕੀਤਾ ਗ੍ਰਿਫਤਾਰੀ ਵਾਰੰਟ

On Punjab

ਪੰਜਾਬ ਸਥਾਨਕ ਅਤੇ ਵਿਸ਼ਵ ਭਰ ਦੇ ਨਿਵੇਸ਼ਕਾਂ ਲਈ ਪਸੰਦੀਦਾ ਥਾਂ ਵਜੋਂ ਤੇਜ਼ੀ ਨਾਲ ਉੱਭਰ ਰਿਹਾ ਹੈ

On Punjab

ਕੋਰੋਨਾ ਵਾਇਰਸ ਸੰਕਟ ਵਿਚਾਲੇ ਹੱਜ ਨੂੰ ਲੈ ਕੇ ਸਾਊਦੀ ਅਰਬ ਨੇ ਕੀਤੀ ਇਹ ਅਪੀਲ…

On Punjab