75.72 F
New York, US
September 13, 2026
PreetNama
ਸਮਾਜ/Social

SGPC ਦਾ ਅਹਿਮ ਫੈਸਲਾ : ਗੁਰੂ ਸਾਹਿਬਾਨ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਸਬੰਧੀ ਫਿਲਮਾਂ ’ਤੇ ਲਗਾਈ ਪਾਬੰਦੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਿੱਖ ਭਾਵਨਾਵਾਂ ਦੇ ਮੱਦੇਨਜ਼ਰ ਗੁਰੂ ਸਾਹਿਬਾਨ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੇ ਕਿਰਦਾਰ ਨੂੰ ਕਿਸੇ ਵੀ ਤਰ੍ਹਾਂ ਦੀਆਂ ਫਿਲਮਾਂ ਰਾਹੀਂ ਪੇਸ਼ ਕਰਨ ’ਤੇ ਅਗਲੇ ਫੈਸਲੇ ਤੱਕ ਮੁਕੰਮਲ ਰੋਕ ਲਗਾ ਦਿੱਤੀ ਹੈ। ਇਹ ਫੈਸਲਾ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਇਥੇ ਹੋਈ ਧਰਮ ਪ੍ਰਚਾਰ ਕਮੇਟੀ ਦੀ ਇਕੱਤਰਤਾ ਵਿਚ ਲਿਆ ਗਿਆ। ਇਸ ਦੇ ਨਾਲ ਹੀ ਸਿੱਖ ਜਰਨੈਲ ਅਕਾਲੀ ਬਾਬਾ ਫੂਲਾ ਸਿੰਘ ਦੀ 200 ਸਾਲਾ ਸ਼ਹੀਦੀ ਸ਼ਤਾਬਦੀ ਦੇ ਸਮਾਗਮ ਉਲੀਕਣ ਲਈ ਸ਼੍ਰੋਮਣੀ ਕਮੇਟੀ ਅਤੇ ਨਿਹੰਗ ਸਿੰਘ ਦਲਾਂ ਦੇ ਨੁਮਾਇੰਦਿਆਂ ਦੀ ਇਕ ਸਾਂਝੀ ਕਮੇਟੀ ਗਠਤ ਕਰਨ ਦਾ ਵੀ ਫੈਸਲਾ ਲਿਆ ਗਿਆ ਹੈ।

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਧਾਮੀ ਨੇ ਦੱਸਿਆ ਕਿ ਪਿਛਲੇ ਸਮੇਂ ਦੌਰਾਨ ਸਿੱਖ ਗੁਰੂ ਸਾਹਿਬਾਨ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ’ਤੇ ਫਿਲਮਾਂ ਬਣਾਉਣ ਦੇ ਰੁਝਾਨ ਕਾਰਨ ਸਿੱਖ ਸੰਗਤ ਅੰਦਰ ਭਾਰੀ ਰੋਸ ਸਾਹਮਣੇ ਆਇਆ ਹੈ, ਜਿਸ ਦੇ ਮੱਦੇਨਜ਼ਰ ਸ਼੍ਰੋਮਣੀ ਕਮੇਟੀ ਨੇ ਕਿਸੇ ਵੀ ਤਰ੍ਹਾਂ ਦੀਆਂ ਫਿਲਮਾਂ ਰਾਹੀਂ ਗੁਰੂ ਸਾਹਿਬਾਨ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੇ ਕਿਰਦਾਰ ਨੂੰ ਫਿਲਮਾਉਣ ’ਤੇ ਰੋਕ ਲਗਾਈ ਹੈ। ਉਨ੍ਹਾਂ ਕਿਹਾ ਕਿ ਇਸ ਸੰਜੀਦਾ ਮਾਮਲੇ ’ਤੇ ਸ਼੍ਰੋਮਣੀ ਕਮੇਟੀ ਪਾਸ ਸਮੇਂ-ਸਮੇਂ ਵੱਖ-ਵੱਖ ਧਾਰਮਿਕ ਸਭਾ ਸੁਸਾਇਟੀਆਂ ਅਤੇ ਸੰਗਤਾਂ ਦੇ ਇਤਰਾਜ਼ ਪੁੱਜਦੇ ਰਹੇ ਹਨ, ਜਿਸ ਕਰਕੇ ਅਗਲੇ ਫੈਸਲੇ ਤੱਕ ਗੁਰੂ ਸਾਹਿਬਾਨ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਸਬੰਧਤ ਫਿਲਮਾਂ ’ਤੇ ਪਾਬੰਦੀ ਰਹੇਗੀ।ਅਕਾਲੀ ਬਾਬਾ ਫੂਲਾ ਸਿੰਘ ਦੀ ਮਾਰਚ 2023 ’ਚ ਆ ਰਹੀ 200 ਸਾਲਾ ਸ਼ਹੀਦੀ ਸ਼ਤਾਬਦੀ ਬਾਰੇ ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿਚ ਨਿਹੰਗ ਸਿੰਘ ਜਥੇਬੰਦੀਆਂ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਸਾਂਝੇ ਤੌਰ ’ਤੇ ਸਮਾਗਮ ਕੀਤੇ ਜਾਣਗੇ।

