ਤਿਰੂਵਨੰਤਪੁਰਮ- ਕੇਰਲਾ ਦੇ ਮੁੱਖ ਮੰਤਰੀ ਵੀ ਡੀ ਸਤੀਸ਼ਨ ਨੇ ਬੁੱਧਵਾਰ ਨੂੰ ਇੱਥੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਮੁਲਾਕਾਤ ਕੀਤੀ ਅਤੇ ਕਿਹਾ ਕਿ ਉਹ ਬਿਜਲੀ ਖੇਤਰ ਵਿੱਚ ਸੁਧਾਰਾਂ ਨਾਲ ਜੁੜੀ, ਰੋਕੀ ਗਈ ਕਰਜ਼ਾ ਲੈਣ ਦੀ ਹੱਦ ਨੂੰ ਬਹਾਲ ਕਰਨ ਲਈ ਸਾਂਝੇ ਤੌਰ ‘ਤੇ ਕੇਂਦਰ ਨੂੰ ਅਪੀਲ ਕਰਨਗੇ।ਸਤੀਸ਼ਨ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ‘ਤੇ ਇੱਕ ਪੋਸਟ ਵਿੱਚ ਕਿਹਾ ਕਿ ਉਨ੍ਹਾਂ ਅਤੇ ਹਰਪਾਲ ਚੀਮਾ ਨੇ ਆਪਸੀ ਸਹਿਯੋਗ ਦੇ ਤਰੀਕਿਆਂ ‘ਤੇ ਚਰਚਾ ਕੀਤੀ ਅਤੇ ਬਿਜਲੀ ਖੇਤਰ ਦੇ ਸੁਧਾਰਾਂ ਨਾਲ ਜੋੜ ਕੇ ਰੋਕੀ ਗਈ 0.5 ਫੀਸਦੀ ਕਰਜ਼ਾ ਲੈਣ ਦੀ ਹੱਦ ਨੂੰ ਬਹਾਲ ਕਰਨ ਲਈ ਕੇਂਦਰ ਸਰਕਾਰ ‘ਤੇ ਸਾਂਝੇ ਤੌਰ ‘ਤੇ ਦਬਾਅ ਪਾਉਣ ਲਈ ਸਹਿਮਤੀ ਪ੍ਰਗਟਾਈ। ਕੇਂਦਰ ਸਰਕਾਰ ਨੇ 15ਵੇਂ ਵਿੱਤ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਦੇ ਆਧਾਰ ‘ਤੇ ਸੂਬਾ ਸਰਕਾਰਾਂ ਨੂੰ ਸਾਲ 2021-22 ਤੋਂ 2024-25 ਤੱਕ ਚਾਰ ਸਾਲਾਂ ਲਈ, ਕੁੱਲ ਰਾਜ ਘਰੇਲੂ ਉਤਪਾਦ (GSDP) ਦੇ 0.5 ਫੀਸਦੀ ਤੱਕ ਵਾਧੂ ਕਰਜ਼ਾ ਲੈਣ ਦੀ ਸਹੂਲਤ ਦਿੱਤੀ ਸੀ।
16ਵੇਂ ਵਿੱਤ ਕਮਿਸ਼ਨ ਨੇ ਸ਼ੁਰੂਆਤੀ ਮਿਆਦ ਤੋਂ ਬਾਅਦ ਇਸ ਵਾਧੂ ਕਰਜ਼ਾ ਸਹੂਲਤ ਨੂੰ ਜਾਰੀ ਰੱਖਣ ਦੀ ਸਿਫ਼ਾਰਸ਼ ਨਹੀਂ ਕੀਤੀ ਅਤੇ ਕੇਂਦਰ ਸਰਕਾਰ ਨੇ ਇਸ ਨੂੰ ਸਵੀਕਾਰ ਕਰ ਲਿਆ ਸੀ। ਮੁੱਖ ਮੰਤਰੀ ਨੇ ਦੱਸਿਆ ਕਿ ਮੀਟਿੰਗ ਵਿੱਚ ਕੇਰਲਾ ਦੇ ਸਫਲ ਲਾਟਰੀ ਮਾਡਲ ਦਾ ਅਧਿਐਨ ਕਰਨ ਵਿੱਚ ਪੰਜਾਬ ਦੀ ਦਿਲਚਸਪੀ ਬਾਰੇ ਵੀ ਚਰਚਾ ਕੀਤੀ ਗਈ। ਉਨ੍ਹਾਂ ਨੇ ਮੀਟਿੰਗ ਦੀਆਂ ਤਸਵੀਰਾਂ ਸਾਂਝੀਆਂ ਕਰਦਿਆਂ ਕਿਹਾ, ”ਇਸ ਤੋਂ ਇਲਾਵਾ, ਜੀ ਐੱਸ ਡੀ ਪੀ (GSDP) ਦੀ ਗਣਨਾ ਵਿੱਚ ਕੇਂਦਰ ਵੱਲੋਂ ਕੀਤੇ ਗਏ ਬਦਲਾਵਾਂ ਖਿਲਾਫ਼ ਪੰਜਾਬ ਸਮੇਤ ਸਾਰੇ ਸੂਬਿਆਂ ਨੂੰ ਮਿਲ ਕੇ ਕਦਮ ਚੁੱਕਣ ਦੀ ਅਪੀਲ ਕੀਤੀ ਗਈ ਹੈ, ਕਿਉਂਕਿ ਇਨ੍ਹਾਂ ਬਦਲਾਵਾਂ ਦਾ ਸੂਬਿਆਂ ਦੀ ਆਰਥਿਕ ਸਥਿਤੀ ‘ਤੇ ਬਹੁਤ ਮਾੜਾ ਅਸਰ ਪੈਂਦਾ ਹੈ।”

