ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਚੰਡੀਗੜ੍ਹ ਵਿੱਚ ਪੰਜਾਬ ਸਕੂਲ ਸਿੱਖਿਆ ਵਿਭਾਗ ਦੇ 8ਵੀਂ, 10ਵੀਂ ਤੇ 12ਵੀਂ ਦੀਆਂ ਬੋਰਡ ਪ੍ਰੀਖਿਆਵਾਂ ਦੌਰਾਨ ਸਾਰੇ ਜ਼ਿਲ੍ਹਿਆਂ ਵਿੱਚ ਪਹਿਲੇ ਤਿੰਨ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ‘ਸਿਤਾਰੇ ਜ਼ਮੀਨ ’ਤੇ’ ਪ੍ਰੋਗਰਾਮ ਤਹਿਤ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਅੰਮ੍ਰਿਤਸਰ ਦੀ ਇਕ ਵਿਦਿਆਰਥਣ ਵੱਲੋਂ ਬੋਰਡ ਪ੍ਰੀਖਿਆ ਵਿੱਚ ਮੋਹਰੀ ਰਹਿਣ ਵਾਲੇ ਦੀ ਰੈਂਕਿੰਗ ਜਨਮ ਦੇ ਆਧਾਰ ’ਤੇ ਕਰਨ ਦਾ ਵਿਰੋਧ ਕੀਤਾ, ਜਿਸ ’ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਿੱਖਿਆ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਭਵਿੱਖ ਵਿੱਚ ਮੋਹਰੀ ਰਹਿਣ ਵਾਲੇ ਵਿਦਿਆਰਥੀਆਂ ਦੀ ਰੈਂਕਿੰਗ ਜਨਮ ਤਰੀਕ ਦੀ ਥਾਂ ਨੰਬਰਾਂ ਦੇ ਆਧਾਰ ’ਤੇ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਬਰਾਬਰ ਨੰਬਰ ਲੈਣ ਵਾਲੇ ਵਿਦਿਆਰਥੀਆਂ ਨੂੰ ਬਰਾਬਰ ਰੈਂਕ ਦਿੱਤਾ ਜਾਵੇਗਾ। ਮੁੱਖ ਮੰਤਰੀ ਭਗਵੰਤ ਮਾਨ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲ ਹੁਣ ਪਛਾਣ ਲਈ ਸੰਘਰਸ਼ ਨਹੀਂ ਕਰ ਰਹੇ, ਸਗੋਂ ਦੇਸ਼ ਭਰ ਵਿੱਚ ਉੱਤਮਤਾ, ਆਤਮ-ਵਿਸ਼ਵਾਸ ਤੇ ਮੌਕਿਆਂ ਦੇ ਨਵੇਂ ਮਾਪਦੰਡ ਸਥਾਪਤ ਕਰ ਰਹੇ ਹਨ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਸਿੱਖਿਆ ਖੇਤਰ ਵਿੱਚ ਲਗਾਤਾਰ ਸੁਧਾਰ ਕੀਤੇ ਜਾ ਰਹੇ ਹਨ, ਜਿਸ ਸਦਕਾ ਅੱਜ ਪੰਜਾਬ ਕੇਰਲ ਵਰਗੇ ਸੂਬਿਆਂ ਨੂੰ ਪਛਾੜ ਕੇ ਦੇਸ਼ ਦਾ ਮੋਹਰੀ ਸੂਬਾ ਬਣ ਗਿਆ ਹੈ। ਭਵਿੱਖ ਵਿੱਚ ਹੋਰ ਵਧੇਰੇ ਸੁਧਾਰ ਕੀਤੇ ਜਾਣਗੇ, ਜਿਸ ਨਾਲ ਵਿਦਿਆਰਥੀਆਂ ਨੂੰ ਕੈਨੇਡਾ ਤੇ ਆਸਟਰੇਲੀਆ ਜਾਣ ਦੀ ਜ਼ਰੂਰਤ ਨਹੀਂ ਹੋਵੇਗੀ। ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ‘ਆਪ’ ਪੰਜਾਬ ਦੇ ਇੰਚਾਰਜ ਮਨੀਸ਼ ਸਿਸੋਦੀਆ ਨੇ ਕਿਹਾ ਕਿ ਦੇਸ਼ ਦੀ ਪ੍ਰੀਖਿਆ ਪ੍ਰਣਾਲੀ ਵਿੱਚ ਵਿਆਪਕ ਸੁਧਾਰਾਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਪੁਰਾਣੀ ਪ੍ਰੀਖਿਆ ਪ੍ਰਣਾਲੀ ਨੂੰ ਬਦਲਣਾ ਚਾਹੀਦਾ ਹੈ।
ਹੁਣ ਵਿਦਿਆਰਥੀ ਫ਼ਰਸ਼ ’ਤੇ ਬੈਠ ਕੇ ਨਹੀਂ ਪੜ੍ਹਦੇ: ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਚਾਰ ਸਾਲ ਪਹਿਲਾਂ ਸੂਬੇ ਵਿੱਚ ਸਰਕਾਰੀ ਸਕੂਲਾਂ ਦੀ ਹਾਲਤ ਵਧੇਰੇ ਮਾੜੀ ਸੀ। ਉਸ ਸਮੇਂ ਪੰਜਾਬ ਵਿੱਚ ਲਗਪਗ ਚਾਰ ਲੱਖ ਬੱਚੇ ਫਰਸ਼ ’ਤੇ ਬੈਠ ਕੇ ਪੜ੍ਹਦੇ ਸਨ। ਪਰ ਅੱਜ ਪੰਜਾਬ ਸਰਕਾਰ ਦੇ ਯਤਨਾਂ ਸਦਕਾ ਸੂਬੇ ਵਿੱਚ ਇੱਕ ਵੀ ਬੱਚਾ ਫ਼ਰਸ਼ ’ਤੇ ਬੈਠ ਕੇ ਪੜ੍ਹਨ ਲਈ ਮਜਬੂਰ ਨਹੀਂ ਹੈ।