ਇਸ ਬਾਰੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ ਨਾਲ ਰਾਇ ਮਸ਼ਵਰੇ ਮਗਰੋਂ ਸਾਂਝੀ ਕਮੇਟੀ ਗਠਤ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਕਮੇਟੀ ਵਿਚ ਸ਼੍ਰੋਮਣੀ ਕਮੇਟੀ ਅਤੇ ਨਿਹੰਗ ਸਿੰਘ ਦਲਾਂ ਦੇ ਤਿੰਨ ਤਿੰਨ ਮੈਂਬਰ ਸ਼ਾਮਲ ਕੀਤੇ ਜਾਣਗੇ। ਐਡਵੋਕੇਟ ਧਾਮੀ ਨੇ ਕਿਹਾ ਕਿ ਧਰਮ ਪ੍ਰਚਾਰ ਲਹਿਰ ਨੂੰ ਹੋਰ ਪ੍ਰਚੰਡ ਕਰਨ ਵਾਸਤੇ ਸਮਾਗਮ ਉਲੀਕੇ ਜਾਣਗੇ। ਇਸ ਸਬੰਧ ਵਿਚ ਇਕ ਵਿਸ਼ੇਸ਼ ਵੈਨ ਤਿਆਰ ਕੀਤੀ ਗਈ ਹੈ, ਜਿਸ ਵਿਚ ਪ੍ਰਚਾਰਕ ਜਥੇ ਪਿੰਡ ਪਿੰਡ ਜਾਣਗੇ। ਖਾਸ ਕਰਕੇ ਸਰਹੱਦੀ ਇਲਾਕਿਆਂ ਵਿਚ ਜ਼ੋਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਿੰਡਾਂ ਅੰਦਰ ਧਾਰਮਿਕ ਦੀਵਾਨਾਂ ਦੇ ਨਾਲ-ਨਾਲ ਪ੍ਰਚਾਰਕ ਜਥੇ ਪਰਿਵਾਰਾਂ ਨਾਲ ਸਿੱਖ ਇਤਿਹਾਸ, ਸਿਧਾਂਤਾਂ ਅਤੇ ਰਹਿਤ ਮਰਯਾਦਾ ਬਾਰੇ ਵਿਚਾਰ ਵਟਾਂਦਰਾ ਕਰਨਗੇ, ਤਾਂ ਜੋ ਸੰਗਤਾਂ ਸਿੱਖੀ ਦੇ ਮੂਲ ਨੂੰ ਅਸਾਨੀ ਨਾਲ ਸਮਝ ਸਕਣ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਧਰਮ ਪ੍ਰਚਾਰ ਲਈ ਤਿਆਰ ਕੀਤੀ ਵੈਨ ਵੀ ਰਵਾਨਾ ਕੀਤੀ, ਜੋ ਸ਼ਹੀਦ ਸਿੱਖ ਮਿਸ਼ਨਰੀ ਕਾਲਜ ਦੀ ਨਿਗਰਾਨੀ ਹੇਠ ਧਰਮ ਪ੍ਰਚਾਰ ਕਾਰਜ ਲਈ ਵਰਤੀ ਜਾਵੇਗੀ।

ਇਸ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਤੇਜਿੰਦਰਪਾਲ ਸਿੰਘ, ਅਵਤਾਰ ਸਿੰਘ ਵਣਵਾਲਾ, ਭਾਈ ਪ੍ਰਿਤਪਾਲ ਸਿੰਘ, ਮਨਜੀਤ ਸਿੰਘ ਬੱਪੀਆਣਾ, ਰਾਮਪਾਲ ਸਿੰਘ ਬਹਿਣੀਵਾਲ, ਧਰਮ ਪ੍ਰਚਾਰ ਲਹਿਰ ਦੇ ਮੁਖੀ ਭਾਈ ਰਜਿੰਦਰ ਸਿੰਘ ਮਹਿਤਾ, ਧਰਮ ਪ੍ਰਚਾਰ ਮਾਝਾ ਜੋਨ ਦੇ ਮੁਖੀ ਭਾਈ ਰਾਮ ਸਿੰਘ, ਸਕੱਤਰ ਪ੍ਰਤਾਪ ਸਿੰਘ, ਓਐਸਡੀ ਸਤਬੀਰ ਸਿੰਘ ਧਾਮੀ, ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਵਧੀਕ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਮੀਤ ਸਕੱਤਰ ਨਿਰਵੈਲ ਸਿੰਘ, ਇੰਚਾਰਜ ਸ਼ਾਹਬਾਜ਼ ਸਿੰਘ, ਵਰਿੰਦਰ ਸਿੰਘ ਠਰੂ, ਕਰਤਾਰ ਸਿੰਘ, ਮਲਕੀਤ ਸਿੰਘ ਬਹਿੜਵਾਲ, ਪ੍ਰਿੰਸੀਪਲ ਬੀਬੀ ਮਨਜੀਤ ਕੌਰ, ਹਰਜਿੰਦਰ ਸਿੰਘ, ਬਿਕਰਮਜੀਤ ਸਿੰਘ ਝੰਗੀ ਆਦਿ ਹਾਜ਼ਰ ਸਨ।

