ਖਾਲਿਸਤਾਨੀ ਸਮਰਥਕ (Pro-Khalistan) ਅਤੇ ‘ਵਾਰਿਸ ਪੰਜਾਬ ਦੇ’ (Waris Punjab De) ਸੰਗਠਨ ਦਾ ਮੁਖੀ ਅੰਮ੍ਰਿਤਪਾਲ ਸਿੰਘ (Amritpal Singh) ਅਜੇ ਵੀ ਪੁਲਿਸ ਦੀ ਗ੍ਰਿਫਤ ਤੋਂ ਬਾਹਰ ਹੈ। ਹਾਲਾਂਕਿ ਪੁਲਿਸ ਨੇ ਅੰਮ੍ਰਿਤਪਾਲ ਦੇ ਕਈ ਸਾਥੀਆਂ ‘ਤੇ ਸ਼ਿਕੰਜਾ ਕੱਸਿਆ ਹੋਇਆ ਹੈ। ਪੁਲਿਸ ਨੇ ਅੰਮ੍ਰਿਤਪਾਲ ਦੇ ਚਾਚੇ ਹਰਜੀਤ ਸਿੰਘ ਤੋਂ ਇਲਾਵਾ ਦਲਜੀਤ ਕਲਸੀ, ਬਸੰਤ ਸਿੰਘ, ਗੁਰਮੀਤ ਸਿੰਘ ਭੁਖਨਵਾਲਾ ਤੇ ਭਗਵੰਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਪੰਜਾਬ ਪੁਲਿਸ ਦੀ ਇਕ ਟੀਮ ਹਰਪ੍ਰੀਤ ਨੂੰ ਆਸਾਮ ਦੀ ਡਿਬਰੂਗੜ੍ਹ ਸੈਂਟਰਲ ਜੇਲ੍ਹ ਲੈ ਗਈ ਹੈ। ਹਰਪ੍ਰੀਤ ਤੋਂ ਇਲਾਵਾ ਹੋਰ ਮੁਲਜ਼ਮਾਂ ਨੂੰ ਵੀ ਇੱਥੇ ਲਿਆਂਦਾ ਗਿਆ ਹੈ।

ਚਾਚੇ ਸਮੇਤ ਪੰਜ ਮੁਲਜ਼ਮਾਂ ’ਤੇ ਲੱਗਾ NSA

ਪੰਜਾਬ ਪੁਲਿਸ ਨੇ ਹਰਜੀਤ ਸਿੰਘ ਸਣੇ ਪੰਜ ਜਣਿਆਂ ਖ਼ਿਲਾਫ਼ ਕੌਮੀ ਸੁਰੱਖਿਆ ਐਕਟ (ਰਸੂਕਾ) ਤਹਿਤ ਪਰਚਾ ਦਰਜ ਕੀਤਾ ਹੈ। ਪੁਲਿਸ ਨੇ ਸੋਮਵਾਰ ਨੂੰ ਹਰਜੀਤ ਸਿੰਘ ਅਤੇ ਡਰਾਈਵਰ ਹਰਪ੍ਰੀਤ ਸਿੰਘ ਨੂੰ ਗ੍ਰਿਫਤਾਰ ਕਰ ਲਿਆ। ਹਰਜੀਤ ਨੂੰ ਹਵਾਈ ਜਹਾਜ਼ ਰਾਹੀਂ ਅਸਾਮ ਦੀ ਡਿਬਰੂਗੜ੍ਹ ਸੈਂਟਰਲ ਜੇਲ੍ਹ ਲਿਜਾਇਆ ਗਿਆ। ਇੱਕ ਦਿਨ ਪਹਿਲਾਂ ਅੰਮ੍ਰਿਤਪਾਲ ਦੇ ਚਾਰ ਸਾਥੀਆਂ ਨੂੰ ਵੀ ਉਥੇ ਭੇਜਿਆ ਗਿਆ ਸੀ।

ਦੁਪਹਿਰ 12 ਵਜੇ ਤਕ ਇੰਟਰਨੈੱਟ ਸੇਵਾ ਬੰਦ

ਪੰਜਾਬ ਵਿਚ ਮੋਬਾਈਲ ਇੰਟਰਨੈਟ ਅਤੇ ਐਸਐਮਐਸ ਸੇਵਾਵਾਂ ਉੱਤੇ ਚੱਲ ਰਹੀ ਪਾਬੰਦੀ ਨੂੰ ਵਧਾ ਦਿੱਤਾ ਗਿਆ ਹੈ। ਇਹ ਸੇਵਾਵਾਂ ਹੁਣ ਮੰਗਲਵਾਰ ਦੁਪਹਿਰ 12 ਵਜੇ ਤਕ ਬੰਦ ਰਹਿਣਗੀਆਂ।

ਅੰਮ੍ਰਿਤਪਾਲ ਦਾ ਆਈਐਸਆਈ ਕੁਨੈਕਸ਼ਨ

ਆਈਜੀ (ਹੈੱਡ ਕੁਆਟਰ) ਡਾ. ਸੁਖਚੈਨ ਸਿੰਘ ਗਿੱਲ ਨੇ ਦੱਸਿਆ ਕਿ ਅੰਮ੍ਰਿਤਪਾਲ ਦੀ ਗ੍ਰਿਫ਼ਤਾਰੀ ਤੋਂ ਬਾਅਦ ਉਸ ‘ਤੇ ਐਨਐਸਏ ਵੀ ਲਗਾਇਆ ਜਾ ਸਕਦਾ ਹੈ। ਉਸ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਗਿੱਲ ਨੇ ਦੱਸਿਆ ਕਿ ਹੁਣ ਤਕ ਦੀ ਜਾਂਚ ਵਿਚ ਅੰਮ੍ਰਿਤਪਾਲ ਦਾ ਆਈਐਸਆਈ ਕੁਨੈਕਸ਼ਨ ਸਾਹਮਣੇ ਆਇਆ ਹੈ। ਅੰਮ੍ਰਿਤਪਾਲ ਅਤੇ ਉਸ ਦੇ ਸਾਥੀਆਂ ਨੂੰ ਵਿਦੇਸ਼ਾਂ ਤੋਂ ਫੰਡ ਮਿਲ ਰਿਹਾ ਸੀ। ਹਵਾਲਾ ਰਾਹੀਂ ਉਨ੍ਹਾਂ ਤਕ ਪੈਸੇ ਵੀ ਭੇਜੇ ਜਾਂਦੇ ਸਨ।

ਹੁਣ ਤਕ 114 ਮੁਲਜ਼ਮ ਗ੍ਰਿਫ਼ਤਾਰ

ਅੰਮ੍ਰਿਤਪਾਲ ਦੇ 114 ਸਾਥੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਨ੍ਹਾਂ ਖ਼ਿਲਾਫ਼ ਵੱਖ-ਵੱਖ ਥਾਣਿਆਂ ਵਿਚ ਛੇ ਕੇਸ ਦਰਜ ਹਨ। ਪੁਲਿਸ ਨੇ ਮੁਲਜ਼ਮਾਂ ਕੋਲੋਂ 9 ਰਾਈਫਲਾਂ, ਇੱਕ ਰਿਵਾਲਵਰ ਅਤੇ 430 ਕਾਰਤੂਸ ਬਰਾਮਦ ਕੀਤੇ ਹਨ। ਇਸ ਤੋਂ ਇਲਾਵਾ ਮਰਸਡੀਜ਼ ਸਮੇਤ ਚਾਰ ਵਾਹਨ ਜ਼ਬਤ ਕੀਤੇ ਗਏ ਹਨ।