ਚੰਡੀਗੜ੍ਹ- ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਨੇ ਰਸਮੀ ਤੌਰ ‘ਤੇ ਐਲਾਨ ਕੀਤਾ ਹੈ ਕਿ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਅੰਤਿਮ ਸੰਸਕਾਰ ਉਦੋਂ ਤੱਕ ਰੋਕ ਦਿੱਤਾ ਗਿਆ ਹੈ, ਜਦੋਂ ਤੱਕ ਅੰਮ੍ਰਿਤਪਾਲ ਨੂੰ ਪੈਰੋਲ ਨਹੀਂ ਮਿਲ ਜਾਂਦੀ। ਦਾਖਾ ਤੋਂ ਵਿਧਾਇਕ ਅਤੇ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦੇ ਪ੍ਰਮੁੱਖ ਆਗੂ ਮਨਪ੍ਰੀਤ ਸਿੰਘ ਇਆਲੀ ਨੇ ਇਸ ਖ਼ਬਰ ਦੀ ਪੁਸ਼ਟੀ ਕੀਤੀ ਹੈ।
ਇਆਲੀ ਨੇ ਕਿਹਾ ਕਿ ਅੰਮ੍ਰਿਤਪਾਲ ਇੱਕ ਚੁਣੇ ਹੋਏ ਸੰਸਦ ਮੈਂਬਰ ਹਨ ਅਤੇ ਉਨ੍ਹਾਂ ਦੇ ਹਲਕੇ ਦੇ ਲੋਕਾਂ ਨੇ ਵੋਟਾਂ ਪਾ ਕੇ ਉਨ੍ਹਾਂ ਨੂੰ ਜਿਤਾਇਆ ਹੈ। ਉਨ੍ਹਾਂ ਸਵਾਲ ਕੀਤਾ, “ਜੇਕਰ ਕਤਲ ਅਤੇ ਜਬਰ-ਜਨਾਹ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਇੱਕ ਵਿਵਾਦਗ੍ਰਸਤ ਡੇਰਾ ਮੁਖੀ ਨੂੰ ਵਾਰ-ਵਾਰ ਪੈਰੋਲ ਅਤੇ ਫਰਲੋ ਦਿੱਤੀ ਜਾ ਸਕਦੀ ਹੈ, ਤਾਂ ਆਪਣੇ ਹਲਕੇ ਦੇ ਲੋਕਾਂ ਵੱਲੋਂ ਚੁਣੇ ਗਏ ਇੱਕ ਆਗੂ ਨੂੰ ਆਪਣੀ ਦਾਦੀ ਦੇ ਸਸਕਾਰ ਵਿੱਚ ਸ਼ਾਮਲ ਹੋਣ ਲਈ ਜ਼ਮਾਨਤ ਦੇਣ ਵਿੱਚ ਕੀ ਦਿੱਕਤ ਹੈ?” ਜ਼ਿਕਰਯੋਗ ਹੈ ਕਿ 87 ਸਾਲਾ ਚਰਨ ਕੌਰ ਦਾ 8 ਨਵੰਬਰ ਨੂੰ ਲੰਮੀ ਬਿਮਾਰੀ ਤੋਂ ਬਾਅਦ ਦੇਹਾਂਤ ਹੋ ਗਿਆ ਸੀ।