Related posts

ਕੈਨੇਡਾ ’ਚ ਇਕ ਹੋਰ ਸਿੱਖ ਔਰਤ ਦੀ ਹੱਤਿਆ, ਪਤੀ ’ਤੇ ਲੱਗਿਆ ਦੋਸ਼

On Punjab

ਵਿਸ਼ਾਖਾਪਟਨਮ-  ਆਂਧਰਾ ਪ੍ਰਦੇਸ਼ ਦੇ ਵਿਸ਼ਾਖਾਪਟਨਮ (ਵਿਜ਼ਾਗ) ਸਥਿਤ ਇੱਕ ਨਿੱਜੀ ਸਕੂਲ ’ਚ ਇੱਕ ਬੇਹੱਦ ਦੁਖਦਾਈ ਘਟਨਾ ਸਾਹਮਣੇ ਆਈ ਹੈ, ਜਿੱਥੇ ਅਧਿਆਪਕਾ ਵੱਲੋਂ ਕਥਿਤ ਤੌਰ ’ਤੇ ਥੱਪੜ ਮਾਰੇ ਜਾਣ ਤੋਂ ਬਾਅਦ ਛੇ ਸਾਲਾ ਮਾਸੂਮ ਬੱਚੇ ਦੀ ਜਮਾਤ ਵਿੱਚ ਹੀ ਮੌਤ ਹੋ ਗਈ। ਪੁਲੀਸ ਅਨੁਸਾਰ ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਕਿੰਡਰਗਾਰਟਨ (ਕੇ.ਜੀ.) ਦਾ ਵਿਦਿਆਰਥੀ ਆਪਣਾ ਹੋਮਵਰਕ ਚੈੱਕ ਕਰਵਾਉਣ ਲਈ ਅਧਿਆਪਕਾ ਦੀ ਡੈਸਕ ਕੋਲ ਲਾਈਨ ਵਿੱਚ ਖੜ੍ਹਾ ਸੀ। ਸੋਸ਼ਲ ਮੀਡੀਆ ’ਤੇ ਵਾਇਰਲ ਹੋਈ ਇੱਕ ਵੀਡੀਓ ਵਿੱਚ ਦੇਖਿਆ ਜਾ ਸਕਦਾ ਹੈ ਕਿ ਬੱਚਾ ਆਪਣੀ ਸਲੇਟ ਲੈ ਕੇ ਖੜ੍ਹਾ ਸੀ ਅਤੇ ਕਾਫ਼ੀ ਘਬਰਾਇਆ ਹੋਇਆ ਰੋ ਰਿਹਾ ਸੀ। ਅਧਿਆਪਕਾ ਨੇ ਜਦੋਂ ਉਸ ਦੀ ਵਰਦੀ ਨੂੰ ਫੜਿਆ ਤਾਂ ਬੱਚਾ ਹੱਥ ਹਿਲਾ ਕੇ ਵਿਰੋਧ ਕਰਨ ਲੱਗਾ। ਇਸ ਤੋਂ ਬਾਅਦ ਅਧਿਆਪਕਾ ਨੇ ਬੱਚੇ ਨੂੰ ਆਪਣੇ ਵੱਲ ਖਿੱਚ ਕੇ ਕਥਿਤ ਤੌਰ ’ਤੇ ਥੱਪੜ ਮਾਰ ਦਿੱਤਾ। ਥੱਪੜ ਲੱਗਣ ਤੋਂ ਬਾਅਦ ਬੱਚਾ ਕੁਝ ਪਲ ਲਈ ਸ਼ਾਂਤ ਖੜ੍ਹਾ ਰਿਹਾ ਅਤੇ ਫਿਰ ਅਚਾਨਕ ਬੇਹੋਸ਼ ਹੋ ਕੇ ਅਧਿਆਪਕਾ ਦੀ ਗੋਦ ਵਿੱਚ ਡਿੱਗ ਪਿਆ। ਹਾਲਾਂਕਿ ਅਧਿਆਪਕਾ ਨੇ ਉਸ ਨੂੰ ਹੋਸ਼ ਵਿੱਚ ਲਿਆਉਣ ਦੀ ਕੋਸ਼ਿਸ਼ ਕੀਤੀ, ਪਰ ਸਕੂਲ ਸਟਾਫ਼ ਵੱਲੋਂ ਹਸਪਤਾਲ ਲੈ ਕੇ ਜਾਣ ’ਤੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਇਸ ਦਰਦਨਾਕ ਘਟਨਾ ਤੋਂ ਬਾਅਦ ਮਾਸੂਮ ਦੇ ਪਰਿਵਾਰਕ ਮੈਂਬਰਾਂ ਨੇ ਸਕੂਲ ਦੇ ਬਾਹਰ ਧਰਨਾ ਦਿੱਤਾ। ਪਰਿਵਾਰ ਦਾ ਦੋਸ਼ ਹੈ ਕਿ ਅਧਿਆਪਕਾ ਦੇ ਥੱਪੜ ਨਾਲ ਬੱਚਾ ਘਬਰਾ ਗਿਆ ਅਤੇ ਉਸ ਦੀ ਜਾਨ ਗਈ ਹੈ। ਪੁਲੀਸ ਨੇ ਮਾਮਲੇ ਦਾ ਨੋਟਿਸ ਲੈਂਦਿਆਂ ਭਾਰਤੀ ਨਗਰਿਕ ਸੁਰੱਖਿਆ ਸੰਹਿਤਾ (BNSS) ਦੀ ਧਾਰਾ 194 ਤਹਿਤ ਸ਼ੱਕੀ ਮੌਤ ਦਾ ਮਾਮਲਾ ਦਰਜ ਕਰ ਲਿਆ ਹੈ। ਆਂਧਰਾ ਪ੍ਰਦੇਸ਼ ਦੇ ਸਿੱਖਿਆ ਮੰਤਰੀ ਨਾਰਾ ਲੋਕੇਸ਼ ਨੇ ਇਸ ਘਟਨਾ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਬੱਚੇ ਦੀ ਮੌਤ ਬਹੁਤ ਹੀ ਦੁਖਦਾਈ ਹੈ ਅਤੇ ਦੋਸ਼ੀ ਅਧਿਆਪਕਾ ਸਮੇਤ ਸਕੂਲ ਪ੍ਰਬੰਧਕਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਮੰਤਰੀ ਨੇ ‘ਐਕਸ’ ’ਤੇ ਪੋਸਟ ਪਾ ਕੇ ਪੀੜਤ ਪਰਿਵਾਰ ਨਾਲ ਹਮਦਰਦੀ ਜ਼ਾਹਰ ਕੀਤੀ ਅਤੇ ਸਰਕਾਰ ਵੱਲੋਂ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ। ਸਕੂਲ ਸਿੱਖਿਆ ਵਿਭਾਗ ਨੇ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਆਰ.ਜੇ.ਡੀ., ਡੀ.ਈ.ਓ. ਅਤੇ ਆਰ.ਡੀ.ਓ. ’ਤੇ ਆਧਾਰਿਤ ਤਿੰਨ ਮੈਂਬਰੀ ਉੱਚ ਪੱਧਰੀ ਕਮੇਟੀ ਗਠਿਤ ਕਰ ਦਿੱਤੀ ਹੈ, ਜੋ ਘਟਨਾ ਦੀ ਤੱਥਾਂ ਸਮੇਤ ਜਾਂਚ ਕਰੇਗੀ। ਇਸ ਤੋਂ ਇਲਾਵਾ, ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਅਧਿਆਪਕਾਂ ਨੂੰ ਬੱਚਿਆਂ ਨਾਲ ਸੰਵੇਦਨਸ਼ੀਲਤਾ ਅਤੇ ਮਾਨਵਤਾਵਾਦੀ ਪਹੁੰਚ ਨਾਲ ਪੇਸ਼ ਆਉਣ ਲਈ ਜਾਗਰੂਕਤਾ ਪ੍ਰੋਗਰਾਮ ਚਲਾਉਣ ਦੇ ਨਿਰਦੇਸ਼ ਵੀ ਦਿੱਤੇ ਗਏ ਹਨ।

On Punjab

ਅਮਰਨਾਥ ਯਾਤਰਾ ਲਈ ਆਨਲਾਇਨ ਰਜਿਸਟ੍ਰੇਸ਼ਨ ਸ਼ੁਰੂ

On Punjab